ਪਟਿਆਲਾ : ਆਮ ਆਦਮੀ ਪਾਰਟੀ ਦੇ ਸੀਨੀਅਰ ਯੂਥ ਆਗੂ ਗੁਰਦੇਵ ਸਿੰਘ ਟਿਵਾਣਾ ਨੇ ਅੱਜ ਪਰਮਾਤਮਾ ਅੱਗੇ ਅਰਦਾਸ ਅਤੇ ਸ੍ਰੀ ਗੁਰੂ ਸਾਹਿਬ ਜੀ ਦਾ ਸ਼ੁਕਰਾਨਾ ਕਰਕੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਵਜੋਂ ਰਸਮੀ ਤੌਰ ‘ਤੇ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਦੇ ਨਾਲ ਬਿੰਦਰ ਕੌਰ ਨੇ ਵੀ ਵਾਈਸ ਚੇਅਰਪਰਸਨ ਵਜੋਂ ਅਹੁਦਾ ਸੰਭਾਲ ਲਿਆ ਹੈ। ਇੱਥੇ ਸਰਹਿੰਦ ਰੋਡ ‘ਤੇ ਸਥਿਤ ਜਿਲ੍ਹਾ ਪ੍ਰੀਸ਼ਦ ਦੇ ਦਫ਼ਤਰ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਕਰਵਾਏ ਪਾਠ ਸਮਾਗਮ ਦੌਰਾਨ ਵਿਸ਼ੇਸ਼ ਤੌਰ ‘ਤੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ ਬਲਬੀਰ ਸਿੰਘ, ਜਲ ਸਰੋਤ ਮੰਤਰੀ ਬਰਿੰਦਰ ਗੋਇਲ, ਵਿਧਾਇਕ ਚੇਤਨ ਸਿੰਘ ਜੌੜਾਮਾਜਰਾ, ਅਜੀਤਪਾਲ ਸਿੰਘ ਕੋਹਲੀ, ਨੀਨਾ ਮਿੱਤਲ, ਗੁਰਲਾਲ ਘਨੌਰ, ਕੁਲਵੰਤ ਸਿੰਘ ਬਾਜ਼ੀਗਰ, ਗੁਰਦੇਵ ਸਿੰਘ ਦੇਵ ਮਾਨ ਅਤੇ ਚੇਅਰਮੈਨ ਮੰਡੀ ਬੋਰਡ ਹਰਚੰਦ ਸਿੰਘ ਬਰਸਟ, ਮੇਅਰ ਕੁੰਦਨ ਗੋਗੀਆ ਸਮੇਤ ਹੋਰ ਸੀਨੀਅਰ ਆਗੂਆਂ ਨੇ ਸ਼ਿਰਕਤ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਡਾ. ਬਲਬੀਰ ਸਿੰਘ ਤੇ ਬਰਿੰਦਰ ਗੋਇਲ ਨੇ ਗੁਰਦੇਵ ਸਿੰਘ ਟਿਵਾਣਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਨੌਜਵਾਨ ਆਗੂ ਦੇ ਜ਼ਿਲ੍ਹਾ ਪ੍ਰੀਸ਼ਦ ਦਾ ਚੇਅਰਮੈਨ ਬਣਨ ਨਾਲ ਪਟਿਆਲਾ ਜ਼ਿਲ੍ਹੇ ਦੇ ਪੇਂਡੂ ਵਿਕਾਸ ਨੂੰ ਹੋਰ ਰਫ਼ਤਾਰ ਮਿਲੇਗੀ। ਉਨ੍ਹਾਂ ਕਿਹਾ ਕਿ ਜਿਵੇਂ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਹਨ, ਉਸੇ ਤਰ੍ਹਾਂ ਜ਼ਿਲ੍ਹਾ ਪ੍ਰੀਸ਼ਦ ਦੀ ਸਾਰੀ ਟੀਮ ਵੀ ਲੋਕਾਂ ਦੇ ਇਸ ਵਿਸ਼ਵਾਸ ਉੱਪਰ ਖਰਾ ਉਤਰੇਗੀ। ਇਸੇ ਦੌਰਾਨ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਲਈ ਬਣਾਏ ਗਏ ਸਖ਼ਤ ਕਾਨੂੰਨ ਦੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਇਸ ਦੇ ਨਾਲ ਹੀ ਦੱਸਿਆ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਧਰਤੀ ਹੇਠਲਾ ਪਾਣੀ ਬਚਾਉਣ ਲਈ 15000 ਕਿਲੋਮੀਟਰ ਨਹਿਰਾਂ, ਮਾਈਨਰ, ਖਾਲੇ ਪੱਕੇ ਕੀਤੇ ਅਤੇ ਪਹਿਲਾਂ ਵਰਤੇ ਜਾਂਦੇ 25 ਫੀਸਦੀ ਨਹਿਰੀ ਪਾਣੀ ਨੂੰ 75 ਫੀਸਦੀ ਵਰਤਣ ਦੀ ਵੱਡੀ ਪਹਿਲਕਦਮੀ ਕੀਤੀ ਹੈ। ਜਿਕਰਯੋਗ ਹੈ ਕਿ ਬੀਤੇ ਦਿਨੀਂ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਬੰਮਣਾ ਤੋਂ ਮੈਂਬਰ ਗੁਰਦੇਵ ਸਿੰਘ ਟਿਵਾਣਾ ਨੂੰ ਸਰਬ ਸੰਮਤੀ ਨਾਲ ਚੇਅਰਮੈਨ ਅਤੇ ਜ਼ੋਨ ਦਫ਼ਤਰੀਵਾਲਾ ਤੋਂ ਮੈਂਬਰ ਬਿੰਦਰ ਕੌਰ ਦੀ ਵਾਇਸ ਚੇਅਰਪਰਸਨ ਵਜੋਂ ਚੋਣ ਕੀਤੀ ਗਈ ਸੀ।