ਅੰਮ੍ਰਿਤਸਰ, 17 ਮਈ — ਗੁਰਪ੍ਰੀਤ ਸਿੰਘ ਡੱਬ ਅੰਮ੍ਰਿਤਸਰ ਦੇ ਸੁਲਤਾਨ ਵਿੰਡ ਰੋਡ ਵਿਖੇ ਆਲ ਇੰਡੀਆ ਸਵਰਨਕਾਰ ਸਮਾਜ ਅਤੇ ਜਵੈਲਰਜ਼ ਐਸੋਸੀਏਸ਼ਨ ਅੰਮ੍ਰਿਤਸਰ ਵੱਲੋਂ ਇੱਕ ਹੰਗਾਮੀ ਮੀਟਿੰਗ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਜਵੈਲਰ ਭਾਈਚਾਰੇ ਨੂੰ ਆ ਰਹੀਆਂ ਸਮੱਸਿਆਵਾਂ, ਸੁਰੱਖਿਆ ਸੰਬੰਧੀ ਚੁਣੌਤੀਆਂ ਅਤੇ ਕਾਰੋਬਾਰ ਨਾਲ ਜੁੜੇ ਅਹਿਮ ਮਸਲਿਆਂ ‘ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਆਲ ਇੰਡੀਆ ਸਵਰਨਕਾਰ ਸਮਾਜ ਦੇ ਰਾਸ਼ਟਰੀ ਪ੍ਰਧਾਨ ਸ਼੍ਰੀ ਮੁਕੁਲ ਵਰਮਾ, ਰਾਸ਼ਟਰੀ ਪ੍ਰਭਾਰੀ ਸੁਧੀਰ ਸੋਨੀ ਅਤੇ ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਸਵਰਨਕਾਰ ਅਤੇ ਜਵੈਲਰ ਭਾਈਚਾਰੇ ਨੂੰ ਇਕੱਠੇ ਹੋ ਕੇ ਕੰਮ ਕਰਨ ਦੀ ਲੋੜ ਹੈ, ਤਾਂ ਜੋ ਦੂਜੇ ਸੂਬਿਆਂ ਵਿੱਚ ਸੋਨਾ-ਚਾਂਦੀ ਦੇ ਕਾਰੋਬਾਰ ਦੌਰਾਨ ਵਪਾਰੀਆਂ ਨੂੰ ਆਉਣ ਵਾਲੀਆਂ ਮੁਸ਼ਕਲਾਂ ਦਾ ਹੱਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਕਈ ਵਾਰ ਵਪਾਰੀਆਂ ਨੂੰ ਪੁਲਿਸੀ ਕਾਰਵਾਈ ਜਾਂ ਹੋਰ ਕਾਰਨਾਂ ਕਰਕੇ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ, ਜਦਕਿ ਲੁੱਟਖੋਹ ਦੀਆਂ ਘਟਨਾਵਾਂ ਵੀ ਚਿੰਤਾ ਦਾ ਵਿਸ਼ਾ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਜਲਦ ਹੀ ਡੀਸੀ ਅੰਮ੍ਰਿਤਸਰ ਨਾਲ ਸੰਗਠਨ ਦੀ ਮੀਟਿੰਗ ਕਰਵਾਈ ਜਾਵੇਗੀ, ਤਾਂ ਜੋ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਹੱਲ ਕੱਢਿਆ ਜਾ ਸਕੇ।
ਇਸ ਮੌਕੇ ਆਲ ਇੰਡੀਆ ਸਵਰਨਕਾਰ ਸਮਾਜ ਦੇ ਰਾਸ਼ਟਰੀ ਪ੍ਰਭਾਰੀ ਸੁਧੀਰ ਸੋਨੀ ਨੇ ਕਿਹਾ ਕਿ ਸੰਗਠਨ ਦੇਸ਼ ਭਰ ਵਿੱਚ ਸੁਨਿਆਰੇ ਭਾਈਚਾਰੇ ਨੂੰ ਇਕਜੁੱਟ ਕਰਨ ਲਈ ਲਗਾਤਾਰ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਜਵੈਲਰ ਭਾਈਚਾਰੇ ਦੀ ਏਕਤਾ ਨਾਲ ਨਾ ਸਿਰਫ਼ ਚੋਰਾਂ ਅਤੇ ਬਦਮਾਸ਼ ਤੱਤਾਂ ਨੂੰ ਰੋਕਿਆ ਜਾ ਸਕਦਾ ਹੈ, ਸਗੋਂ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਹੱਲ ਵੀ ਆਸਾਨੀ ਨਾਲ ਹੋ ਸਕਦਾ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੋਨਾ ਖਰੀਦਣ ਸਬੰਧੀ ਬਿਆਨ ਦਾ ਹਵਾਲਾ ਦਿੰਦਿਆਂ ਕਿਹਾ ਕਿ ਲੋਕ ਨਵਾਂ ਸੋਨਾ ਖਰੀਦਣ ਦੀ ਬਜਾਏ ਪੁਰਾਣੇ ਸੋਨੇ ਨੂੰ ਦੁਬਾਰਾ ਤਿਆਰ ਕਰਵਾ ਸਕਦੇ ਹਨ, ਜਿਸ ਨਾਲ ਸੁਨਿਆਰੇ ਭਾਈਚਾਰੇ ਦਾ ਕਾਰੋਬਾਰ ਵੀ ਜਾਰੀ ਰਹੇਗਾ।
ਸੰਗਠਨ ਦੇ ਰਾਸ਼ਟਰੀ ਪ੍ਰਧਾਨ ਸ਼੍ਰੀ ਮੁਕੁਲ ਵਰਮਾ ਨੇ ਕਿਹਾ ਕਿ ਅੰਮ੍ਰਿਤਸਰ ਵਿੱਚ ਸੰਗਠਨ ਦੀਆਂ ਨਵੀਆਂ ਨਿਯੁਕਤੀਆਂ ਕਰਕੇ ਇਸ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਵਿੱਚ ਸੰਗਠਨ ਦੇ ਲਗਭਗ ਇੱਕ ਹਜ਼ਾਰ ਮੈਂਬਰ ਹਨ ਅਤੇ ਦੂਜੇ ਸੂਬਿਆਂ ਵਿੱਚ ਕਾਰੋਬਾਰ ਕਰਨ ਵਾਲੇ ਵਪਾਰੀਆਂ ਨੂੰ ਪਹਿਚਾਣ ਪੱਤਰ ਜਾਰੀ ਕੀਤੇ ਜਾਣਗੇ, ਤਾਂ ਜੋ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਐਮਐਸਐਮਈ ਰਾਹੀਂ ਲੋਕਾਂ ਨੂੰ ਰੋਜ਼ਗਾਰ ਅਤੇ ਲੋਨ ਮੁਹੱਈਆ ਕਰਵਾਉਣ ਲਈ ਵੀ ਯਤਨ ਕੀਤੇ ਜਾਣਗੇ।
ਇਸ ਮੌਕੇ ਗੁਰਸੇਵਕ ਸਿੰਘ, ਗੁਰਮੀਤ ਸਿੰਘ, ਦਵਿੰਦਰ ਸਿੰਘ ਜੌੜਾ, ਦਵਿੰਦਰ ਸਿੰਘ ਸਦਿਓੜਾ, ਲੋਕੇਸ਼ ਅਗਰਵਾਲ, ਮਹੇਸ਼ ਜੀ, ਗੁਰਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸੰਗਠਨ ਦੇ ਅਹੁਦੇਦਾਰ ਅਤੇ ਮੈਂਬਰ ਮੌਜੂਦ ਸਨ।