ਸੁਨਾਮ : ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ, ਸੁਨਾਮ ਵਿਖੇ ਪ੍ਰਿੰਸਪਲ ਸ਼ਾਮ ਸੁੰਦਰ ਸ਼ਰਮਾ ਦੀ ਰਹਿਨੁਮਾਈ ਹੇਠ ਸਮਾਜ ਸ਼ਾਸਤਰ ਵਿਭਾਗ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਦਿਆਰਥੀਆਂ ਦੇ ਲੇਖ ਰਚਨਾ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਨਾਲ ਭਾਗ ਲਿਆ। ਇਸ ਮੁਕਾਬਲੇ ਦਾ ਮੁੱਖ ਵਿਸ਼ਾ "ਗੁਰੂ ਰਵਿਦਾਸ ਜੀ ਦਾ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ" ਰੱਖਿਆ ਗਿਆ ਸੀ। ਵਿਦਿਆਰਥੀਆਂ ਨੇ ਆਪਣੇ ਲੇਖਾਂ ਰਾਹੀਂ ਗੁਰੂ ਜੀ ਦੁਆਰਾ ਦਰਸਾਏ ਗਏ ਮਾਨਵਤਾ, ਬਰਾਬਰੀ ਅਤੇ ਪ੍ਰੇਮ ਦੇ ਮਾਰਗ ਨੂੰ ਬਹੁਤ ਹੀ ਖ਼ੂਬਸੂਰਤ ਸ਼ਬਦਾਂ ਵਿੱਚ ਬਿਆਨ ਕੀਤਾ। ਉਨ੍ਹਾਂ ਨੇ ਗੁਰੂ ਜੀ ਦੇ 'ਬੇਗਮਪੁਰਾ' ਦੇ ਸੰਕਲਪ ਅਤੇ ਸਮਾਜਿਕ ਕੁਰੀਤੀਆਂ ਵਿਰੁੱਧ ਉਨ੍ਹਾਂ ਦੇ ਯੋਗਦਾਨ 'ਤੇ ਚਾਨਣਾ ਪਾਇਆ। ਮੁਕਾਬਲੇ ਦੇ ਅੰਤ ਵਿੱਚ ਜੱਜਾਂ ਦੀ ਭੂਮਿਕਾ ਨਿਭਾ ਰਹੇ ਪ੍ਰੋ. ਸੁਮਨਦੀਪ ਕੌਰ ਅਤੇ ਪ੍ਰੋ. ਤਨਵੀਰ ਨੇ ਸਰਵੋਤਮ ਲੇਖਾਂ ਦੀ ਚੋਣ ਕੀਤੀ । ਜਿਸ ਵਿੱਚ ਜਸ਼ਨਪ੍ਰੀਤ ਕੌਰ ਬੀ. ਏ. ਭਾਗ ਤੀਜਾ ਨੇ ਪਹਿਲਾ, ਦਿਲਪ੍ਰੀਤ ਕੌਰ ਬੀ. ਏ. ਭਾਗ ਦੂਜਾ ਨੇ ਦੂਜਾ ਸਿਮਰਨਜੀਤ ਕੌਰ ਅਤੇ ਮੰਜੁ ਰਾਣੀ ਭਾਗ ਦੂਜਾ ਨੇ ਤੀਜਾ ਸਥਾਨ ਹਾਸਿਲ ਕੀਤਾ । ਸਕੂਲ ਦੇ ਪ੍ਰਿੰਸੀਪਲ ਨੇ ਜੇਤੂ ਵਿਦਿਆਰਥੀਆਂ ਨੂੰ ਯਾਦਗਾਰੀ ਚਿੰਨ੍ਹ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸ਼੍ਰੀ ਸ਼ਾਮ ਸੁੰਦਰ ਸ਼ਰਮਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਜਿਹੇ ਮੁਕਾਬਲੇ ਕਰਵਾਉਣ ਦਾ ਮੁੱਖ ਮਕਸਦ ਨਵੀਂ ਪੀੜ੍ਹੀ ਨੂੰ ਆਪਣੇ ਮਹਾਨ ਗੁਰੂਆਂ ਅਤੇ ਰਹਿਬਰਾਂ ਦੇ ਜੀਵਨ ਦਰਸ਼ਨ ਨਾਲ ਜੋੜਨਾ ਹੈ। ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਜੀ ਦੀ ਬਾਣੀ ਅੱਜ ਦੇ ਸਮੇਂ ਵਿੱਚ ਵੀ ਪੂਰੀ ਤਰ੍ਹਾਂ ਸਾਰਥਕ ਹੈ ਅਤੇ ਸਾਨੂੰ ਉਨ੍ਹਾਂ ਦੇ ਦੱਸੇ ਹੋਏ 'ਸੱਚ' ਦੇ ਮਾਰਗ 'ਤੇ ਚੱਲਣ ਦੀ ਲੋੜ ਹੈ। ਇਸ ਪ੍ਰੋਗਰਾਮ ਦੌਰਾਨ ਵਾਇਸ ਪ੍ਰਿੰਸੀਪਲ ਡਾ. ਅਚਲਾ, ਪ੍ਰੋ. ਪਾਰੁਲ, ਪ੍ਰੋ. ਸਤਿੰਦਰ ਸਿੰਘ ਸਮੇਤ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।