ਪਟਿਆਲਾ : ਭਾਰਤੀ ਚੋਣ ਕਮਿਸ਼ਨ ਵਲੋਂ ਵੋਟਰ ਸੂਚੀਆਂ ਦੀ ਕਰਵਾਈ ਜਾਣ ਵਾਲੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਸਬੰਧੀ ਅੱਜ ਪਟਿਆਲਾ ਦੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹੇ ਵਿੱਚ ਸਮੂਹ ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿਧੀਆਂ ਨਾਲ ਮੀਟਿੰਗ ਕਰਕੇ ਐਸ.ਆਈ.ਆਰ. ਸਬੰਧੀ ਆਪਣੇ ਬੂਥ ਲੈਵਲ ਏਜੰਟ (ਬੀ.ਐਲ.ਏ.) ਲਗਾਉਣ ਦੀ ਅਪੀਲ ਕੀਤੀ। ਇਸ ਬੈਠਕ ਤੋਂ ਬਾਅਦ ਐਸ.ਆਈ.ਆਰ ਬਾਰੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਅਧੀਨ ਪੰਜਾਬ ਰਾਜ ਵਿੱਚ 25 ਜੂਨ, 2026 ਤੋਂ 24 ਜੁਲਾਈ, 2026 ਤੱਕ ਬੀਐਲਓਜ਼ ਘਰੋਂ-ਘਰੀਂ ਜਾ ਕੇ ਵੋਟਰਜ਼ ਦੇ ਫਾਰਮ ਭਰਵਾਉਣਗੇ। ਇਸ ਕਾਰਜ ਲਈ ਜ਼ਿਲ੍ਹੇ ਅੰਦਰ 1786 ਬੀਐਲਓਜ਼, 185 ਸੁਪਰਵਾਈਜ਼ਰ, 8 ਈਆਰਓਜ਼ ਅਤੇ 16 ਏਈਆਰਓਜ਼ ਸਮੇਤ ਪੂਰਾ ਚੋਣ ਅਮਲਾ ਲਗਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਐਸ.ਆਈ.ਆਰ. ਸਬੰਧੀ ਬੀਐਲਓਜ਼ ਨੂੰ ਟ੍ਰੇਨਿੰਗ ਦੇਣ ਅਤੇ ਹੋਰ ਤਿਆਰੀਆਂ ਸਬੰਧੀ ਕੰਮ 15 ਜੂਨ, 2026 ਤਂ2 24 ਜੂਨ, 2026 ਤੱਕ ਕੀਤਾ ਜਾਵੇਗਾ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਸਾਲ 2003 ਵਿੱਚ ਵੀ ਪੰਜਾਬ ਵਿੱਚ ਐਸ.ਆਈ.ਆਰ. ਹੋਈ ਸੀ। ਉਨ੍ਹਾਂ ਕਿਹਾ ਕਿ ਵੋਟਰਾਂ ਤੇ ਸਿਆਸੀ ਪਾਰਟੀਆਂ ਦੀ ਸਹੂਲਤ ਲਈ ਐਸ.ਆਈ.ਆਰ. ਦੌਰਾਨ 1950 ਟੋਲ-ਫਰੀ ਨੰਬਰ ਲਗਾਤਾਰ ਕੰਮ ਕਰੇਗਾ ਅਤੇ ਜ਼ਿਲ੍ਹਾ ਪੱਧਰ ‘ਤੇ ਹੈਲਪ ਡੈਸਕ ਵੀ ਸਥਾਪਤ ਕੀਤਾ ਜਾ ਰਿਹਾ ਹੈ ਜੋ ਲੋਕਾਂ ਨੂੰ ਫੈਸਿਲੀਟੇਟ ਕਰਨਗੇ। ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜ਼ਿਨ੍ਹਾਂ ਦਸਤਾਵੇਜਾਂ ਵਿੱਚ ਕਿਸੇ ਵੀ ਕੇਂਦਰੀ/ਰਾਜ ਸਰਕਾਰ/ਪੀਐਸਯੂ ਦੇ ਨਿਯਮਤ ਕਰਮਚਾਰੀ/ਪੈਨਸ਼ਨਰ ਨੂੰ ਜਾਰੀ ਕੀਤਾ ਗਿਆ ਕੋਈ ਵੀ ਪਛਾਣ ਪੱਤਰ/ਪੈਨਸ਼ਨ ਭੁਗਤਾਨ ਆਦੇਸ਼, ਭਾਰਤ ਵਿੱਚ ਸਰਕਾਰੀ/ਸਥਾਨਕ ਅਧਿਕਾਰੀਆਂ/ਬੈਂਕਾਂ/ਡਾਕਘਰ/ਐਲਆਈਸੀ, ਪੀਐਸਯੂ ਦੁਆਰਾ ਜਾਰੀ ਕੀਤਾ ਗਿਆ ਕੋਈ ਵੀ ਪਛਾਣ ਪੱਤਰ/ਪ੍ਰਮਾਣ ਪੱਤਰ/ਦਸਤਾਵੇਜ਼, ਯੋਗ ਅਧਿਕਾਰੀ ਦੁਆਰਾ ਜਾਰੀ ਕੀਤੇ ਗਏ ਜਨਮ ਸਰਟੀਫਿਕੇਟ, ਪਾਸਪੋਰਟ, ਮਾਨਤਾ ਪ੍ਰਾਪਤ ਬੋਰਡਾਂ/ਯੂਨੀਵਰਸਿਟੀਆਂ ਦੁਆਰਾ ਜਾਰੀ ਕੀਤੇ ਗਏ ਮੈਟ੍ਰਿਕੂਲੇਸ਼ਨ/ਸਿੱਖਿਆ ਸਰਟੀਫਿਕੇਟ, ਯੋਗ ਰਾਜ ਅਧਿਕਾਰੀ ਦੁਆਰਾ ਜਾਰੀ ਕੀਤੇ ਗਏ ਸਥਾਈ ਨਿਵਾਸ ਸਰਟੀਫਿਕੇਟ, ਜੰਗਲ ਅਧਿਕਾਰ ਸਰਟੀਫਿਕੇਟ, ਓਬੀਸੀ, ਐਸ.ਸੀ, ਐਸ.ਟੀ ਜਾਂ ਯੋਗ ਰਾਜ ਅਧਿਕਾਰੀ ਦੁਆਰਾ ਜਾਰੀ ਕੀਤਾ ਗਿਆ ਕੋਈ ਵੀ ਜਾਤੀ ਸਰਟੀਫਿਕੇਟ, ਨਾਗਰਿਕਾਂ ਦਾ ਰਾਸ਼ਟਰੀ ਰਜਿਸਟਰ (ਜਿੱਥੇ ਵੀ ਇਹ ਮੌਜੂਦ ਹੈ), ਪਰਿਵਾਰ ਰਜਿਸਟਰ, ਰਾਜ/ਸਥਾਨਕ ਅਧਿਕਾਰੀਆਂ ਦੁਆਰਾ ਤਿਆਰ ਕੀਤਾ ਗਿਆ ਅਤੇ ਸਰਕਾਰ ਦੁਆਰਾ ਕੋਈ ਵੀ ਜ਼ਮੀਨ/ਮਕਾਨ ਅਲਾਟਮੈਂਟ ਸਰਟੀਫਿਕੇਟ ਸ਼ਾਮਲ ਹਨ।