ਪਟਿਆਲਾ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਦੇ ਅਰਬਨ ਅਸਟੇਟ ਫੇਜ਼-2 ਵਿੱਚ ਕਰੀਬ 5 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੀਆਂ 25 ਕਿਲੋਮੀਟਰ ਸੜਕਾਂ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸੂਬੇ ਦੇ ਹਰ ਸ਼ਹਿਰ ਤੇ ਪਿੰਡ ਦਾ ਸਰਵਪੱਖੀ ਵਿਕਾਸ ਯਕੀਨੀ ਬਣਾਇਆ ਜਾ ਰਿਹਾ ਹੈ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਅਰਬਨ ਅਸਟੇਟ ਫੇਜ਼-2 ਦੀਆਂ ਸੜਕਾਂ ਦੇ ਨਵੀਨੀਕਰਨ ਨਾਲ ਇਲਾਕਾ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਆਵਾਜਾਈ ਹੋਰ ਸੁਗਮ ਬਣੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਲਾਕੇ ਦੇ ਪਾਰਕਾਂ ਦੀ ਮੁਰੰਮਤ ਅਤੇ ਸੁੰਦਰਤਾ ਵਧਾਉਣ ਲਈ ਵੀ ਵਿਸ਼ੇਸ਼ ਫੰਡ ਜਾਰੀ ਕੀਤੇ ਗਏ ਹਨ ਜੋ ਲੋਕਾਂ ਨੂੰ ਸਾਫ-ਸੁਥਰਾ ਅਤੇ ਹਰਾ-ਭਰਾ ਵਾਤਾਵਰਨ ਮਿਲ ਸਕੇ। ਡਾ. ਬਲਬੀਰ ਸਿੰਘ ਨੇ ਲੋਕਾਂ ਨੂੰ ਵੱਧ ਤੋਂ ਵੱਧ ਪੌਦੇ ਲਗਾਉਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਰੁੱਖ ਲਗਾਉਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਉਨ੍ਹਾਂ ਕਿਹਾ ਕਿ ਪੌਦੇ ਸਾਡੇ ਵਾਤਾਵਰਨ ਨੂੰ ਸੁੱਚਾ ਰੱਖਣ ਦੇ ਨਾਲ-ਨਾਲ ਮਨੁੱਖੀ ਜੀਵਨ ਲਈ ਆਕਸੀਜਨ ਦਾ ਮੁੱਖ ਸਰੋਤ ਹਨ। ਉਨ੍ਹਾਂ ਕਿਹਾ ਕਿ ਕੁਦਰਤ ਨਾਲ ਜੁੜ ਕੇ ਹੀ ਮਨੁੱਖ ਅਸਲ ਸੁੱਖ ਅਤੇ ਸ਼ਾਂਤੀ ਦਾ ਅਨੰਦ ਮਾਣ ਸਕਦਾ ਹੈ। ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਮਕਸਦ ਸੂਬੇ ਦੇ ਹਰ ਨਾਗਰਿਕ ਤੱਕ ਬਿਹਤਰ ਬੁਨਿਆਦੀ ਸਹੂਲਤਾਂ ਪਹੁੰਚਾਉਣਾ ਹੈ। ਇਸੇ ਵਚਨਬੱਧਤਾ ਨਾਲ ਸਰਕਾਰ ਪੰਜਾਬ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਦਿਨ-ਰਾਤ ਕੰਮ ਕਰ ਰਹੀ ਹੈ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਆਉਣ ਵਾਲੇ ਸਮੇਂ ਵਿੱਚ ਵੀ ਵਿਕਾਸ ਕਾਰਜਾਂ ਦੀ ਇਹ ਲੜੀ ਲਗਾਤਾਰ ਜਾਰੀ ਰਹੇਗੀ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ।