ਸਨੌਰ : ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਤਹਿਤ ਹਲਕਾ ਸਨੌਰ ਦੇ ਪਿੰਡ ਅਸਰਪੁਰ ਤੋਂ ਬਜ਼ੁਰਗ ਸ਼ਰਧਾਲੂਆਂ ਦੀ ਇੱਕ ਬੱਸ ਨੂੰ ਵਾਈਸ ਚੇਅਰਮੈਨ ਸਰਦਾਰ ਹਰਪ੍ਰੀਤ ਸਿੰਘ ਘੁਮਾਣ ਅਤੇ ਗੁਰਪ੍ਰੀਤ ਸਿੰਘ ਸਰਪੰਚ ਵੱਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਦੱਸ ਦੇਈਏ ਕਿ ਇਹ ਬੱਸ ਸ਼ਰਧਾਲੂਆਂ ਨੂੰ ਵੱਖ-ਵੱਖ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਰਵਾਨਾ ਕੀਤੀ ਗਈ ਹੈ, ਜਿਸ ਨੂੰ ਲੈ ਕੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਸ਼ਰਧਾਲੂਆਂ ਨੂੰ ਯਾਤਰਾ ਦੀ ਵਧਾਈ ਦਿੰਦੇ ਹੋਏ ਵਾਈਸ ਚੇਅਰਮੈਨ ਹਰਪ੍ਰੀਤ ਸਿੰਘ ਘੁਮਾਣ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਹਲਕਾ ਇੰਚਾਰਜ ਸਰਦਾਰ ਰਣਜੋਧ ਸਿੰਘ ਹਡਾਣਾ ਦੀ ਯੋਗ ਅਗਵਾਈ ਹੇਠ ਹਲਕੇ ਦੇ ਹਰ ਪਿੰਡ ਤੱਕ ਸਰਕਾਰ ਦੀਆਂ ਲੋਕ-ਭਲਾਈ ਸਕੀਮਾਂ ਪਹੁੰਚਾਈਆਂ ਜਾ ਰਹੀਆਂ ਹਨ। ਇਹ ਤੀਰਥ ਯਾਤਰਾ ਸਕੀਮ ਉਨ੍ਹਾਂ ਬਜ਼ੁਰਗਾਂ ਲਈ ਵਰਦਾਨ ਸਾਬਿਤ ਹੋ ਰਹੀ ਹੈ, ਜੋ ਆਰਥਿਕ ਤੰਗੀ ਕਾਰਨ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਤੋਂ ਵਾਂਝੇ ਰਹਿ ਜਾਂਦੇ ਸਨ। ਹੁਣ ਸਰਕਾਰ ਆਪਣੇ ਖ਼ਰਚੇ 'ਤੇ ਬਜ਼ੁਰਗਾਂ ਨੂੰ ਵੀਆਈਪੀ ਸਹੂਲਤਾਂ ਸਹਿਤ ਯਾਤਰਾ ਕਰਵਾ ਰਹੀ ਹੈ। ਘੁਮਾਣ ਨੇ ਦੱਸਿਆ ਕਿ ਯਾਤਰਾ ਦੌਰਾਨ ਸ਼ਰਧਾਲੂਆਂ ਦੇ ਰਹਿਣ, ਖਾਣ-ਪੀਣ ਅਤੇ ਆਉਣ-ਜਾਣ ਦਾ ਸਾਰਾ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਬਿਲਕੁਲ ਮੁਫ਼ਤ ਕੀਤਾ ਗਿਆ ਹੈ। ਉਨ੍ਹਾਂ ਬਜ਼ੁਰਗਾਂ ਤੋਂ ਅਸੀਸਾਂ ਲੈਂਦੇ ਹੋਏ ਉਨ੍ਹਾਂ ਦੀ ਸੁਖਾਵੀਂ ਯਾਤਰਾ ਲਈ ਅਰਦਾਸ ਕੀਤੀ। ਇਸ ਮੌਕੇ ਪਿੰਡ ਅਸਰਪੁਰ ਦੇ ਬਜ਼ੁਰਗਾਂ ਅਤੇ ਪਿੰਡ ਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਅਤੇ ਵਾਈਸ ਚੇਅਰਮੈਨ ਹਰਪ੍ਰੀਤ ਘੁਮਾਣ ਦਾ ਵਿਸ਼ੇਸ਼ ਧੰਨਵਾਦ ਕੀਤਾ।
ਫੋਟੋ ਕੈਪਸ਼ਨ: ਪਿੰਡ ਅਸਰਪੁਰ ਵਿਖੇ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਦੇ ਹੋਏ ਵਾਈਸ ਚੇਅਰਮੈਨ ਹਰਪ੍ਰੀਤ ਸਿੰਘ ਘੁਮਾਣ ਅਤੇ ਹੋਰ ਪਤਵੰਤੇ ਸੱਜਣ।