ਅਜਨਾਲਾ/ਅੰਮ੍ਰਿਤਸਰ : ਦੇਸ਼ ਵਿੱਚ ਲਗਾਤਾਰ ਵਧ ਰਹੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੇ ਆਮ ਲੋਕਾਂ ਦੀਆਂ ਮੁਸ਼ਕਲਾਂ ਹੋਰ ਵਧਾ ਦਿੱਤੀਆਂ ਹਨ। ਮੱਧ ਪੂਰਬ ਵਿੱਚ ਬਣੇ ਤਣਾਅਪੂਰਨ ਹਾਲਾਤ ਅਤੇ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਚੜ੍ਹਦੀਆਂ ਕੀਮਤਾਂ ਦਾ ਸਿੱਧਾ ਅਸਰ ਹੁਣ ਭਾਰਤ ਵਿੱਚ ਵੀ ਵੇਖਣ ਨੂੰ ਮਿਲ ਰਿਹਾ ਹੈ। 15 ਮਈ ਸਵੇਰੇ ਤੇਲ ਕੰਪਨੀਆਂ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ₹3 ਤੋਂ ₹3.60 ਪ੍ਰਤੀ ਲੀਟਰ ਤੱਕ ਵਾਧਾ ਕਰ ਦਿੱਤਾ ਗਿਆ, ਜਿਸ ਤੋਂ ਬਾਅਦ ਕਈ ਸ਼ਹਿਰਾਂ ਵਿੱਚ ਪੈਟਰੋਲ ਦੀ ਕੀਮਤ ₹100 ਪ੍ਰਤੀ ਲੀਟਰ ਤੋਂ ਪਾਰ ਪਹੁੰਚ ਗਈ। ਇਸ ਵਧਦੀ ਮਹਿੰਗਾਈ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਵੱਲੋਂ ਅੰਮ੍ਰਿਤਸਰ ਦੇ ਕ੍ਰਿਸਟਲ ਚੌਂਕ ਸਥਿਤ ਪੈਟਰੋਲ ਪੰਪ ‘ਤੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਬਾਲਣ ਦੀਆਂ ਵਧਦੀਆਂ ਕੀਮਤਾਂ ‘ਤੇ ਗਹਿਰੀ ਚਿੰਤਾ ਜਤਾਈ। ਪ੍ਰਦਰਸ਼ਨ ਵਿੱਚ ਵੱਡੀ ਗਿਣਤੀ ਵਿੱਚ ਆਪ ਵਰਕਰ ਅਤੇ ਸਮਰਥਕ ਮੌਜੂਦ ਰਹੇ। ਆਮ ਆਦਮੀ ਪਾਰਟੀ ਦੇ ਆਗੂਆਂ ਨੇ ਦੋਸ਼ ਲਗਾਇਆ ਕਿ ਕੇਂਦਰ ਦੀ ਮੋਦੀ ਸਰਕਾਰ ਮਹਿੰਗਾਈ ‘ਤੇ ਕਾਬੂ ਪਾਉਣ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ। ਉਹਨਾਂ ਕਿਹਾ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਦਾ ਸਿੱਧਾ ਅਸਰ ਆਮ ਜਨਤਾ ਦੀ ਜੇਬ ‘ਤੇ ਪੈ ਰਿਹਾ ਹੈ। ਬਾਲਣ ਮਹਿੰਗਾ ਹੋਣ ਨਾਲ ਆਵਾਜਾਈ ਦੇ ਖਰਚੇ ਵੱਧਣਗੇ ਅਤੇ ਰੋਜ਼ਮਰ੍ਹਾ ਦੀ ਵਰਤੋਂ ਵਾਲੀਆਂ ਵਸਤੂਆਂ ਦੀਆਂ ਕੀਮਤਾਂ ਵਿੱਚ ਵੀ ਹੋਰ ਵਾਧਾ ਹੋਵੇਗਾ। ਬਾਈਟ: ਕੁਲਦੀਪ ਸਿੰਘ ਧਾਲੀਵਾਲ, ਮੁੱਖ ਬੁਲਾਰਾ ਪੰਜਾਬ ਆਮ ਆਦਮੀ ਪਾਰਟੀ, ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਮਹਿੰਗਾਈ ਬੇਕਾਬੂ ਹੋ ਚੁੱਕੀ ਹੈ ਅਤੇ ਆਮ ਲੋਕਾਂ ਦਾ ਘਰ ਚਲਾਉਣਾ ਮੁਸ਼ਕਲ ਹੋ ਗਿਆ ਹੈ। ਬਾਈਟ: ਪ੍ਰਭਬੀਰ ਸਿੰਘ ਬਰਾੜ, ਜ਼ਿਲ੍ਹਾ ਪ੍ਰਧਾਨ ਆਪ ਪਾਰਟੀ, ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਤੁਰੰਤ ਬਾਲਣ ਦੀਆਂ ਕੀਮਤਾਂ ਘਟਾਉਣ ਲਈ ਕਦਮ ਚੁੱਕਣੇ ਚਾਹੀਦੇ ਹਨ ਤਾਂ ਜੋ ਲੋਕਾਂ ਨੂੰ ਰਾਹਤ ਮਿਲ ਸਕੇ। ਬਾਈਟ: ਡਾ. ਅਜੇ ਗੁਪਤਾ, ਐਮਐਲਏ ਹਲਕਾ ਸੈਂਟਰਲ, ਨੇ ਕਿਹਾ ਕਿ ਵਧਦੀ ਮਹਿੰਗਾਈ ਕਾਰਨ ਹਰ ਵਰਗ ਪ੍ਰਭਾਵਿਤ ਹੋ ਰਿਹਾ ਹੈ ਅਤੇ ਕੇਂਦਰ ਸਰਕਾਰ ਲੋਕਾਂ ਦੀਆਂ ਮੁਸ਼ਕਲਾਂ ਨੂੰ ਨਜ਼ਰਅੰਦਾਜ਼ ਕਰ ਰਹੀ ਹੈ। ਆਮ ਆਦਮੀ ਪਾਰਟੀ ਦੇ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਕੇਂਦਰ ਸਰਕਾਰ ਵੱਲੋਂ ਜਲਦ ਕੀਮਤਾਂ ‘ਤੇ ਕਾਬੂ ਨਾ ਪਾਇਆ ਗਿਆ ਤਾਂ ਪਾਰਟੀ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਹੋਰ ਵੱਡੇ ਪੱਧਰ ‘ਤੇ ਸੰਘਰਸ਼ ਕੀਤਾ ਜਾਵੇਗਾ।