ਮੋਹਾਲੀ : ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਪੰਜਾਬ ਚੋਣ ਕਮਿਸ਼ਨ ਤੋਂ ਮੰਗ ਕੀਤੀ ਹੈ ਕਿ ਮੋਹਾਲੀ ਦੇ ਵਾਰਡ ਨੰਬਰ 10 ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਪਰਮਜੀਤ ਸਿੰਘ ਕਾਹਲੋਂ ਅਤੇ ਉਸ ਦੇ ਸਾਥੀਆਂ ਖ਼ਿਲਾਫ਼ ਵੋਟਰਾਂ ਨੂੰ ਪ੍ਰਭਾਵਿਤ ਕਰਨ ਲਈ ਨਾਜਾਇਜ਼ ਸ਼ਰਾਬ ਜਮ੍ਹਾ ਕਰਨ, ਹਥਿਆਰਾਂ ਦੇ ਜ਼ੋਰ ’ਤੇ ਵਿਰੋਧੀਆਂ ਨੂੰ ਧਮਕਾਉਣ ਅਤੇ ਧੋਖਾਧੜੀ ਦੀਆਂ ਧਾਰਾਵਾਂ ਤਹਿਤ ਤੁਰੰਤ ਕੇਸ ਦਰਜ ਕਰਕੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਨਿਆਂ ਦੀ ਮੰਗ ਅਤੇ ਦੋਸ਼ੀਆਂ ਖ਼ਿਲਾਫ਼ ਤੁਰੰਤ ਕਾਰਵਾਈ ਦੀ ਮੰਗ ਨੂੰ ਲੈ ਕੇ ਕਾਂਗਰਸੀ ਵਰਕਰਾਂ ਅਤੇ ਸਥਾਨਕ ਨਿਵਾਸੀਆਂ ਨਾਲ ਮੌਕੇ ’ਤੇ ਦਿੱਤੇ ਧਰਨੇ ਨੂੰ ਸੰਬੋਧਨ ਕਰਦਿਆਂ ਸ੍ਰੀ ਸਿੱਧੂ ਨੇ ਕਿਹਾ ਕਿ ਵਾਰਡ ਨੰਬਰ 10 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਕੰਵਰਬੀਰ ਸਿੰਘ ਸਿੱਧੂ ਨੇ ਸਰਕਾਰ ਦੀ ਸ਼ਹਿ ਅਤੇ ਮਦਦ ਨਾਲ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਪਰਮਜੀਤ ਸਿੰਘ ਕਾਹਲੋਂ ਦੇ ਫੇਜ਼-7 ਸਥਿਤ ਮਕਾਨ ਨੰਬਰ 2590 ਵਿੱਚ ਵੱਡੀ ਮਾਤਰਾ ਵਿੱਚ ਸ਼ਰਾਬ ਦੀਆਂ ਪੇਟੀਆਂ ਉਤਾਰਦੇ ਲੋਕਾਂ ਨੂੰ ਰੰਗੇ ਹੱਥੀਂ ਕਾਬੂ ਕੀਤਾ। ਉਨ੍ਹਾਂ ਦੱਸਿਆ ਕਿ ਇਹ ਸ਼ਰਾਬ ਦੀਆਂ ਪੇਟੀਆਂ ਕਾਲੇ ਰੰਗ ਦੀ ਸਕਾਰਪੀਓ ਗੱਡੀ, ਜਿਸ ਦਾ ਰਜਿਸਟ੍ਰੇਸ਼ਨ ਨੰਬਰ PB 65 BJ 9908 ਹੈ, ਵਿੱਚੋਂ ਉਤਾਰੀਆਂ ਜਾ ਰਹੀਆਂ ਸਨ। ਉਨ੍ਹਾਂ ਦੋਸ਼ ਲਾਇਆ ਕਿ ਇਹ ਗੱਡੀ ਪੁਲਿਸ ਇੰਸਪੈਕਟਰ ਬਲਵਿੰਦਰ ਸਿੰਘ ਦੀ ਦੱਸੀ ਜਾ ਰਹੀ ਹੈ ਅਤੇ ਇਸ ਵਿੱਚ ਪੁਲਿਸ ਇੰਸਪੈਕਟਰ ਦੀ ਵਰਦੀ, ਤੇਜ਼ਧਾਰ ਹਥਿਆਰ ਅਤੇ ਵੱਡੀ ਮਾਤਰਾ ਵਿੱਚ ਸ਼ਰਾਬ ਮੌਜੂਦ ਸੀ। ਸ੍ਰੀ ਸਿੱਧੂ ਨੇ ਵਾਰਡ ਨੰਬਰ 10 ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਕਾਂਗਰਸੀ ਉਮੀਦਵਾਰ ਕੰਵਰਬੀਰ ਸਿੰਘ ਸਿੱਧੂ ਨੂੰ ਇਕ-ਇਕ ਵੋਟ ਪਾ ਕੇ ਜਿਤਾਉਣ ਤਾਂ ਜੋ ਆਮ ਆਦਮੀ ਪਾਰਟੀ ਦੀਆਂ ਇਨ੍ਹਾਂ “ਕੋਝੀਆਂ ਚਾਲਾਂ” ਨੂੰ ਕਰਾਰਾ ਜਵਾਬ ਦਿੱਤਾ ਜਾ ਸਕੇ।