ਖਰੜ : ਪੀ.ਐਚ.ਸੀ. ਘੜੂੰਆਂ ਦੇ ਸੀਨੀਅਰ ਮੈਡੀਕਲ ਅਫਸਰ ਡਾ. ਪ੍ਰੀਤ ਮੋਹਨ ਸਿੰਘ ਖੁਰਾਣਾ ਦੀ ਅਗਵਾਈ ਹੇਠ ਪੀ.ਐਚ.ਸੀ. ਘੜੂੰਆਂ ਵਿਖੇ ਵਿਸ਼ਵ ਡੇਂਗੂ ਦਿਵਸ ਮਨਾਇਆ ਗਿਆ। ਇਸ ਮੌਕੇ ਲੋਕਾਂ ਨੂੰ ਡੇਂਗੂ ਦੇ ਇਲਾਜ ਅਤੇ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ। ਇਸ ਜਾਗਰੂਕਤਾ ਮੁਹਿੰਮ ਵਿੱਚ ਨਰਸਿੰਗ ਵਿਦਿਆਰਥੀਆਂ ਨੇ ਵੀ ਉਤਸ਼ਾਹ ਨਾਲ ਭਾਗ ਲਿਆ ਅਤੇ ਲੋਕਾਂ ਨੂੰ ਡੇਂਗੂ ਪ੍ਰਤੀ ਜਾਗਰੂਕ ਕਰਨ ਵਿੱਚ ਆਪਣਾ ਯੋਗਦਾਨ ਪਾਇਆ। ਐਸ.ਐਮ.ਓ. ਨੇ ਕਿਹਾ ਕਿ ਡੇਂਗੂ ਇੱਕ ਮੱਛਰਾਂ ਰਾਹੀਂ ਫੈਲਣ ਵਾਲੀ ਬਿਮਾਰੀ ਹੈ ਜਿਸ ਤੋਂ ਬਚਾਅ ਲਈ ਲੋਕਾਂ ਦੀ ਜਾਗਰੂਕਤਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਹਰ ਵਿਅਕਤੀ ਨੂੰ ਆਪਣੇ ਘਰ ਅਤੇ ਆਲੇ-ਦੁਆਲੇ ਸਫਾਈ ਦਾ ਖਾਸ ਧਿਆਨ ਰੱਖਣਾ ਚਾਹੀਦਾ ਹੈ ਅਤੇ ਕਿਤੇ ਵੀ ਇੱਕ ਹਫ਼ਤੇ ਤੋਂ ਵੱਧ ਸਮੇਂ ਲਈ ਪਾਣੀ ਖੜ੍ਹਾ ਨਹੀਂ ਰਹਿਣ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੂਲਰਾਂ ਨੂੰ ਹਫ਼ਤੇ ਵਿੱਚ ਘੱਟੋ-ਘੱਟ ਇੱਕ ਦਿਨ ਪੂਰੀ ਤਰ੍ਹਾਂ ਸੁੱਕਾ ਕਰਨਾ ਚਾਹੀਦਾ ਹੈ ਅਤੇ ਗਮਲਿਆਂ ਵਿੱਚ ਲੋੜ ਅਨੁਸਾਰ ਹੀ ਪਾਣੀ ਪਾਉਣਾ ਚਾਹੀਦਾ ਹੈ।ਉਨ੍ਹਾਂ ਅੱਗੇ ਕਿਹਾ ਕਿ ਲੋਕ ਪੂਰਾ ਸਰੀਰ ਢੱਕਣ ਵਾਲੇ ਕੱਪੜੇ ਪਹਿਨਣ ਤਾਂ ਜੋ ਮੱਛਰ ਦੇ ਕੱਟਣ ਤੋਂ ਬਚਿਆ ਜਾ ਸਕੇ। ਇਸ ਤੋਂ ਇਲਾਵਾ ਜੇਕਰ ਕਿਸੇ ਵਿਅਕਤੀ ਨੂੰ ਬੁਖਾਰ ਜਾਂ ਡੇਂਗੂ ਵਰਗੇ ਲੱਛਣ ਮਹਿਸੂਸ ਹੁੰਦੇ ਹਨ ਤਾਂ ਤੁਰੰਤ ਨਜ਼ਦੀਕੀ ਸਿਹਤ ਸੰਸਥਾ ਵਿੱਚ ਜਾ ਕੇ ਖੂਨ ਦੀ ਜਾਂਚ ਕਰਵਾਉਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਡੇਂਗੂ ਦੀ ਜਾਂਚ ਮੁਫ਼ਤ ਕੀਤੀ ਜਾਂਦੀ ਹੈ।ਇਸ ਮੌਕੇ ਡੇਂਗੂ ਰੋਕਥਾਮ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਵਧੀਆ ਕੰਮ ਕਰਨ ਵਾਲੇ ਸਿਹਤ ਕਰਮਚਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਸਰਟੀਫਿਕੇਟ ਵੀ ਵੰਡੇ ਗਏ।ਇਸ ਮੌਕੇ ਮੈਡੀਕਲ ਅਫਸਰ ਡਾ. ਸਰੋਜ, ਸਟਾਫ ਨਰਸ ਰਿਸ਼ਮਜੀਤ ਕੌਰ, ਸੈਨੇਟਰੀ ਇੰਸਪੈਕਟਰ ਦਵਿੰਦਰ ਸਿੰਘ, ਹੈਲਥ ਵਰਕਰ ਮਨਪ੍ਰੀਤ ਸਿੰਘ, ਬਲਜਿੰਦਰ ਸਿੰਘ ਅਤੇ ਹੋਰ ਸਟਾਫ ਮੈਂਬਰ ਵੀ ਹਾਜ਼ਰ ਸਨ।