ਸੁਨਾਮ, 19 ਮਈ (ਪੰਜਾਬੀ ਸਹਿਜ ਟਾਈਮਜ਼) : ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਵਿਧਾਨ ਸਭਾ ਹਲਕਾ ਸੁਨਾਮ ਦੇ ਇੰਚਾਰਜ਼ ਵਿਨਰਜੀਤ ਸਿੰਘ ਖਡਿਆਲ ਨੇ ਮੌਜੂਦਾ ਸਰਕਾਰ ‘ਤੇ ਤਿੱਖੇ ਨਿਸ਼ਾਨੇ ਸਾਧਦਿਆਂ ਕਿਹਾ ਕਿ ਨਗਰ ਕੌਂਸਲ ਚੋਣਾਂ ਵਿੱਚ ਲੋਕਤੰਤਰ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਦੇ ਕਾਗਜ਼ ਰੱਦ ਕਰਕੇ ਉਨ੍ਹਾਂ ਨੂੰ ਚੋਣ ਮੈਦਾਨ ਤੋਂ ਬਾਹਰ ਕਰਨ ਦੀ ਕੋਸ਼ਿਸ਼ ਹੋ ਰਹੀ ਹੈ, ਜੋ ਲੋਕਤੰਤਰ ਲਈ ਬਹੁਤ ਹੀ ਚਿੰਤਾਜਨਕ ਗੱਲ ਹੈ। ਮੰਗਲਵਾਰ ਨੂੰ ਸੁਨਾਮ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਨਰਜੀਤ ਸਿੰਘ ਖਡਿਆਲ ਨੇ ਦੋਸ਼ ਲਗਾਇਆ ਕਿ ਪ੍ਰਸ਼ਾਸਨਿਕ ਦਬਾਅ ਅਤੇ ਰਾਜਨੀਤਿਕ ਧੱਕੇਸ਼ਾਹੀ ਰਾਹੀਂ ਵਿਰੋਧੀ ਧਿਰ ਦੀ ਆਵਾਜ਼ ਨੂੰ ਕਮਜ਼ੋਰ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਹਮੇਸ਼ਾਂ ਲੋਕਾਂ ਦੇ ਹੱਕਾਂ ਦੀ ਲੜਾਈ ਲੜਦਾ ਆਇਆ ਹੈ ਅਤੇ ਅੱਗੇ ਵੀ ਕਿਸੇ ਵੀ ਧੱਕੇਸ਼ਾਹੀ ਦੇ ਖਿਲਾਫ ਡੱਟ ਕੇ ਖੜ੍ਹਾ ਰਹੇਗਾ। ਉਨ੍ਹਾਂ ਦੱਸਿਆ ਕਿ ਤੱਕੜੀ ਚੋਣ ਨਿਸ਼ਾਨ ‘ਤੇ ਚੋਣ ਲੜ ਰਹੇ ਉਮੀਦਵਾਰ ਆਪਣੇ-ਆਪਣੇ ਵਾਰਡਾਂ ਦੇ ਸਥਾਨਕ ਵਸਨੀਕ ਹਨ ਲੋਕਾਂ ਦੇ ਭਰੋਸੇ ਨਾਲ ਮੈਦਾਨ ਵਿੱਚ ਉਤਰੇ ਹਨ। ਖਡਿਆਲ ਨੇ ਕਿਹਾ ਕਿ ਉਨ੍ਹਾਂ ਨੂੰ ਕਈ ਆਜ਼ਾਦ ਅਤੇ ਵਿਰੋਧੀ ਧਿਰ ਦੇ ਉਮੀਦਵਾਰਾਂ ਵੱਲੋਂ ਫੋਨ ਆ ਰਹੇ ਹਨ ਕਿ ਉਨ੍ਹਾਂ ‘ਤੇ ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਦਬਾਅ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇ ਕਿਸੇ ਵੀ ਉਮੀਦਵਾਰ ਨਾਲ ਧੱਕੇਸ਼ਾਹੀ ਹੁੰਦੀ ਹੈ ਤਾਂ ਅਕਾਲੀ ਦਲ ਉਸਦੇ ਨਾਲ ਮਜ਼ਬੂਤੀ ਨਾਲ ਖੜ੍ਹੇਗਾ। ਉਨ੍ਹਾਂ ਸੁਨਾਮ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਵੋਟ ਦੀ ਤਾਕਤ ਨਾਲ ਸਰਕਾਰ ਨੂੰ ਜਵਾਬ ਦੇਣ ਅਤੇ ਲੋਕਤੰਤਰ ਨੂੰ ਮਜ਼ਬੂਤ ਬਣਾਉਣ।