ਅੰਮ੍ਰਿਤਸਰ : ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿਵਲ ਸਰਜਨ ਡਾ. ਸਤਿੰਦਰਜੀਤ ਸਿੰਘ ਬਜਾਜ ਵੱਲੋਂ “ਹਰ ਸ਼ੁੱਕਰਵਾਰ ਡੇਂਗੂ ਤੇ ਵਾਰ” ਮੁਹਿੰਮ ਅਧੀਨ ਐਂਟੀ ਲਾਰਵਾ ਗਤੀਵਿਧੀਆਂ, ਫੌਗਿੰਗ, ਸਪਰੇ ਅਤੇ ਲੋਕ ਜਾਗਰੂਕਤਾ ਲਈ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਰਵਾਨਾ ਕੀਤਾ ਗਿਆ। ਇਹ ਟੀਮਾਂ ਸ਼ਹਿਰ ਦੇ ਵੱਖ-ਵੱਖ ਹਾਟਸਪਾਟ ਇਲਾਕਿਆਂ ਵਿੱਚ ਜਾ ਕੇ ਡੇਂਗੂ ਰੋਕਥਾਮ ਸਬੰਧੀ ਜਾਗਰੂਕਤਾ ਫੈਲਾਉਣ ਦੇ ਨਾਲ-ਨਾਲ ਫੌਗਿੰਗ ਅਤੇ ਸਪਰੇ ਦੀ ਕਾਰਵਾਈ ਵੀ ਕਰਨਗੀਆਂ। ਇਸ ਮੌਕੇ ਸਿਵਲ ਸਰਜਨ ਡਾ. ਬਜਾਜ ਨੇ ਕਿਹਾ ਕਿ ਆਉਣ ਵਾਲੇ ਬਰਸਾਤੀ ਮੌਸਮ ਦੌਰਾਨ ਵੱਖ-ਵੱਖ ਥਾਵਾਂ ’ਤੇ ਪਾਣੀ ਇਕੱਠਾ ਹੋਣਾ ਸੁਭਾਵਿਕ ਹੈ, ਪਰ ਜਿੱਥੇ ਪਾਣੀ ਖੜ੍ਹਾ ਹੋਵੇਗਾ ਉੱਥੇ ਮੱਛਰਾਂ ਦੀ ਪੈਦਾਵਾਰ ਵੀ ਵੱਧੇਗੀ। ਉਨ੍ਹਾਂ ਕਿਹਾ ਕਿ ਡੇਂਗੂ ਤੋਂ ਬਚਾਅ ਲਈ ਮੱਛਰਾਂ ਦੀ ਪੈਦਾਵਾਰ ਨੂੰ ਰੋਕਣਾ ਸਭ ਤੋਂ ਜ਼ਰੂਰੀ ਹੈ ਅਤੇ ਇਸ ਲਈ ਹਰ ਨਾਗਰਿਕ ਦੀ ਭੂਮਿਕਾ ਮਹੱਤਵਪੂਰਨ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਹਰ ਸ਼ੁੱਕਰਵਾਰ ਆਪਣੇ ਘਰਾਂ ਅਤੇ ਆਸ-ਪਾਸ ਕੂਲਰਾਂ, ਫਰਿਜਾਂ ਦੀਆਂ ਟ੍ਰੇਆਂ, ਗਮਲਿਆਂ, ਪਾਣੀ ਵਾਲੀਆਂ ਟੈਂਕੀਆਂ ਅਤੇ ਛੱਤਾਂ ’ਤੇ ਪਏ ਨਾਕਾਰਾ ਸਮਾਨ ਵਿੱਚ ਪਾਣੀ ਇਕੱਠਾ ਨਾ ਹੋਣ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਡੇਂਗੂ ਤੋਂ ਬਚਾਅ ਲਈ ਪੂਰੀ ਬਾਹਾਂ ਵਾਲੇ ਕੱਪੜੇ ਪਹਿਨੇ ਜਾਣ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਅਤੇ ਹੋਰ ਸੁਰੱਖਿਆ ਉਪਕਰਣਾਂ ਦੀ ਵਰਤੋਂ ਕੀਤੀ ਜਾਵੇ। ਉਨ੍ਹਾਂ ਲੋਕਾਂ ਨੂੰ ਸਿਹਤ ਵਿਭਾਗ ਵੱਲੋਂ ਚਲਾਈ ਜਾ ਰਹੀ “ਡੇਂਗੂ ਤੇ ਵਾਰ” ਮੁਹਿੰਮ ਵਿੱਚ ਸਰਗਰਮ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ। ਜ਼ਿਲ੍ਹਾ ਐਪੀਡਿਮੋਲੋਜਿਸਟ ਡਾ. ਹਰਜੋਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੇਂਗੂ ਇੱਕ ਵਾਇਰਲ ਬੁਖਾਰ ਹੈ ਜੋ ਏਡੀਜ਼ ਅਜਿਪਟੀ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਸ ਦੇ ਲੱਛਣਾਂ ਵਿੱਚ ਤੇਜ਼ ਬੁਖਾਰ, ਸਿਰ ਦਰਦ, ਮਾਸਪੇਸ਼ੀਆਂ ਅਤੇ ਜੋੜਾਂ ਵਿੱਚ ਦਰਦ, ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ, ਉਲਟੀਆਂ ਅਤੇ ਨੱਕ ਜਾਂ ਮਸੂੜਿਆਂ ਵਿੱਚੋਂ ਖੂਨ ਆਉਣਾ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਡੇਂਗੂ ਦੇ ਲੱਛਣ ਨਜ਼ਰ ਆਉਣ ’ਤੇ ਤੁਰੰਤ ਸਰਕਾਰੀ ਹਸਪਤਾਲ ਵਿੱਚ ਮੁਫ਼ਤ ਜਾਂਚ ਅਤੇ ਇਲਾਜ ਕਰਵਾਇਆ ਜਾਵੇ। ਇਸ ਤੋਂ ਪਹਿਲਾਂ ਜ਼ਿਲ੍ਹਾ ਐਮ.ਈ.ਆਈ.ਓ. ਅਮਰਦੀਪ ਸਿੰਘ ਵੱਲੋਂ ਸਮੂਹ ਆਸ਼ਾ ਵਰਕਰਾਂ ਅਤੇ ਪੈਰਾ ਮੈਡੀਕਲ ਸਟਾਫ ਨੂੰ ਡੇਂਗੂ ਰੋਕਥਾਮ ਅਤੇ ਜਾਗਰੂਕਤਾ ਸਬੰਧੀ ਟ੍ਰੇਨਿੰਗ ਵੀ ਦਿੱਤੀ ਗਈ। ਇਸ ਮੌਕੇ ਸਹਾਇਕ ਮਲੇਰੀਆ ਅਫਸਰ ਗੁਰਦੇਵ ਸਿੰਘ, ਬਲਜੀਤ ਸਿੰਘ, ਐਸ.ਆਈ. ਸੁਖਦੇਵ ਸਿੰਘ, ਹਰਵਿੰਦਰ ਸਿੰਘ, ਹਰਕਮਲ ਸਿੰਘ, ਆਈ.ਸੀ. ਹਰਮੀਤ ਸਿੰਘ, ਬਿਕਰਮਜੀਤ ਸਿੰਘ, ਰਣਜੋਧ ਸਿੰਘ, ਸੰਜੀਵ ਕੁਮਾਰ, ਕੁਲਦੀਪ ਸਿੰਘ, ਕਾਰਪੋਰੇਸ਼ਨ ਤੋਂ ਸੀ.ਐਸ.ਓ. ਮਲਕੀਤ ਸਿੰਘ, ਐਸ.ਆਈ. ਸ਼ਾਮ ਸਿੰਘ, ਸੁਪਰਵਾਈਜ਼ਰ ਪ੍ਰਦੀਪ ਕੁਮਾਰ, ਨਰਸਿੰਗ ਸਟੂਡੈਂਟਸ ਅਤੇ ਆਸ਼ਾ ਵਰਕਰਾਂ ਨੇ ਭਾਗ ਲਿਆ।