ਅੰਮ੍ਰਿਤਸਰ : ਅਕਾਲੀ ਦਲ ਵਾਰਿਸ ਪੰਜਾਬ ਦੇ ਦੇ ਕਾਰਜਕਾਰੀ ਪ੍ਰਧਾਨ ਅਤੇ ਮੈੰਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਜੀ ਦੇ ਪਿਤਾ ਬਾਪੂ ਤਰਸੇਮ ਸਿੰਘ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਮਿਲ ਕੇ "ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਬੇਅਦਬੀ ਰੋਕੂ ਕਾਨੂੰਨ" ਸਬੰਧੀ ਪਾਰਟੀ ਦਾ ਲਿਖਤੀ ਪੱਖ ਸੌਂਪਿਆ। ਬਾਪੂ ਤਰਸੇਮ ਸਿੰਘ ਜੀ ਨੇ ਕਿਹਾ ਕਿ 14 ਅਪ੍ਰੈਲ 2026 ਨੂੰ ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ ਇਸ ਕਾਨੂੰਨ ਦੀ ਪਾਰਟੀ ਪੱਧਰ 'ਤੇ ਸਮੀਖਿਆ ਕਰਵਾਈ ਗਈ ਹੈ। ਸਮੀਖਿਆ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸਾਡੀ ਸਿਰਮੌਰ ਸੰਸਥਾ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਕਾਨੂੰਨ ਸਬੰਧੀ ਉਠਾਏ ਗਏ ਇਤਰਾਜ਼ ਅਤੇ ਖ਼ਦਸ਼ੇ ਪੂਰੀ ਤਰ੍ਹਾਂ ਜਾਇਜ਼ ਹਨ ਅਤੇ ਇਨ੍ਹਾਂ ਨੂੰ ਦੂਰ ਕੀਤੇ ਬਿਨਾਂ ਇਹ ਕਾਨੂੰਨ ਸਿੱਖ ਪੰਥ ਦੇ ਹਿੱਤਾਂ ਦੀ ਰਾਖੀ ਕਰਨ ਵਿੱਚ ਅਸਫ਼ਲ ਰਹੇਗਾ। ਉਨ੍ਹਾਂ ਦੋਸ਼ ਲਗਾਇਆ ਕਿ ਕਾਨੂੰਨ ਦੇ ਕੁਝ ਪ੍ਰਬੰਧਾਂ ਰਾਹੀਂ ਪੀੜਤ ਧਿਰ ਨੂੰ ਹੀ ਸ਼ੱਕ ਦੇ ਘੇਰੇ ਵਿੱਚ ਲਿਆਉਣ ਦੀ ਕੋਸ਼ਿਸ਼ ਕੀਤੀ ਗਈ ਹੈ, ਜੋ ਸਿੱਖ ਭਾਵਨਾਵਾਂ ਦੇ ਉਲਟ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਇਸ ਸੰਵੇਦਨਸ਼ੀਲ ਮਾਮਲੇ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਨੂੰ ਪ੍ਰਵਾਨ ਕਰਦਾ ਹੈ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਥਕ ਸਮੂਹਕਤਾ ਨਾਲ ਵਿਚਾਰ ਕਰਕੇ ਜੋ ਵੀ ਫੈਸਲਾ ਲਿਆ ਜਾਵੇਗਾ, ਪਾਰਟੀ ਉਸ ਨਾਲ ਪੂਰੀ ਤਰ੍ਹਾਂ ਸਹਿਮਤ ਹੋਵੇਗੀ ਅਤੇ ਹਰ ਪੱਧਰ 'ਤੇ ਉਸਦਾ ਸਮਰਥਨ ਕਰੇਗੀ। ਇਸ ਮੌਕੇ ਬਾਪੂ ਤਰਸੇਮ ਸਿੰਘ ਜੀ ਦੇ ਨਾਲ ਭਾਈ ਹਰਭਜਨ ਸਿੰਘ ਤੁੜ, ਭਾਈ ਪਰਮਜੀਤ ਸਿੰਘ ਜੌਹਲ ਭਾਈ ਰਛਪਾਲ ਸਿੰਘ ਸੋਸਣ, ਭਾਈ ਸ਼ਮਸ਼ੇਰ ਸਿੰਘ ਪੱਧਰੀ, ਭਾਈ ਭੁਪਿੰਦਰ ਸਿੰਘ ਗੱਦਲੀ, ਭਾਈ ਬਲਦੇਵ ਸਿੰਘ ਜੱਲੂਪੁਰ, ਭਾਈ ਸੁਖਬੀਰ ਸਿੰਘ ਚੀਮਾ, ਭਾਈ ਕੁਲਵਿੰਦਰ ਸਿੰਘ ਵਡਾਲੀ, ਭਾਈ ਗੁਰਜਿੰਦਰ ਸਿੰਘ ਅਤੇ ਪ੍ਰਗਟ ਸਿੰਘ ਮੌਜੂਦ ਸਨ।