ਪਟਿਆਲਾ : ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਸਰਵਉੱਚ ਖੇਡ ਐਵਾਰਡ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਪੰਜਾਬ ਦੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ, ਜਿਨ੍ਹਾਂ ਵਿੱਚ ਸਾਈਕਲਿੰਗ ਖੇਡ ਦੇ 5 ਖਿਡਾਰੀ ਨਮਨ ਕਪਲ, ਹਰਸ਼ਵੀਰ ਸਿੰਘ ਸੇਖੋਂ, ਰਾਜਬੀਰ ਸਿੰਘ, ਵਿਸ਼ਵਜੀਤ ਸਿੰਘ ਅਤੇ ਅਮਰਜੀਤ ਸਿੰਘ ਵੀ ਸ਼ਾਮਲ ਹਨ। ਇਹਨਾਂ ਖਿਡਾਰੀਆਂ ਨੂੰ ਐਵਾਰਡ ਮਿਲਣ ਤੋਂ ਬਾਅਦ ਸਾਈਕਲਿੰਗ ਐਸੋਸੀਏਸ਼ਨ ਆਫ ਪੰਜਾਬ ਦੇ ਪਟਿਆਲਾ ਸਥਿਤ ਮੁੱਖ ਦਫਤਰ ਵਿੱਚ ਪ੍ਰਧਾਨ ਸ੍ਰ ਚਰਨਜੀਤ ਸਿੰਘ ਧਾਲੀਵਾਲ, ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਅਤੇ ਵੱਖ ਵੱਖ ਅਹੁਦੇਦਾਰਾਂ ਵੱਲੋਂ ਸਨਮਾਨਿਤ ਕੀਤਾ ਗਿਆ। ਸੁਰਜੀਤ ਸਿੰਘ ਰੱਖੜਾ ਸਾਬਕਾ ਕੈਬਨਿਟ ਮੰਤਰੀ ਪੰਜਾਬ ਸਰਕਾਰ ਸਾਈਕਲਿਸਟਾਂ ਦਾ ਸਨਮਾਨ ਕਰਨ ਲਈ ਵਿਸ਼ੇਸ਼ ਤੌਰ ਤੇ ਪਹੁੰਚੇ ਸਨ। ਇਸ ਮੌਕੇ ਜਾਣਕਾਰੀ ਦਿੰਦਿਆਂ ਸਾਈਕਲਿੰਗ ਐਸੋਸੀਏਸ਼ਨ ਆਫ ਪੰਜਾਬ ਦੇ ਪ੍ਰਧਾਨ ਸ੍ਰ ਚਰਨਜੀਤ ਸਿੰਘ ਧਾਲੀਵਾਲ ਨੇ ਕਿਹਾ ਕਿ ਉਹ ਸਭ ਤੋਂ ਪਹਿਲਾਂ ਪੰਜਾਬ ਦੇ ਸਾਰੇ ਖਿਡਾਰੀਆਂ ਨੂੰ ਵਧਾਈ ਦਿੰਦੇ ਹਨ, ਜਿਨ੍ਹਾਂ ਦੀਆਂ ਖੇਡ ਪ੍ਰਾਪਤੀਆਂ ਨੂੰ ਦੇਖਦਿਆਂ ਹੋਇਆ ਪੰਜਾਬ ਸਰਕਾਰ ਨੇ ਉਹਨਾਂ ਖਿਡਾਰੀਆਂ ਨੂੰ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਉਹਨਾਂ ਦੱਸਿਆ ਕਿ ਪੰਜਾਬ ਵਿੱਚ ਸਾਈਕਲਿੰਗ ਖੇਡ ਲਈ ਟੈਲੈਂਟ ਦੀ ਕੋਈ ਕਮੀ ਨਹੀਂ ਹੈ ਲੋੜ ਸਿਰਫ ਟੈਲੈਂਟ ਨੂੰ ਪਹਿਚਾਣ ਕੇ ਸਹੀ ਰਸਤਾ ਦਿਖਾਉਣ ਦੀ ਹੈ, ਪਿਛਲੇ ਦਿਨਾਂ ਵਿੱਚ ਪੰਜਾਬ ਭਰ ਤੋਂ ਸਾਰੇ ਕੋਚ ਸਾਹਿਬਾਨਾਂ ਨਾਲ ਬੈਠਕ ਕਰ ਕੇ ਇਹ ਵਿਚਾਰ ਕੀਤੀ ਗਈ ਕਿ ਨਵੇਂ ਖਿਡਾਰੀਆਂ ਨੂੰ ਕਿਸ ਤਰ੍ਹਾਂ ਸਾਈਕਲਿੰਗ ਖੇਡ ਨਾਲ ਜੋੜਨਾ ਹੈ। ਉਹਨਾਂ ਦੱਸਿਆ ਕਿ ਸਾਈਕਲਿੰਗ ਖੇਡ ਵਿੱਚ ਨੌਜਵਾਨਾਂ ਦਾ ਭਵਿੱਖ ਸੁਰੱਖਿਤ ਹੈ ਕਿਉਂਕਿ ਸਾਈਕਲਿੰਗ ਖੇਡ ਭਾਰਤੀ ਓਲੰਪਿਕ ਐਸੋਸੀਏਸ਼ਨ, ਪੰਜਾਬ ਸਰਕਾਰ ਦੇ ਖੇਡ ਵਿਭਾਗ ਅਤੇ ਪੰਜਾਬ ਓਲੰਪਿਕ ਐਸੋਸੀਏਸ਼ਨ ਤੋਂ ਮਾਨਤਾ ਪ੍ਰਾਪਤ ਹੈ। ਉਹਨਾਂ ਨੇ ਖਿਡਾਰੀਆਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਦੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਵੱਧ ਤੋਂ ਵੱਧ ਮਿਹਨਤ ਕਰ ਕੇ ਦੇਸ਼ ਅਤੇ ਸੂਬੇ ਦਾ ਨਾਮ ਰੌਸ਼ਨ ਕਰਨ। ਸਾਈਕਲਿੰਗ ਖੇਡ ਨੂੰ ਲੈ ਕੇ ਨੌਜਵਾਨਾਂ ਵਿੱਚ ਕਾਫੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।