ਅੰਮ੍ਰਿਤਸਰ : ਭਾਰਤੀ ਜਨਤਾ ਪਾਰਟੀ ਵੱਲੋਂ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਦਾ ਨਵਾਂ ਪ੍ਰਧਾਨ ਨਿਯੁਕਤ ਕੀਤੇ ਜਾਣ ‘ਤੇ ਭਾਜਪਾ ਵਰਕਰਾਂ ਅਤੇ ਆਗੂਆਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਭਾਜਪਾ ਓਬੀਸੀ ਮੋਰਚਾ ਪੰਜਾਬ ਦੇ ਕਾਰਜਕਾਰੀ ਮੈਂਬਰ ਬਲਜਿੰਦਰ ਸਿੰਘ ਬੱਬੂ ਨੇ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਭਾਜਪਾ ਨੇ ਪੰਜਾਬ ਦੀ ਸਿਆਸਤ ਅਤੇ ਪੰਜਾਬੀਆਂ ਦੀਆਂ ਭਾਵਨਾਵਾਂ ਨੂੰ ਸਮਝਦਿਆਂ ਇੱਕ ਮਜ਼ਬੂਤ ਸਿੱਖ ਚਿਹਰੇ ਨੂੰ ਸੂਬੇ ਦੀ ਕਮਾਨ ਸੌਂਪੀ ਹੈ।ਉਨ੍ਹਾਂ ਕਿਹਾ ਕਿ ਕੇਵਲ ਸਿੰਘ ਢਿੱਲੋਂ ਲੰਮੇ ਸਮੇਂ ਤੋਂ ਲੋਕਾਂ ਨਾਲ ਜੁੜੇ ਹੋਏ ਆਗੂ ਹਨ ਅਤੇ ਉਨ੍ਹਾਂ ਕੋਲ ਸੰਗਠਨਾਤਮਕ ਤਜਰਬੇ ਦੇ ਨਾਲ-ਨਾਲ ਪੰਜਾਬ ਦੇ ਮੁੱਦਿਆਂ ਦੀ ਵੀ ਪੂਰੀ ਸਮਝ ਹੈ। ਬੱਬੂ ਨੇ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ ਪੰਜਾਬ ਭਾਜਪਾ ਹੋਰ ਮਜ਼ਬੂਤ ਹੋਵੇਗੀ ਅਤੇ ਪਾਰਟੀ ਨੂੰ ਪਿੰਡਾਂ ਤੋਂ ਲੈ ਕੇ ਸ਼ਹਿਰਾਂ ਤੱਕ ਨਵਾਂ ਆਧਾਰ ਮਿਲੇਗਾ ਬਲਜਿੰਦਰ ਸਿੰਘ ਬੱਬੂ ਨੇ ਕਿਹਾ ਕਿ ਪੰਜਾਬ ਦੇ ਲੋਕ ਰਵਾਇਤੀ ਪਾਰਟੀਆਂ ਤੋਂ ਨਿਰਾਸ਼ ਹੋ ਚੁੱਕੇ ਹਨ ਅਤੇ ਹੁਣ ਉਹ ਇੱਕ ਨਵੇਂ ਅਤੇ ਵਿਕਾਸਸ਼ੀਲ ਵਿਕਲਪ ਵੱਲ ਦੇਖ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਭਾਜਪਾ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਵਿੱਚ ਮਜ਼ਬੂਤੀ ਨਾਲ ਉਭਰੇਗੀ ਅਤੇ ਸਰਕਾਰ ਬਣਾਉਣ ਵਿੱਚ ਕਾਮਯਾਬ ਰਹੇਗੀ। ਉਨ੍ਹਾਂ ਹੋਰ ਕਿਹਾ ਕਿ ਭਾਜਪਾ ਹਮੇਸ਼ਾਂ ਹੀ ਹਰ ਵਰਗ ਦੇ ਲੋਕਾਂ ਨੂੰ ਨਾਲ ਲੈ ਕੇ ਚੱਲਣ ਵਿੱਚ ਵਿਸ਼ਵਾਸ ਰੱਖਦੀ ਹੈ ਅਤੇ ਪੰਜਾਬ ਵਿੱਚ ਵੀ ਪਾਰਟੀ ਵੱਲੋਂ ਇਕਜੁੱਟਤਾ ਅਤੇ ਵਿਕਾਸ ਦੀ ਰਾਜਨੀਤੀ ਨੂੰ ਅੱਗੇ ਵਧਾਇਆ ਜਾਵੇਗਾ।