ਨਵਾਂਸ਼ਹਿਰ : ਪੰਜਾਬ ਰੋਡਵੇਜ਼ ਪਨਬੱਸ ਅਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਅੱਜ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਭਰ ਦੇ 27 ਡਿਪੂਆਂ 'ਤੇ ਜ਼ੋਰਦਾਰ ਗੇਟ ਰੈਲੀਆਂ ਕੀਤੀਆਂ ਗਈਆਂ। ਇਸੇ ਲੜੀ ਤਹਿਤ ਨਵਾਂਸ਼ਹਿਰ ਡਿਪੂ ਦੇ ਗੇਟ 'ਤੇ ਮੁਲਾਜ਼ਮਾਂ ਨੇ ਇਕੱਠੇ ਹੋ ਕੇ ਪੰਜਾਬ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਵਿਭਾਗ ਵੱਲੋਂ ਜਾਰੀ ਕੀਤੇ ਗਏ 'ਸਪੈਸ਼ਲ ਕਾਡਰ ਪਾਲਸੀ' ਦੇ ਪੱਤਰ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਗਟਾਇਆ। ਗੇਟ ਰੈਲੀ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਨਰਿੰਦਰ ਪੰਡੌਰੀ ਨੇ ਕਿਹਾ ਕਿ ਪੰਜਾਬ ਸਰਕਾਰ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲਗਾਤਾਰ ਨਜ਼ਰਅੰਦਾਜ਼ ਕਰ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਵਿਭਾਗ ਵਿੱਚ ਨਵੀਆਂ ਸਰਕਾਰੀ ਬੱਸਾਂ ਪਾਉਣ ਵਿੱਚ ਫੇਲ੍ਹ ਰਹੀ ਹੈ ਅਤੇ ਹੁਣ 'ਕਿਲੋਮੀਟਰ ਸਕੀਮ' ਤਹਿਤ ਪ੍ਰਾਈਵੇਟ ਬੱਸਾਂ ਪਾ ਕੇ ਵਿਭਾਗ ਦਾ ਨਿੱਜੀਕਰਨ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਵਿੱਚ ਲਗਭਗ 500 ਸਰਕਾਰੀ ਬੱਸਾਂ ਕੰਡਮ ਹੋ ਚੁੱਕੀਆਂ ਹਨ, ਪਰ ਸਰਕਾਰ ਪੁਰਾਣੀਆਂ ਬੱਸਾਂ ਲਈ ਟਾਇਰ ਅਤੇ ਸਪੇਅਰ ਪਾਰਟ ਤੱਕ ਮੁਹੱਈਆ ਨਹੀਂ ਕਰਵਾ ਰਹੀ।
ਜਨਰਲ ਸਕੱਤਰ ਮਹੇਸ਼ ਕੁਮਾਰ ਅਤੇ ਸੂਬਾ ਮੀਤ ਪ੍ਰਧਾਨ ਸੁਲੱਖਣ ਸਿੰਘ ਨੇ ਕਿਹਾ ਕਿ ਸਰਕਾਰ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਬਜਾਏ 'ਸਪੈਸ਼ਲ ਕਾਡਰ ਪਾਲਸੀ' ਧੱਕੇ ਨਾਲ ਲਾਗੂ ਕਰਨਾ ਚਾਹੁੰਦੀ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਜਾਰੀ ਤਾਜ਼ਾ ਪੱਤਰ ਵਿੱਚ ਜਥੇਬੰਦੀ ਦਾ ਨਾਮ ਵਰਤ ਕੇ ਵਰਕਰਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ, ਜਿਸ ਦਾ ਸਖ਼ਤ ਵਿਰੋਧ ਕੀਤਾ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਯੂਨੀਅਨ ਦਾ ਨਾਮ ਗਲਤ ਵਰਤਣ ਵਾਲੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
ਮੁਲਾਜ਼ਮ ਆਗੂਆ ਨੇ ਕਿਹਾ ਕਿ ਜੇਲ੍ਹਾਂ ਵਿੱਚ ਬੰਦ ਸਾਥੀਆਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ।
ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇ ਅਤੇ ਠੇਕੇਦਾਰੀ ਪ੍ਰਥਾ ਖ਼ਤਮ ਕੀਤੀ ਜਾਵੇ।
ਬਰਾਬਰ ਕੰਮ ਬਰਾਬਰ ਤਨਖਾਹ' ਦਾ ਨਿਯਮ ਲਾਗੂ ਹੋਵੇ।ਕਿਲੋਮੀਟਰ ਸਕੀਮ ਦੀਆਂ ਬੱਸਾਂ ਬੰਦ ਕਰਕੇ ਵਿਭਾਗ ਦੀਆਂ ਆਪਣੀਆਂ 10 ਹਜ਼ਾਰ ਬੱਸਾਂ ਪਾਈਆਂ ਜਾਣ।
ਕੈਸ਼ੀਅਰ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਟਰਾਂਸਪੋਰਟ ਮੰਤਰੀ ਵੱਲੋਂ ਹੁਣ 18 ਮਈ ਨੂੰ ਮੀਟਿੰਗ ਲਈ ਸਮਾਂ ਦਿੱਤਾ ਗਿਆ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ 18 ਮਈ ਦੀ ਮੀਟਿੰਗ ਵਿੱਚ ਕੋਈ ਠੋਸ ਹੱਲ ਨਾ ਨਿਕਲਿਆ, ਤਾਂ ਤੁਰੰਤ ਹੜਤਾਲ ਸ਼ੁਰੂ ਕਰ ਦਿੱਤੀ ਜਾਵੇਗੀ। ਇਸ ਤੋਂ ਪਹਿਲਾਂ 17 ਮਈ ਨੂੰ ਲੁਧਿਆਣਾ ਵਿਖੇ ਸੂਬਾ ਕਮੇਟੀ ਦੀ ਮੀਟਿੰਗ ਹੋਵੇਗੀ, ਜਿਸ ਵਿੱਚ ਹੋਰ ਜਥੇਬੰਦੀਆਂ ਨਾਲ ਮਿਲ ਕੇ ਅਗਲੇ ਤਿੱਖੇ ਸੰਘਰਸ਼ ਦੀ ਰਣਨੀਤੀ ਤਿਆਰ ਕੀਤੀ ਜਾਵੇਗੀ।