ਸਮਾਣਾ, 1 ਜੂਨ (ਪੰਜਾਬੀ ਸਹਿਜ ਟਾਈਮਜ਼) : ਹਲਕਾ ਸਮਾਣਾ ਦੇ ਪਿੰਡ ਬਦਨਪੁਰ ਵਿਖੇ ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ ਵੱਲੋਂ ਸਮੂਹ ਨਗਰ ਨਿਵਾਸੀਆਂ ਅਤੇ ਐਨ.ਆਰ.ਆਈਜ਼. ਦੇ ਸਹਿਯੋਗ ਨਾਲ ਤੀਜੇ ਕ੍ਰਿਕੇਟ ਟੂਰਨਾਮੈਂਟ ਦਾ ਆਯੋਜਨ ਕੀਤਾ ਗਿਆ। ਟੂਰਨਾਮੈਂਟ ਦੌਰਾਨ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਸ. ਹਰਚੰਦ ਸਿੰਘ ਬਰਸਟ ਵੱਲੋਂ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਇਸ ਖੇਡ ਮੇਲੇ ਵਿੱਚ ਇਲਾਕੇ ਦੀਆਂ ਵੱਖ-ਵੱਖ ਟੀਮਾਂ ਨੇ ਬੜੇ ਹੀ ਉਤਸ਼ਾਹ ਨਾਲ ਭਾਗ ਲਿਆ ਅਤੇ ਖੇਡ ਭਾਵਨਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸ. ਬਰਸਟ ਨੇ ਖਿਡਾਰੀਆਂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਦਾ ਹੌਂਸਲਾ ਵਧਾਇਆ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਖੇਡਾਂ ਨਾ ਸਿਰਫ ਸਰੀਰਕ ਤੰਦਰੁਸਤੀ ਨੂੰ ਮਜ਼ਬੂਤ ਕਰਦੀਆਂ ਹਨ, ਸਗੋਂ ਨੌਜਵਾਨਾਂ ਵਿੱਚ ਅਨੁਸ਼ਾਸਨ, ਟੀਮ ਭਾਵਨਾ ਅਤੇ ਆਤਮ-ਵਿਸ਼ਵਾਸ ਵੀ ਪੈਦਾ ਕਰਦੀਆਂ ਹਨ। ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਖੇਡ ਢਾਂਚੇ ਨੂੰ ਮਜ਼ਬੂਤ ਕਰਨ, ਨਵੇਂ ਖੇਡ ਮੈਦਾਨ ਬਣਾਉਣ ਅਤੇ ਖਿਡਾਰੀਆਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ, ਤਾਂ ਜੋ ਪੰਜਾਬ ਦੇ ਨੌਜਵਾਨ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾ ਸਕਣ। ਸ. ਬਰਸਟ ਨੇ ਕਮੇਟੀ ਮੈਂਬਰਾਂ ਅਤੇ ਪ੍ਰਬੰਧਕਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਅਜਿਹੇ ਖੇਡ ਟੂਰਨਾਮੈਂਟ ਪਿੰਡਾਂ ਵਿੱਚ ਭਾਈਚਾਰਕ ਸਾਂਝ ਅਤੇ ਖੇਡ ਸਭਿਆਚਾਰ ਨੂੰ ਮਜ਼ਬੂਤ ਕਰਦੇ ਹਨ। ਟੂਰਨਾਮੈਂਟ ਦੌਰਾਨ ਐਨ.ਆਰ.ਆਈ. ਪਰਿਵਾਰਾਂ ਵੱਲੋਂ ਦਿੱਤੇ ਗਏ ਸਹਿਯੋਗ ਦੀ ਵੀ ਵਿਸ਼ੇਸ਼ ਤੌਰ 'ਤੇ ਸ਼ਲਾਘਾ ਕੀਤੀ ਗਈ ਅਤੇ ਖੇਡਾਂ ਦੇ ਵਿਕਾਸ ਲਈ ਯੋਗਦਾਨ ਪਾਉਣ ਵਾਲੇ ਐਨ.ਆਰ.ਆਈ. ਪਰਿਵਾਰਾਂ ਨੂੰ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਟੂਰਨਾਮੈਂਟ ਦੌਰਾਨ ਵੱਖ-ਵੱਖ ਟੀਮਾਂ ਵਿਚਾਲੇ ਰੋਮਾਂਚਕ ਮੁਕਾਬਲੇ ਦੇਖਣ ਨੂੰ ਮਿਲੇ, ਜਿਨ੍ਹਾਂ ਦਾ ਦਰਸ਼ਕਾਂ ਨੇ ਭਰਪੂਰ ਆਨੰਦ ਮਾਣਿਆ।
..............................................