ਮੋਹਾਲੀ : "ਹਰ ਸ਼ੁੱਕਰਵਾਰ, ਡੇਂਗੂ 'ਤੇ ਵਾਰ" ਮੁਹਿੰਮ ਤਹਿਤ ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਨੇ ਅੱਜ ਜਿ਼ਲ੍ਹੇ ਦੇ ਵੱਖ ਵੱਖ ਧਾਰਮਿਕ, ਇਤਿਹਾਸਕ ਸਥਾਨਾਂ ਤੇ ਕਮਿਊਨਿਟੀ ਸੈਂਟਰਾਂ ਵਿਚ ਚੈਕਿੰਗ ਕੀਤੀ। ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਗੁਰਦਵਾਰਾ ਸ਼੍ਰੀ ਅੰਬ ਸਾਹਿਬ ਵਿਚ ਚੱਲ ਰਹੀ ਜਾਂਚ ਮੁਹਿੰਮ ਦਾ ਨਿਰੀਖਣ ਕੀਤਾ। ਉਨ੍ਹਾਂ ਅਪੀਲ ਕੀਤੀ ਕਿ ਹਰ ਕਿਸੇ ਨੂੰ ਇਹ ਯਕੀਨੀ ਕਰਨਾ ਚਾਹੀਦਾ ਹੈ ਕਿ ਡੇਂਗੂ ਬੁਖ਼ਾਰ ਤੋਂ ਬਚਣ ਲਈ ਕਿਸੇ ਵੀ ਜਗ੍ਹਾ ਪਾਣੀ ਜਮ੍ਹਾਂ ਨਾ ਹੋਣ ਦਿਤਾ ਜਾਵੇ। ਜਿ਼ਲ੍ਹਾ ਐਪੀਡੀਮੋਲੋਜਿਸਟ ਡਾ. ਅਨਾਮਿਕਾ ਸੋਨੀ ਨੇ ਦਸਿਆ ਕਿ ਜਿ਼ਲ੍ਹੇ ਦੇ ਸੀਨੀਅਰ ਸਿਹਤ ਅਧਿਕਾਰੀਆਂ ਦੀ ਅਗਵਾਈ ਹੇਠ ਸਿਹਤ ਵਰਕਰਾਂ, ਆਸ਼ਾ ਵਰਕਰਾਂ, ਨਰਸਿੰਗ ਕਾਲਜਾਂ ਦੇ ਵਿਦਿਆਰਥੀਆਂ ਨੇ ਡੇਂਗੂ ਬੁਖ਼ਾਰ ਲਈ ਜ਼ਿੰਮੇਵਾਰ ਮੱਛਰ ਦਾ ਲਾਰਵਾ ਲੱਭਣ ਲਈ ਕੰਟੇਨਰ ਚੈੱਕ ਕੀਤੇ ਅਤੇ ਮੱਛਰ ਦੀ ਪੈਦਾਇਸ਼ ਵਾਲੀਆਂ ਹੋਰ ਸੰਭਾਵੀ ਥਾਵਾਂ ਦਾ ਨਿਰੀਖਣ ਕੀਤਾ। ਸਰਵੇ ਦੌਰਾਨ ਕੰਟੇਨਰ, ਗਮਲੇ, ਕੂਲਰ, ਫ਼ਰਿੱਜ, ਬਕਸੇ ਅਤੇ ਹੋਰ ਸਮਾਨ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦਸਿਆ ਕਿ ਡੇਂਗੂ ਬੁਖ਼ਾਰ ਫੈਲਾਉਣ ਵਾਲੇ ਮੱਛਰ ਦਾ ਲਾਰਵਾ ਕੁੱਝ ਦਿਨਾਂ ਵਿਚ ਖ਼ਤਰਨਾਕ ਮੱਛਰ ਦਾ ਰੂਪ ਲੈ ਲੈਂਦਾ ਹੈ ਜਿਹੜਾ ਵਿਅਕਤੀ ਦੀ ਜਾਨ ਵੀ ਲੈ ਸਕਦਾ ਹੈ। ਡੇਂਗੂ ਬੁਖ਼ਾਰ ਫੈਲਾਉਣ ਵਾਲਾ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ ਵਿਚ ਪੈਦਾ ਹੁੰਦਾ ਹੈ। ਸਰਕਾਰੀ ਸਿਹਤ ਸੰਸਥਾਵਾਂ ਵਿਚ ਡੇਂਗੂ ਦੀ ਜਾਂਚ ਅਤੇ ਇਲਾਜ ਮੁਫ਼ਤ ਹੁੰਦਾ ਹੈ। ਜਾਣਕਾਰੀ ਲਈ ਸਿਹਤ ਵਿਭਾਗ ਦੀ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
ਡੇਂਗੂ ਬੁਖ਼ਾਰ ਦੇ ਲੱਛਣ
ਡੇਂਗੂ ਇਕ ਬੁਖ਼ਾਰ ਹੈ ਜੋ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਡੇਂਗੂ ਦੇ ਆਮ ਲੱਛਣਾਂ ਵਿਚ ਤੇਜ਼ ਸਿਰਦਰਦ ਅਤੇ ਤੇਜ਼ ਬੁਖ਼ਾਰ, ਮਾਸਪੇਸ਼ੀਆਂ ਅਤੇ ਜੋੜਾਂ ਵਿਚ ਦਰਦ, ਅੱਖ ਦੇ ਪਿਛਲੇ ਹਿੱਸੇ ਵਿਚ ਦਰਦ, ਹਾਲਤ ਖ਼ਰਾਬ ਹੋਣ ’ਤੇ ਨੱਕ, ਮੂੰਹ ਅਤੇ ਮਸੂੜਿਆਂ ਵਿਚੋਂ ਖ਼ੂਨ ਵਗਣਾ, ਜੀਅ ਕੱਚਾ ਹੋਣਾ ਅਤੇ ਉਲਟੀਆਂ ਆਉਣਾ ਆਦਿ ਸ਼ਾਮਲ ਹਨ।