ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਦੀਆਂ ਪ੍ਰਬੰਧਕ ਕਮੇਟੀਆਂ ਸਿਰਫ ਧਾਰਮਿਕ ਸੰਸਥਾਵਾਂ ਦੀ ਦੇਖਭਾਲ ਹੀ ਨਹੀਂ ਕਰਦੀਆਂ, ਸਗੋਂ ਸੰਗਤ ਦੀ ਸੇਵਾ, ਗੁਰਬਾਣੀ ਦੇ ਪ੍ਰਚਾਰ ਅਤੇ ਪੰਥਕ ਏਕਤਾ ਨੂੰ ਮਜ਼ਬੂਤ ਕਰਨ ਵਿੱਚ ਵੀ ਵਡਮੁੱਲਾ ਯੋਗਦਾਨ ਪਾਉਂਦੀਆਂ ਹਨ। ਇਹ ਵਿਚਾਰ ਉਨ੍ਹਾਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ,, ਸੁਭਾਸ਼ ਨਗਰ ਦੀ ਪ੍ਰਬੰਧਕ ਕਮੇਟੀ ਨੂੰ ਸਨਮਾਨਿਤ ਕਰਨ ਸਮੇਂ ਰੱਖੇ। ਇਸ ਮੌਕੇ ਤੇ ਉਨ੍ਹਾਂ ਦਿੱਲੀ ਕਮੇਟੀ ਦੇ ਮੈਂਬਰ ਇੰਦਰਪ੍ਰੀਤ ਸਿੰਘ ਮੌਂਟੀ ਕੋਛੜ ਅਤੇ ਜਸਪ੍ਰੀਤ ਸਿੰਘ ਵਿੱਕੀ ਮਾਨ ਦੇ ਯਤਨਾਂ ਅਤੇ ਸਹਿਯੋਗ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੀ ਚੜ੍ਹਦੀ ਕਲਾ ਅਤੇ ਗੁਰਮਤਿ ਪ੍ਰੰਪਰਾਵਾਂ ਨੂੰ ਮਜ਼ਬੂਤੀ ਦੇਣ ਲਈ ਸੇਵਾਦਾਰਾਂ ਅਤੇ ਪ੍ਰਬੰਧਕਾਂ ਦਾ ਵਿਸ਼ੇਸ਼ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਸੰਗਤ ਦੀ ਸੇਵਾ, ਧਾਰਮਿਕ ਸਮਾਗਮਾਂ ਦੇ ਸੁਚੱਜੇ ਪ੍ਰਬੰਧ ਅਤੇ ਨੌਜਵਾਨ ਪੀੜ੍ਹੀ ਨੂੰ ਗੁਰਸਿੱਖੀ ਨਾਲ ਜੋੜਨ ਲਈ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਪ੍ਰਮੁੱਖ ਸੇਵਾਦਾਰ ਮੌਜੂਦ ਸਨ।