ਧੂਰੀ : ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਹਿਤ ਧੂਰੀ ਵਿਖੇ ਐਂਟੀ ਬੈਗਿੰਗ ਟਾਸਕ ਟੀਮ ਵੱਲੋਂ ਸਾਂਝੇ ਤੌਰ ’ਤੇ ਵਿਸ਼ੇਸ਼ ਰੇਡ ਅਤੇ ਚੈਕਿੰਗ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦੌਰਾਨ ਜਨਤਕ ਸਥਾਨਾਂ, ਬਾਜ਼ਾਰਾਂ ਅਤੇ ਹੋਰ ਸੰਵੇਦਨਸ਼ੀਲ ਖੇਤਰਾਂ ਦੀ ਗਹਿਰਾਈ ਨਾਲ ਜਾਂਚ ਕੀਤੀ ਗਈ ਤਾਂ ਜੋ ਭੀਖ ਮੰਗਣ ਲਈ ਬੱਚਿਆਂ ਦੀ ਵਰਤੋਂ ਅਤੇ ਬੱਚਿਆਂ ਨਾਲ ਸਬੰਧਿਤ ਸ਼ੋਸ਼ਣ ਦੀਆਂ ਘਟਨਾਵਾਂ ’ਤੇ ਪ੍ਰਭਾਵਸ਼ਾਲੀ ਰੋਕ ਯਕੀਨੀ ਬਣਾਈ ਜਾ ਸਕੇ। ਟਾਸਕ ਟੀਮ ਵੱਲੋਂ ਇਹ ਵੀ ਯਕੀਨੀ ਬਣਾਇਆ ਗਿਆ ਕਿ ਬਰਾਮਦ ਕੀਤੇ ਗਏ ਬੱਚੇ ਨੂੰ ਲੋੜੀਂਦੀ ਸੁਰੱਖਿਆ, ਮਾਰਗਦਰਸ਼ਨ ਅਤੇ ਸੰਭਾਲ ਉਪਲਬਧ ਕਰਵਾਈ ਜਾਵੇ, ਤਾਂ ਜੋ ਉਸ ਦੇ ਅਧਿਕਾਰਾਂ ਦੀ ਰੱਖਿਆ ਅਤੇ ਭਵਿੱਖ ਦੀ ਸੁਰੱਖਿਆ ਸੁਨਿਸ਼ਚਿਤ ਹੋ ਸਕੇ। ਵਿਭਾਗ ਵੱਲੋਂ ਸਮਾਜ ਦੇ ਵੱਖ-ਵੱਖ ਵਰਗਾਂ ਨੂੰ ਬੱਚਿਆਂ ਦੇ ਅਧਿਕਾਰਾਂ ਅਤੇ ਸੁਰੱਖਿਆ ਸਬੰਧੀ ਜਾਗਰੂਕ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਟੀਮ ਵੱਲੋਂ ਆਮ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਜੇਕਰ ਕਿਸੇ ਵੀ ਸਥਾਨ ’ਤੇ ਕੋਈ ਬੱਚਾ ਭੀਖ ਮੰਗਦਾ, ਬਾਲ ਮਜ਼ਦੂਰੀ ਕਰਦਾ ਜਾਂ ਕਿਸੇ ਵੀ ਤਰ੍ਹਾਂ ਦੇ ਸ਼ੋਸ਼ਣ ਦਾ ਸ਼ਿਕਾਰ ਨਜ਼ਰ ਆਵੇ ਤਾਂ ਇਸ ਸਬੰਧੀ ਤੁਰੰਤ ਚਾਈਲਡ ਹੈਲਪਲਾਈਨ 1098 ਜਾਂ ਸਬੰਧਿਤ ਵਿਭਾਗ ਨੂੰ ਸੂਚਿਤ ਕੀਤਾ ਜਾਵੇ, ਤਾਂ ਜੋ ਬੱਚਿਆਂ ਦੀ ਸੁਰੱਖਿਆ ਅਤੇ ਪੁਨਰਵਾਸ ਲਈ ਸਮੇਂ ਸਿਰ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਜਾ ਸਕੇ। ਵਿਭਾਗ ਨੇ ਸਪੱਸ਼ਟ ਕੀਤਾ ਕਿ ਬੱਚਿਆਂ ਦੀ ਸੁਰੱਖਿਆ ਅਤੇ ਉਨ੍ਹਾਂ ਦੇ ਅਧਿਕਾਰਾਂ ਦੀ ਰੱਖਿਆ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਇਸ ਮਿਸ਼ਨ ਵਿੱਚ ਲੋਕਾਂ ਦਾ ਸਹਿਯੋਗ ਬਹੁਤ ਮਹੱਤਵਪੂਰਨ ਹੈ।