ਖਨੌਰੀ : ਸਥਾਨਕ ਕਸਬਾ ਅਰਨੋਂ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬਾਬਾ ਨੌ ਗਜਾ ਪੀਰ ਜੀ ਦਾ ਦੋ ਦਿਨਾਂ ਸਾਲਾਨਾ ਮੇਲਾ ਸ਼ਰਧਾ, ਉਤਸ਼ਾਹ ਅਤੇ ਧੂਮਧਾਮ ਨਾਲ ਸੰਪੰਨ ਹੋਇਆ। ਮੇਲੇ ਦੀ ਸ਼ੁਰੂਆਤ ਬਾਬਾ ਜੀ ਦੀ ਦਰਗਾਹ 'ਤੇ ਚਾਦਰ ਚੜ੍ਹਾਉਣ ਦੀ ਰਸਮ ਨਾਲ ਹੋਈ, ਜਦਕਿ ਅੰਤਿਮ ਦਿਨ ਪੰਜਾਬ, ਹਰਿਆਣਾ ਅਤੇ ਹੋਰ ਸੂਬਿਆਂ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਪਹੁੰਚੀਆਂ ਸੰਗਤਾਂ ਨੇ ਬਾਬਾ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਹਲਕਾ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਅਤੇ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਗੁਰਦੇਵ ਸਿੰਘ ਟਿਵਾਣਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਕੇ ਮੇਲੇ ਦੀ ਰੌਣਕ ਵਿੱਚ ਵਾਧਾ ਕੀਤਾ। ਮੇਲੇ ਵਿੱਚ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਪਿੰਡ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ, ਤਾਂ ਜੋ ਕਿਸੇ ਵੀ ਸ਼ਰਧਾਲੂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ।
ਮਾਨਵਤਾ ਦੀ ਭਲਾਈ ਲਈ ਮੇਲੇ ਦੌਰਾਨ ਖੂਨਦਾਨ ਕੈਂਪ ਵੀ ਲਗਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਖੂਨਦਾਨ ਕਰਕੇ ਸਮਾਜ ਸੇਵਾ ਦਾ ਸੰਦੇਸ਼ ਦਿੱਤਾ। ਮੇਲੇ ਦੇ ਸਮਾਪਤੀ ਸਮਾਗਮ ਤਹਿਤ ਕਰਵਾਏ ਗਏ ਕਬੱਡੀ ਟੂਰਨਾਮੈਂਟ ਵਿੱਚ ਪਿੰਡ ਚੱਠਾ (ਪੰਜਾਬ) ਦੀ ਟੀਮ ਨੇ ਪਹਿਲਾ ਅਤੇ ਪਿੰਡ ਧਨੌਰੀ (ਹਰਿਆਣਾ) ਦੀ ਟੀਮ ਨੇ ਦੂਜਾ ਸਥਾਨ ਹਾਸਲ ਕੀਤਾ। ਜੇਤੂ ਟੀਮਾਂ ਨੂੰ ਕ੍ਰਮਵਾਰ 31,000 ਰੁਪਏ ਅਤੇ 21,000 ਰੁਪਏ ਦੇ ਨਕਦ ਇਨਾਮ ਦੇ ਕੇ ਪਿੰਡ ਅਰਨੋਂ ਦੀ ਸਮੂਹ ਗ੍ਰਾਮ ਪੰਚਾਇਤ ਵੱਲੋਂ ਸਨਮਾਨਿਤ ਕੀਤਾ ਗਿਆ। ਮੇਲੇ ਦੌਰਾਨ ਬਾਬਾ ਜੀ ਦਾ ਅਤੁੱਟ ਲੰਗਰ ਵੀ ਵਰਤਾਇਆ ਗਿਆ।