ਲੁਧਿਆਣਾ : ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਗਿੱਲ ਤੋਂ ਮੁੱਖ ਸੇਵਾਦਾਰ ਹਰਪ੍ਰੀਤ ਸਿੰਘ ਸਿਮਕ ਨੇ ਸਰਕਲ ਪ੍ਰਧਾਨ ਗੁਰਜੀਤ ਸਿੰਘ ਲਹਿਰਾ ਦੀ ਅਗਵਾਈ ਵਿੱਚ ਰੱਖੀ ਪਿੰਡ ਖਾਨਪੁਰ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਵੱਖ-ਵੱਖ ਆਗੂਆਂ ਨਾਲ ਅਹਿਮ ਮੀਟਿੰਗ ਕੀਤੀ।ਇਸ ਦੌਰਾਨ ਹਰਪ੍ਰੀਤ ਸਿੰਘ ਸਿਮਕ ਨੇ ਪੱਤਰਕਾਰਾਂ ਨਾਲ ਗੱਲ ਬਾਤ ਕਰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਪੰਜਾਬ ਦੇ ਹਰੇਕ ਵਰਗ ਦੇ ਲੋਕਾਂ ਨਾਲ ਵਾਅਦੇ ਕੀਤੇ ਸਨ ਤੇ ਆਪਣੇ ਚਾਰ ਵਰ੍ਹਿਆਂ ਦੇ ਰਾਜ ਦੌਰਾਨ ਵੀ ਸਰਕਾਰ ਲੋਕਾਂ ਨਾਲ ਕੀਤਾ ਇਕ ਵੀਂ ਵਾਅਦਾ ਪੂਰਾ ਕਰਨ ਵਿਚ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਜਿੱਥੋਂ ਤੱਕ ਅਮਨ ਕਾਨੂੰਨ ਦੀ ਸਥਿਤੀ ਦਾ ਸਵਾਲ ਹੈ, ਪੰਜਾਬ ਵਿਚ ਕੋਈ ਵੀ ਵਿਅਕਤੀ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰ ਰਿਹਾ, ਕਿਉਂਕਿ ਆਏ ਦਿਨ ਕਤਲ, ਲੁੱਟ ਖੋਹ ਤੇ ਫਿਰੌਤੀ ਲੈਣ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ ਤੇ ਪਹਿਲਾਂ ਨਾਲੋਂ ਵਾਧਾ ਹੋਇਆ ਹੈ ਤੇ ਸਰਕਾਰ ਹਰ ਮੁਹਾਜ਼ 'ਤੇ ਬੁਰੀ ਤਰ੍ਹਾਂ ਫੇਲ੍ਹ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਵਲੋਂ ਗੈਂਗਸਟਰਾਂ ਵਿਰੁੱਧ ਕੋਈ ਠੋਸ ਕਾਰਵਾਈ ਨਾ ਕੀਤੇ ਜਾਣ ਕਾਰਨ ਸਮਾਜ ਵਿਰੋਧੀ ਅਨਸਰਾਂ ਦੇ ਹੌਸਲੇ ਵੱਧ ਰਹੇ ਹਨ ਤੇ ਰਾਜ ਕੇ ਦੇ ਲੋਕ ਆਪਣੇ ਆਪ ਨੂੰ ਅਣਸੁਰੱਖਿਅਤ ਮਹਿਸੂਸ ਕਰ ਰਹੇ ਹਨ। ਉਨ੍ਹਾਂ ਪੰਜਾਬ ਸਰਕਾਰ ਤੇ ਪੁਲਿਸ ਪੁਸ਼ਾਸਨ ਨੂੰ ਜ਼ੋਰ ਦੇ ਕੇ ਕਿਹਾ ਕਿ ਉਹ ਰਾਜ ਵਿਚ ਵਿਗੜ ਰਹੀ ਕਾਨੂੰਨ ਵਿਵਸਥਾ ਨੂੰ ਬਹਾਲ ਕਰਨ ਲਈ ਠੋਸ ਕਦਮ ਚੁੱਕੇ।
ਹਰਪ੍ਰੀਤ ਸਿੰਘ ਸਿਮਕ ਨੇ ਅੱਗੇ ਗੱਲਬਾਤ ਕਰਦੇ ਹੋਏ ਕਿਹਾ ਕਿ ਜੇਕਰ ਗੱਲ ਕਰੀਏ ਸ਼੍ਰੋਮਣੀ ਅਕਾਲੀ ਦਲ ਦੀ ਤਾਂ ਸ਼੍ਰੋਮਣੀ ਅਕਾਲੀ ਦਲ ਦਾ ਹਰ ਇੱਕ ਵਰਕਰ ਪਾਰਟੀ ਦੀ ਮਜਬੂਤੀ ਲਈ ਦਿਨ ਰਾਤ ਇੱਕ ਕਰ ਰਿਹਾ ਹੈ ਉਹਨਾਂ ਦੱਸਿਆ ਕਿ ਇੱਕ ਵਿਸ਼ੇਸ਼ ਮਹਿਮ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਪਾਰਟੀ ਦੀਆਂ ਨੀਤੀਆਂ ਘਰ ਘਰ ਪਹੁੰਚਾ ਕੇ ਪੰਜਾਬ ਦੇ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਜੋੜ ਰਹੇ ਹਨ।