ਖਨੌਰੀ : ਨਗਰ ਪੰਚਾਇਤ ਖਨੌਰੀ ਦਫ਼ਤਰ ਵਿਖੇ ਸਫਾਈ ਮਜ਼ਦੂਰ ਯੂਨੀਅਨ ਅਤੇ ਪੰਜਾਬ ਮਿਊਸਪਲ ਆਊਟਸੋਰਸ ਇੰਪਲਾਈਜ਼ ਯੂਨੀਅਨ ਪੰਜਾਬ ਦੇ ਦਫ਼ਤਰੀ ਕਰਮਚਾਰੀਆਂ ਵੱਲੋਂ ਕਲਮ ਛੋੜ ਹੜਤਾਲ ਕੀਤੀ ਹੋਈ । ਹੜਤਾਲ ਦੌਰਾਨ ਕਰਮਚਾਰੀਆਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕੀਤਾ। ਇਸ ਮੌਕੇ ਨਗਰ ਪੰਚਾਇਤ ਖਨੌਰੀ ਦੀ ਪ੍ਰਧਾਨ ਸ੍ਰੀਮਤੀ ਰੀਤੂ ਰਾਣੀ ਅਤੇ ਬਰਜਿੰਦਰ ਕੁਮਾਰ ਵੱਲੋਂ ਹੜਤਾਲ ਵਿੱਚ ਸ਼ਮੂਲੀਅਤ ਕਰਦੇ ਹੋਏ ਕਰਮਚਾਰੀਆਂ ਦੀ ਹਾਜ਼ਰੀ ਲਗਵਾਈ ਗਈ ਅਤੇ ਸਫਾਈ ਸੇਵਕਾਂ ਤੇ ਦਫ਼ਤਰੀ ਸਟਾਫ ਦਾ ਹਾਲ-ਚਾਲ ਪੁੱਛਿਆ ਗਿਆ।
ਪ੍ਰਧਾਨ ਰੀਤੂ ਰਾਣੀ ਨੇ ਪੰਜਾਬ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਕਰਮਚਾਰੀਆਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਜਿਵੇਂ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨਾ, ਬਰਾਬਰ ਕੰਮ ਲਈ ਬਰਾਬਰ ਤਨਖਾਹ ਦੇਣਾ ਅਤੇ ਠੇਕੇਦਾਰੀ ਸਿਸਟਮ ਨੂੰ ਖਤਮ ਕਰਨਾ ਜਲਦ ਤੋਂ ਜਲਦ ਪੂਰੀਆਂ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਸਫਾਈ ਸੇਵਕ ਅਤੇ ਆਊਟਸੋਰਸ ਦਫ਼ਤਰੀ ਕਰਮਚਾਰੀ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਹਨ ਅਤੇ ਉਨ੍ਹਾਂ ਦੀਆਂ ਮੰਗਾਂ ਜਾਇਜ਼ ਹਨ। ਇਸ ਦੌਰਾਨ ਪ੍ਰਧਾਨ ਵੱਲੋਂ ਸਫਾਈ ਮਜ਼ਦੂਰ ਯੂਨੀਅਨ ਅਤੇ ਪੰਜਾਬ ਮਿਊਸਪਲ ਆਊਟਸੋਰਸ ਇੰਪਲਾਈਜ਼ ਯੂਨੀਅਨ ਪੰਜਾਬ ਦੇ ਸੰਘਰਸ਼ ਦਾ ਸਮਰਥਨ ਵੀ ਕੀਤਾ ਗਿਆ। ਉਨ੍ਹਾਂ ਕਰਮਚਾਰੀਆਂ ਨੂੰ ਵਿਸ਼ਵਾਸ ਦਵਾਇਆ ਕਿ ਪੰਜਾਬ ਸਰਕਾਰ ਜਲਦੀ ਹੀ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਕਰਨ ਵੱਲ ਧਿਆਨ ਦੇਵੇਗੀ।