ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਸ. ਬਿਕਰਮ ਸਿੰਘ ਮਜੀਠੀਆ ਅਤੇ ਉਨ੍ਹਾਂ ਦੇ ਸਾਥੀਆਂ ਖ਼ਿਲਾਫ਼ ਪੰਜਾਬ ਪੁਲਿਸ ਵੱਲੋਂ ਦਰਜ ਕੀਤੇ ਗਏ ਪਰਚੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਲੋਕਤੰਤਰ ਵਿੱਚ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਲਈ ਸਰਕਾਰੀ ਏਜੰਸੀਆਂ ਅਤੇ ਕਾਨੂੰਨੀ ਪ੍ਰਕਿਰਿਆਵਾਂ ਦੀ ਦੁਰਵਰਤੋਂ ਹੈ, ਜਿਸ ਨੂੰ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ। ਉਨ੍ਹਾਂ ਕਿਹਾ ਕਿ ਸਰਕਾਰ ਮਜੀਠਾ ਹਲਕੇ ਵਿੱਚ ਚੋਣਾਂ ਦੌਰਾਨ ਵੱਡੀ ਧੱਕੇਸ਼ਾਹੀ ਦੇ ਬਾਵਜੂਦ ਵੀ ਲੋਕਾਂ ਨੂੰ ਸ. ਮਜੀਠੀਆ ਨਾਲੋਂ ਤੋੜਨ ਵਿੱਚ ਕਾਮਯਾਬ ਨਹੀਂ ਹੋਈ, ਇਸੇ ਦੀ ਰੰਜਸ਼ ਕਾਰਨ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਦੇ ਲੋਕ ਅਜਿਹੇ ਹਥਕੰਡਿਆਂ ਨੂੰ ਭਲੀ-ਭਾਂਤੀ ਸਮਝਦੇ ਹਨ ਅਤੇ ਲੋਕਤੰਤਰ ਨੂੰ ਕਮਜ਼ੋਰ ਕਰਨ ਵਾਲੀਆਂ ਕੋਸ਼ਿਸ਼ਾਂ ਨੂੰ ਕਦੇ ਵੀ ਸਫ਼ਲ ਨਹੀਂ ਹੋਣ ਦੇਣਗੇ।