ਸਮਾਣਾ : ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਅੱਜ ਸਮਾਣਾ ਵਿਖੇ ਕਾਂਗਰਸ ਪਾਰਟੀ ਵੱਲੋਂ ਇੱਕ ਅਹਿਮ ਮੀਟਿੰਗ ਕੀਤੀ ਗਈ, ਜਿਸ ਵਿੱਚ ਹਲਕੇ ਦੇ ਸਾਬਕਾ ਵਿਧਾਇਕ ਰਾਜਿੰਦਰ ਸਿੰਘ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਇਸ ਮੌਕੇ ਵੱਡੀ ਗਿਣਤੀ ਵਿੱਚ ਸਥਾਨਕ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਹਾਜ਼ਰੀ ਭਰੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਰਾਜਿੰਦਰ ਸਿੰਘ ਨੇ ਮੌਜੂਦਾ ਸੱਤਾਧਾਰੀ ਧਿਰ ’ਤੇ ਧੱਕੇਸ਼ਾਹੀ ਦੇ ਗੰਭੀਰ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਚੋਣਾਂ ਵਿੱਚ ਹਾਰ ਦੇ ਡਰ ਕਾਰਨ ਸੱਤਾਧਾਰੀ ਧਿਰ ਵੱਲੋਂ ਕਾਂਗਰਸੀ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਨਾਜਾਇਜ਼ ਤਰੀਕੇ ਨਾਲ ਰੱਦ ਕਰਵਾਏ ਜਾ ਰਹੇ ਹਨ, ਜੋ ਕਿ ਲੋਕਤੰਤਰ ਦਾ ਸ਼ਰੇਆਮ ਕਤਲ ਹੈ। ਰਾਜਿੰਦਰ ਸਿੰਘ ਨੇ ਦੋਸ਼ ਲਾਇਆ ਕਿ ਸਥਾਨਕ ਸਾਬਕਾ ਨਗਰ ਕੌਂਸਲ ਪ੍ਰਧਾਨ ਨੇ ਸੁਰਜੀਤ ਸਿੰਘ ਰੱਖੜਾ ਦੀ ਸ਼ਹਿ ’ਤੇ ਕਾਂਗਰਸੀ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਖਾਰਜ ਕਰਵਾਏ ਹਨ। ਸਾਬਕਾ ਵਿਧਾਇਕ ਨੇ ਸਖ਼ਤ ਸ਼ਬਦਾਂ ਵਿੱਚ ਚੇਤਾਵਨੀ ਦਿੰਦਿਆਂ ਕਿਹਾ, “ਸਾਡੀ ਸਰਕਾਰ ਬਣਨ ’ਤੇ ਜਿਨ੍ਹਾਂ ਲੋਕਾਂ ਨੇ ਚੋਣਾਂ ਦੌਰਾਨ ਧੱਕੇਸ਼ਾਹੀਆਂ ਕੀਤੀਆਂ ਹਨ ਅਤੇ ਸਾਡੇ ਵਰਕਰਾਂ ’ਤੇ ਨਾਜਾਇਜ਼ ਪਰਚੇ ਦਰਜ ਕਰਵਾਏ ਹਨ, ਉਨ੍ਹਾਂ ਤੋਂ ਪਾਈ-ਪਾਈ ਦਾ ਹਿਸਾਬ ਲਿਆ ਜਾਵੇਗਾ।” ਇਸ ਮੌਕੇ ਕਾਂਗਰਸੀ ਆਗੂਆਂ ਨੇ ਪ੍ਰਸ਼ਾਸਨਿਕ ਧੱਕੇਸ਼ਾਹੀ ਦੇ ਖ਼ਿਲਾਫ਼ ਕਾਨੂੰਨੀ ਅਤੇ ਰਾਜਨੀਤਿਕ ਤੌਰ ’ਤੇ ਡਟ ਕੇ ਲੜਨ ਦਾ ਐਲਾਨ ਕੀਤਾ ਅਤੇ ਵਰਕਰਾਂ ਨੂੰ ਚੋਣਾਂ ਲਈ ਪੂਰੀ ਤਨਦੇਹੀ ਨਾਲ ਜੁੱਟਣ ਦਾ ਸੱਦਾ ਦਿੱਤਾ।