ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਸ੍ਰੀ ਹਰਮਨਦੀਪ ਸਿੰਘ ਹਾਂਸ, ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਐੱਸ.ਏ.ਐੱਸ. ਨਗਰ ਅਤੇ ਸ੍ਰੀ ਨਵਨੀਤ ਸਿੰਘ ਮਾਹਲ, ਕਪਤਾਨ ਪੁਲਿਸ ਟ੍ਰੈਫਿਕ ਵੱਲੋਂ ਨਸ਼ਿਆਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਤਹਿਤ ਦਿੱਤੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ. ਕਰਨੈਲ ਸਿੰਘ, ਉਪ ਕਪਤਾਨ ਪੁਲਿਸ ਟ੍ਰੈਫਿਕ ਵੱਲੋਂ ਅੱਜ ਦਿ ਨੋਲੇਜ ਬੱਸ ਸਕੂਲ, ਖਰੜ-ਮੋਹਾਲੀ ਵਿਖੇ ਕਰਵਾਏ ਗਏ ਇਨਵੈਸਟਿਚਰ ਸਮਾਰੋਹ ਵਿੱਚ ਸ਼ਿਰਕਤ ਕੀਤੀ ਗਈ। ਇਸ ਮੌਕੇ ਸ. ਕਰਨੈਲ ਸਿੰਘ ਨੇ ਪੰਜਾਬ ਸਰਕਾਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਚਲਾਈ ਜਾ ਰਹੀ ਮੁਹਿੰਮ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਦੇ ਧਿਆਨ ਵਿੱਚ ਕੋਈ ਵੀ ਵਿਅਕਤੀ ਨਸ਼ਾ ਵੇਚਦਾ ਜਾਂ ਨਸ਼ਾ ਕਰਦਾ ਪਾਇਆ ਜਾਂਦਾ ਹੈ ਤਾਂ ਇਸ ਸਬੰਧੀ ਤੁਰੰਤ ਵਟਸਐਪ ਨੰਬਰ 97791-00200, ਪੁਲਿਸ ਹੈਲਪਲਾਈਨ ਨੰਬਰ 112 ਜਾਂ ਨਜ਼ਦੀਕੀ ਪੁਲਿਸ ਸਟੇਸ਼ਨ ਨੂੰ ਸੂਚਿਤ ਕੀਤਾ ਜਾਵੇ ਤਾਂ ਜੋ ਨਸ਼ਾ ਵੇਚਣ ਵਾਲਿਆਂ ਖਿਲਾਫ ਤੁਰੰਤ ਕਾਰਵਾਈ ਕੀਤੀ ਜਾ ਸਕੇ ਅਤੇ ਨਸ਼ਾ ਕਰਨ ਵਾਲੇ ਵਿਅਕਤੀਆਂ ਦਾ ਇਲਾਜ ਕਰਵਾਇਆ ਜਾ ਸਕੇ। ਉਨ੍ਹਾਂ ਨਸ਼ਿਆਂ ਦੇ ਦੁਰਪ੍ਰਭਾਵਾਂ ਬਾਰੇ ਜਾਗਰੂਕ ਕਰਦਿਆਂ ਕਿਹਾ ਕਿ ਨਸ਼ਾ ਬਰਬਾਦੀ ਦਾ ਕਾਰਨ ਹੈ, ਜਿਸ ਨਾਲ ਆਮ ਲੋਕਾਂ ਦਾ ਜਾਨੀ ਅਤੇ ਮਾਲੀ ਨੁਕਸਾਨ ਹੁੰਦਾ ਹੈ। ਉਪ ਕਪਤਾਨ ਪੁਲਿਸ ਟ੍ਰੈਫਿਕ ਨੇ ਹਾਜ਼ਰ ਵਿਦਿਆਰਥੀਆਂ ਅਤੇ ਹੋਰ ਵਿਅਕਤੀਆਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਵੀ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਾਰਨ ਗੰਭੀਰ ਸੜਕ ਹਾਦਸੇ ਵਾਪਰਦੇ ਹਨ, ਜਿਨ੍ਹਾਂ ਨਾਲ ਜਾਨੀ ਅਤੇ ਮਾਲੀ ਨੁਕਸਾਨ ਹੁੰਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਜੇਕਰ 18 ਸਾਲ ਤੋਂ ਘੱਟ ਉਮਰ ਦਾ ਕੋਈ ਬੱਚਾ ਵਾਹਨ ਚਲਾਉਂਦਾ ਪਾਇਆ ਜਾਂਦਾ ਹੈ ਤਾਂ ਉਸ ਦੇ ਮਾਪਿਆਂ ਨੂੰ ਤਿੰਨ ਸਾਲ ਤੱਕ ਦੀ ਕੈਦ ਅਤੇ 25 ਹਜ਼ਾਰ ਰੁਪਏ ਤੱਕ ਜੁਰਮਾਨਾ ਹੋ ਸਕਦਾ ਹੈ।