Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਲਈ ਇਤਿਹਾਸਕ ਐਲਾਨ

June 02, 2026 09:32 PM
Rozana Sehaj times
ਚੰਡੀਗੜ੍ਹ : ਪਿਛਲੇ ਕੁਝ ਦਹਾਕਿਆਂ ਦੌਰਾਨ ਪੰਜਾਬ ਵਿੱਚ ਹੋਏ ਖੇਤੀਬਾੜੀ ਸੁਧਾਰਾਂ ਵਿੱਚ ਸਭ ਤੋਂ ਵੱਡਾ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਸਾਨ ਕ੍ਰੈਡਿਟ ਕਾਰਡ (ਕੇ.ਸੀ.ਸੀ.) ਪ੍ਰਣਾਲੀ ਵਿੱਚ ਇਤਿਹਾਸਕ ਸੁਧਾਰ ਕੀਤਾ ਹੈ। ਇਸ ਤਹਿਤ 26 ਸਾਲ ਪੁਰਾਣੇ ਉਸ ਢਾਂਚੇ ਨੂੰ ਬਦਲ ਦਿੱਤਾ ਗਿਆ ਹੈ ਜਿਸ ਨੇ ਕਿਸਾਨਾਂ ਨੂੰ ਲੰਮੇ ਸਮੇਂ ਤੋਂ ਨਾਕਾਫ਼ੀ ਸੰਸਥਾਗਤ ਕਰਜ਼ੇ 'ਤੇ ਨਿਰਭਰ ਰਹਿਣ ਅਤੇ ਸ਼ਾਹੂਕਾਰਾਂ ਦੇ ਰਹਿਮੋ-ਕਰਮ 'ਤੇ ਛੱਡ ਦਿੱਤਾ ਸੀ। ਇਹ ਨਵੀਂ ਨੀਤੀ ਫ਼ਸਲ ਦੀ ਅਸਲ ਲਾਗਤ ਦੇ ਅਨੁਸਾਰ ਫ਼ਸਲ-ਵਾਰ ਕਰਜ਼ੇ ਦੀ ਹੱਦ (ਕ੍ਰੈਡਿਟ ਲਿਮਟਾਂ) ਨੂੰ ਮਹੱਤਵਪੂਰਨ ਤੌਰ 'ਤੇ ਵਧਾਉਂਦੀ ਹੈ, ਵਿਆਜ ਦੇ ਬੋਝ ਨੂੰ ਘਟਾਉਂਦੀ ਹੈ, ਵੱਧ ਮੁਨਾਫੇ ਵਾਲੀਆਂ ਫ਼ਸਲਾਂ ਅਤੇ ਸਹਾਇਕ ਖੇਤਰਾਂ ਲਈ ਕਰਜ਼ੇ ਦੀ ਯੋਗਤਾ ਦਾ ਵਿਸਤਾਰ ਕਰਦੀ ਹੈ। ਇੱਥੋਂ ਤੱਕ ਕਿ ਪਰਾਲੀ ਪ੍ਰਬੰਧਨ ਲਈ ਵਿਸ਼ੇਸ਼ ਵਿੱਤੀ ਸਹਾਇਤਾ ਸ਼ੁਰੂ ਕਰਦੀ ਹੈ ਅਤੇ ਕਿਸਾਨਾਂ ਨੂੰ ਏ.ਟੀ.ਐਮ. ਅਤੇ ਯੂ.ਪੀ.ਆਈ. ਵਰਗੇ ਆਧੁਨਿਕ ਡਿਜੀਟਲ ਪਲੇਟਫਾਰਮਾਂ ਰਾਹੀਂ ਫੰਡਾਂ ਦੀ ਵਰਤੋਂ ਕਰਨ ਦੇ ਯੋਗ ਬਣਾਉਂਦੀ ਹੈ। ਇਨ੍ਹਾਂ ਸੁਧਾਰਾਂ ਨੂੰ ਖੇਤੀਬਾੜੀ ਨੂੰ ਵਧੇਰੇ ਲਾਹੇਵੰਦ ਅਤੇ ਟਿਕਾਊ ਬਣਾਉਣ ਵੱਲ ਅਹਿਮ ਫੈਸਲਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਵਾਂ ਕੇ.ਸੀ.ਸੀ. ਢਾਂਚਾ ਕਿਸਾਨਾਂ ਦੇ ਹੱਥਾਂ ਵਿੱਚ ਵਧੇਰੇ ਪੈਸਾ ਸਿੱਧਾ ਪਹੁੰਚਾਏਗਾ, ਕਣਕ-ਝੋਨੇ ਦੇ ਚੱਕਰ ਤੋਂ ਬਾਹਰ ਫ਼ਸਲੀ ਵਿਭਿੰਨਤਾ ਨੂੰ ਤੇਜ਼ ਕਰੇਗਾ, ਸਹਿਕਾਰੀ ਕਰਜ਼ਾ ਸੰਸਥਾਵਾਂ ਨੂੰ ਮਜ਼ਬੂਤ ਕਰੇਗਾ ਅਤੇ ਕਿਸਾਨਾਂ ਨੂੰ ਕਰਜ਼ੇ ਦੇ ਜਾਲ ਵਿੱਚੋਂ ਕੱਢਣ ਵਿੱਚ ਮਦਦ ਕਰੇਗਾ। ਇਨ੍ਹਾਂ ਸੁਧਾਰਾਂ ਨਾਲ ਪੰਜਾਬ ਭਰ ਦੇ 13 ਲੱਖ ਤੋਂ ਵੱਧ ਕਿਸਾਨਾਂ ਨੂੰ ਲਾਭ ਹੋਣ ਦੀ ਉਮੀਦ ਹੈ, ਜਿਸ ਵਿੱਚ ਕਈ ਫ਼ਸਲਾਂ ਲਈ ਕਰਜ਼ਾ ਸਹਾਇਤਾ ਵਿੱਚ ਭਾਰੀ ਵਾਧਾ ਹੋਵੇਗਾ। ਇਸ ਵਿੱਚ ਬਾਗਬਾਨੀ ਫ਼ਸਲਾਂ ਵੀ ਸ਼ਾਮਲ ਹਨ, ਜਿੱਥੇ ਪਹਿਲਾਂ ਮਿਲਣ ਵਾਲੀ 32,000 ਰੁਪਏ ਪ੍ਰਤੀ ਏਕੜ ਦੀ ਇਕਸਾਰ ਹੱਦ ਦੇ ਮੁਕਾਬਲੇ ਹੁਣ ਕਰਜ਼ਾ 1.57 ਲੱਖ ਰੁਪਏ ਪ੍ਰਤੀ ਏਕੜ ਤੱਕ ਜਾ ਸਕਦਾ ਹੈ। ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਸਿਰਫ਼ ਕੋਈ ਨੀਤੀਗਤ ਬਦਲਾਅ ਨਹੀਂ ਹੈ, ਸਗੋਂ ਪੰਜਾਬ ਦੇ ਕਿਸਾਨਾਂ ਦੀ ਆਰਥਿਕ ਆਜ਼ਾਦੀ ਦੇ ਉਦੇਸ਼ ਨਾਲ ਲਿਆ ਗਿਆ ਇਤਿਹਾਸਕ ਫੈਸਲਾ ਹੈ। ਅਸੀਂ ਲਾਲ ਫ਼ੀਤਾਸ਼ਾਹੀ ਨੂੰ ਖ਼ਤਮ ਕਰ ਦਿੱਤਾ ਹੈ, ਇਹ ਯਕੀਨੀ ਬਣਾਇਆ ਹੈ ਕਿ ਵਧੇਰੇ ਪੈਸਾ ਸਿੱਧਾ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਪਹੁੰਚੇ ਅਤੇ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ (ਪੀ.ਏ.ਸੀ.ਐਸ.) ਅਤੇ ਜ਼ਿਲ੍ਹਾ ਕੇਂਦਰੀ ਸਹਿਕਾਰੀ ਬੈਂਕਾਂ ਲਈ ਅਸਰਦਾਰ ਢੰਗ ਨਾਲ ਕਿਸਾਨਾਂ ਦੀ ਸੇਵਾ ਕਰਨਾ ਆਸਾਨ ਬਣਾ ਦਿੱਤਾ ਹੈ। ਅਸੀਂ ਆਪਣੇ ਕਿਸਾਨਾਂ ਨੂੰ 21ਵੀਂ ਸਦੀ ਦੇ ਡਿਜੀਟਲ ਸਾਧਨਾਂ ਨਾਲ ਲੈਸ ਕੀਤਾ ਹੈ ਅਤੇ ਉਹ ਹੁਣ ਪੰਜਾਬ ਦੀ ਤਰੱਕੀ ਦੀ ਨਵੀਂ ਕਹਾਣੀ ਲਿਖਣਗੇ।” ਇਸ ਸੁਧਾਰ ਦੀ ਅਹਿਮੀਅਤ 'ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸਾਲ 2000 ਤੋਂ ਚੱਲੇ ਆ ਰਹੇ ਪੁਰਾਣੇ ਕੇ.ਸੀ.ਸੀ. ਸਿਸਟਮ ਨੂੰ ਬਦਲ ਕੇ 26 ਸਾਲਾਂ ਦੀ ਖੜ੍ਹੋਤ ਨੂੰ ਤੋੜਿਆ ਹੈ। ਉਨ੍ਹਾਂ ਕਿਹਾ, “ਦੋ ਦਹਾਕਿਆਂ ਤੋਂ ਵੱਧ ਸਮੇਂ ਤੋਂ ਪੰਜਾਬ ਦੇ ਕਿਸਾਨਾਂ ਨੂੰ ਹੱਥੀਂ ਕਾਗਜ਼ੀ ਕਾਰਵਾਈ, ਚੈੱਕ ਬੁੱਕ ਅਤੇ ਪਾਸਬੁੱਕਾਂ ਦੇ ਆਲੇ-ਦੁਆਲੇ ਘੁੰਮਣ ਵਾਲੇ ਪੁਰਾਣੇ ਤੇ ਗੁੰਝਲਦਾਰ ਕੇ.ਸੀ.ਸੀ ਢਾਂਚੇ 'ਤੇ ਨਿਰਭਰ ਰਹਿਣ ਲਈ ਮਜਬੂਰ ਕੀਤਾ ਗਿਆ ਸੀ। ਪਿਛਲੀਆਂ ਸਰਕਾਰਾਂ ਨੇ ਇਸ ਸਥਿਤੀ ਨੂੰ ਸੁਧਾਰਨ ਦੀ ਬਜਾਏ ਜਿਉਂ ਦਾ ਤਿਉਂ ਰਹਿਣ ਦਿੱਤਾ। ਸਾਡੀ ਸਰਕਾਰ ਨੇ ਉਸ 26 ਸਾਲ ਪੁਰਾਣੇ ਸਿਸਟਮ ਨੂੰ ਬਦਲ ਕੇ ਪਾਰਦਰਸ਼ੀ, ਡਿਜੀਟਲ ਅਤੇ ਬਿਹਤਰੀਨ ਕਰਜ਼ਾ ਵਿਵਸਥਾ ਲਾਗੂ ਕੀਤੀ ਹੈ, ਜੋ ਕਿ ਆਧੁਨਿਕ ਖੇਤੀਬਾੜੀ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖ ਕੇ ਤਿਆਰ ਕੀਤੀ ਗਈ ਹੈ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੋਧੀ ਹੋਈ ਨੀਤੀ ਨਾਲ ਕਿਸਾਨਾਂ ਨੂੰ ਮਿਲਣ ਵਾਲੇ ਕਰਜ਼ਾ ਹੱਦ ਵਿੱਚ ਭਾਰੀ ਵਾਧਾ ਹੋਵੇਗਾ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਬੈਂਕ ਕਰਜ਼ਾ ਫ਼ਸਲ ਦੀ ਅਸਲ ਲਾਗਤ ਨੂੰ ਦਰਸਾਉਂਦਾ ਹੋਵੇ। ਉਨ੍ਹਾਂ ਕਿਹਾ, “ਅਸੀਂ ਕਣਕ ਲਈ ਕਰਜ਼ਾ ਹੱਦ 24,380 ਰੁਪਏ ਪ੍ਰਤੀ ਏਕੜ ਤੋਂ ਵਧਾ ਕੇ 30,000 ਰੁਪਏ ਪ੍ਰਤੀ ਏਕੜ ਕਰ ਦਿੱਤੀ ਹੈ। ਇਸੇ ਤਰ੍ਹਾਂ ਝੋਨੇ ਲਈ 25,440 ਰੁਪਏ ਪ੍ਰਤੀ ਏਕੜ ਤੋਂ ਵਧਾ ਕੇ 39,000 ਰੁਪਏ ਪ੍ਰਤੀ ਏਕੜ ਕਰ ਦਿੱਤਾ ਗਿਆ ਹੈ। ਇਸ ਨਾਲ ਕਿਸਾਨਾਂ ਨੂੰ ਉਹ ਅਸਲ ਵਿੱਤੀ ਸਹਾਇਤਾ ਮਿਲੇਗੀ ਜਿਸ ਦੇ ਉਹ ਹੱਕਦਾਰ ਹਨ।” ਮੁੱਖ ਮੰਤਰੀ ਨੇ ਕਿਹਾ ਕਿ ਕੇ.ਸੀ.ਸੀ. ਦੇ ਨਵੇਂ ਢਾਂਚੇ ਵਿੱਚ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਨੂੰ ਸ਼ਾਮਲ ਕਰਨ ਵਾਲਾ ਪਹਿਲਾ ਸੂਬਾ ਬਣ ਕੇ ਪੰਜਾਬ, ਦੇਸ਼ ਭਰ ਵਿੱਚ ਮੋਹਰੀ ਸੂਬੇ ਵਜੋਂ ਉੱਭਰਿਆ ਹੈ। ਉਨ੍ਹਾਂ ਕਿਹਾ, “ਝੋਨੇ ਦੀ ਸੋਧੀ ਹੋਈ 39,000 ਰੁਪਏ ਪ੍ਰਤੀ ਏਕੜ ਦੀ ਹੱਦ ਵਿੱਚੋਂ 2,000 ਰੁਪਏ ਪ੍ਰਤੀ ਏਕੜ ਵਿਸ਼ੇਸ਼ ਤੌਰ 'ਤੇ ਫ਼ਸਲੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਰੱਖੇ ਗਏ ਹਨ। ਦੇਸ਼ ਵਿੱਚ ਪਹਿਲੀ ਵਾਰ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਵਿਸ਼ੇਸ਼ ਸਹਾਇਤਾ ਰਾਹੀਂ ਵਾਤਾਵਰਣ ਦੀ ਸੰਭਾਲ ਵਿੱਚ ਯੋਗਦਾਨ ਪਾਉਣ ਲਈ ਵਿੱਤੀ ਤੌਰ 'ਤੇ ਮਜ਼ਬੂਤ ਕੀਤਾ ਜਾ ਰਿਹਾ ਹੈ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਵੱਲੋਂ ਗੰਨਾ ਉਤਪਾਦਕਾਂ ਦੀ ਸਹਾਇਤਾ ਲਈ ਵੀ ਸ਼ਾਨਦਾਰ ਕਦਮ ਚੁੱਕੇ ਗਏ ਹਨ। ਉਨ੍ਹਾਂ ਕਿਹਾ, “ਲਗਾਏ ਗਏ ਗੰਨੇ ਲਈ ਕਰਜ਼ਾ ਸੀਮਾ ਨੂੰ 44,000 ਰੁਪਏ ਪ੍ਰਤੀ ਏਕੜ ਤੋਂ ਵਧਾ ਕੇ 1 ਲੱਖ ਰੁਪਏ ਪ੍ਰਤੀ ਏਕੜ ਕਰ ਦਿੱਤਾ ਗਿਆ ਹੈ। ਰੈਟੂਨ ਫਸਲਾਂ (ਮੁੜ ਫੁੱਟਣ ਵਾਲੀਆਂ) ਲਈ ਪਹਿਲੀ ਵਾਰ 65,000 ਰੁਪਏ ਪ੍ਰਤੀ ਏਕੜ ਦੀ ਕਰਜ਼ਾ ਵਿਵਸਥਾ ਕੀਤੀ ਗਈ ਹੈ। ਪਹਿਲਾਂ ਕਿਸਾਨਾਂ ਨੂੰ ਕਰਜ਼ਾ ਲੈਣ ਲਈ ਅਕਸਰ ਸ਼ਾਹੂਕਾਰਾਂ ਅਤੇ ਐਨ.ਬੀ.ਐਫ.ਸੀ. 'ਤੇ ਨਿਰਭਰ ਕਰਨਾ ਪੈਂਦਾ ਸੀ ਜੋ ਬਹੁਤ ਜ਼ਿਆਦਾ ਵਿਆਜ ਦਰਾਂ ਵਸੂਲਦੇ ਸਨ ਕਿਉਂਕਿ ਸੰਸਥਾਗਤ ਕਰਜ਼ਾ ਉਨ੍ਹਾਂ ਦੀਆਂ ਅਸਲ ਜ਼ਰੂਰਤਾਂ ਨੂੰ ਪੂਰਾ ਨਹੀਂ ਕਰਦਾ ਸੀ। ਸਾਡਾ ਉਦੇਸ਼ ਕਿਸਾਨਾਂ ਨੂੰ ਕਿਫਾਇਤੀ ਕਰਜ਼ੇ ਰਾਹੀਂ ਪੂਰੀ ਤਰ੍ਹਾਂ ਸਹਿਕਾਰੀ ਕਰਜ਼ਾ ਨੈੱਟਵਰਕ ਵਿੱਚ ਸ਼ਾਮਲ ਕਰਨਾ ਹੈ।” ਮੁੱਖ ਮੰਤਰੀ ਨੇ ਕਿਹਾ ਕਿ ਸੋਧੇ ਹੋਏ ਕੇ.ਸੀ.ਸੀ. ਢਾਂਚੇ ਨਾਲ ਫਸਲੀ ਵਿਭਿੰਨਤਾ ਨੂੰ ਵੀ ਹੁਲਾਰਾ ਮਿਲੇਗਾ ਅਤੇ ਸਹਾਇਕ ਖੇਤਰਾਂ ਨੂੰ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ, “ਅਸੀਂ ਕਿਸਾਨਾਂ ਨੂੰ ਉੱਚ-ਮੁੱਲ ਵਾਲੀਆਂ ਫਸਲਾਂ ਵੱਲ ਮੋੜਨ ਲਈ ਸਰਗਰਮੀ ਨਾਲ ਕਦਮ ਚੁੱਕ ਰਹੇ ਹਾਂ। ਪਹਿਲੀ ਵਾਰ, ਪੌਪਲਰ ਅਤੇ ਬਾਂਸ ਵਰਗੀਆਂ ਖੇਤੀਬਾੜੀ-ਜੰਗਲਾਤ ਫਸਲਾਂ ਦੇ ਨਾਲ ਨਾਲ ਜਾਮੁਨ ਵਰਗੀਆਂ ਖੇਤੀਬਾੜੀ-ਬਾਗਬਾਨੀ ਫਸਲਾਂ ਨੂੰ ਕਰਜ਼ਾ ਪ੍ਰਣਾਲੀ ਅਧੀਨ ਲਿਆਂਦਾ ਗਿਆ ਹੈ। ਅਸੀਂ ਲੈਮਨਗ੍ਰਾਸ ਲਈ ਵੀ ਕਰਜ਼ਾ ਹੱਦ ਲਿਆਂਦੀ ਹੈ, ਜਿਸ ਨਾਲ ਸ਼ਿਵਾਲਿਕ ਪਹਾੜੀਆਂ ਦੇ ਕਿਸਾਨਾਂ ਨੂੰ ਲਾਭ ਹੋਵੇਗਾ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਨੇ ਬਾਗਬਾਨੀ ਅਤੇ ਸਬਜ਼ੀਆਂ ਦੀ ਕਾਸ਼ਤ ਲਈ ਦਿੱਤੀ ਜਾ ਰਹੀ ਸਹਾਇਤਾ ਵਿੱਚ ਕਾਫ਼ੀ ਵਾਧਾ ਕੀਤਾ ਹੈ। ਉਨ੍ਹਾਂ ਕਿਹਾ, “ਪਹਿਲਾਂ, ਸਾਰੇ ਫਲ ਅਤੇ ਸਬਜ਼ੀਆਂ ਲਈ ਇਕਸਾਰ ਕਰਜ਼ਾ ਹੱਦ ਨਿਰਧਾਰਤ ਕੀਤੀ ਗਈ ਸੀ। ਹੁਣ, ਫਸਲ ਮੁਤਾਬਕ ਕਰਜ਼ਾ ਸਹਾਇਤਾ ਸ਼ੁਰੂ ਕੀਤੀ ਗਈ ਹੈ, ਜਿਸ ਦੀ ਹੱਦ ਪ੍ਰਤੀ ਏਕੜ 1.57 ਲੱਖ ਰੁਪਏ ਤੱਕ ਹੈ। ਲਸਣ ਉਤਪਾਦਕ ਹੁਣ ਪ੍ਰਤੀ ਏਕੜ 1,57,372 ਰੁਪਏ, ਹਾੜ੍ਹੂ ਪਿਆਜ਼ ਉਤਪਾਦਕ ਪ੍ਰਤੀ ਏਕੜ 92,686 ਰੁਪਏ ਅਤੇ ਹਾਈਬ੍ਰਿਡ ਟਮਾਟਰ ਉਤਪਾਦਕ ਪ੍ਰਤੀ ਏਕੜ 80,981 ਰੁਪਏ ਦਾ ਕਰਜ਼ਾ ਪ੍ਰਾਪਤ ਕਰ ਸਕਦੇ ਹਨ।”
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਕਈ ਉੱਭਰ ਰਹੇ ਅਤੇ ਪ੍ਰਗਤੀਸ਼ੀਲ ਖੇਤੀ ਸੈਕਟਰਾਂ ਨੂੰ ਸਹਾਇਤਾ ਦਿੱਤੀ ਗਈ ਹੈ। ਉਨ੍ਹਾਂ ਕਿਹਾ, “ਪਹਿਲੀ ਵਾਰ, ਡਰੈਗਨ ਫਰੂਟ ਅਤੇ ਚੀਆ ਸੀਡ/ਕੁਇਨੋਆ ਵਰਗੀਆਂ ਫਸਲਾਂ ਨੂੰ ਕਰਜ਼ੇ ਦੇ ਦਾਇਰੇ ਅਧੀਨ ਲਿਆਂਦਾ ਗਿਆ ਹੈ। ਨੀਲੀ ਕ੍ਰਾਂਤੀ ਨੂੰ ਮਜ਼ਬੂਤ ਕਰਨ ਲਈ ਮੱਛੀ ਪਾਲਣ ਲਈ ਕਰਜ਼ਾ ਹੱਦ 2.5 ਲੱਖ ਰੁਪਏ ਪ੍ਰਤੀ ਹੈਕਟੇਅਰ ਤੋਂ ਵਧਾ ਕੇ 3 ਲੱਖ ਪ੍ਰਤੀ ਰੁਪਏ ਹੈਕਟੇਅਰ ਕਰ ਦਿੱਤੀ ਗਈ ਹੈ। ਚਿੱਟਾ ਝੀਂਗਾ ਉਤਪਾਦਕਾਂ ਨੂੰ ਹੁਣ ਪ੍ਰਤੀ ਹੈਕਟੇਅਰ 5.5 ਲੱਖ ਰੁਪਏ ਦੀ ਸਹਾਇਤਾ ਮਿਲੇਗੀ, ਜੋ ਪਹਿਲਾਂ 4.5 ਲੱਖ ਰੁਪਏ ਪ੍ਰਤੀ ਹੈਕਟੇਅਰ ਸੀ।” ਨਵੀਂ ਕੇ.ਸੀ.ਸੀ. ਨੀਤੀ ਤਹਿਤ ਉਪਲਬਧ ਲਾਭਾਂ 'ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸਾਨਾਂ ਨੂੰ ਹੁਣ ਸੂਬਾ ਪੱਧਰੀ ਤਕਨੀਕੀ ਕਮੇਟੀ ਵੱਲੋਂ ਸਾਲਾਨਾ ਸਮੀਖਿਆਵਾਂ ਦੇ ਨਾਲ ਛੇ ਸਾਲਾ ਕੇ.ਸੀ.ਸੀ. ਮਨਜ਼ੂਰੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ, “ਅਸੀਂ ਪੁਰਾਣੀਆਂ ਪਾਬੰਦੀਆਂ ਹਟਾ ਦਿੱਤੀਆਂ ਹਨ। ਬੀ-ਕੰਪੋਨੈਂਟ ਨੂੰ ਹੁਣ 40 ਫ਼ੀਸਦ ਤੋਂ ਵਧਾ ਕੇ 100 ਫ਼ੀਸਦ ਤੱਕ ਕੀਤਾ ਜਾ ਸਕਦਾ ਹੈ, ਜਿਸ ਨਾਲ ਕਿਸਾਨ ਬੀਜ, ਖਾਦ, ਪਸ਼ੂ ਚਾਰਾ, ਕਸਟਮ ਹਾਇਰਿੰਗ, ਪਰਾਲੀ ਪ੍ਰਬੰਧਨ, ਜ਼ਮੀਨ ਪੱਧਰੀ ਕਰਨ ਅਤੇ ਇੱਥੋਂ ਤੱਕ ਕਿ ਡਰੋਨ ਹਾਇਰਿੰਗ ਲਈ ਵੀ ਕਰਜ਼ਾ ਪ੍ਰਾਪਤ ਕਰ ਸਕਣਗੇ। ਮੁਕੰਮਲ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਅਤੇ ਵਿਚੋਲਿਆਂ ਨੂੰ ਖਤਮ ਕਰਨ ਲਈ, ਏ-ਕੰਪੋਨੈਂਟ ਹੁਣ ਸਿੱਧੇ ਕਿਸਾਨਾਂ ਦੇ ਬਚਤ ਖਾਤਿਆਂ ਵਿੱਚ ਜਮ੍ਹਾਂ ਕੀਤਾ ਜਾਵੇਗਾ।” ਮੁੱਖ ਮੰਤਰੀ ਨੇ ਕਿਹਾ ਕਿ ਇਹ ਨੀਤੀ ਕਿਸਾਨਾਂ 'ਤੇ ਵਿਆਜ ਦੇ ਬੋਝ ਨੂੰ ਵੀ ਘਟਾਏਗੀ ਅਤੇ ਆਸਾਨ ਕਰਜ਼ੇ ਨੂੰ ਯਕੀਨੀ ਬਣਾਏਗੀ। ਉਨ੍ਹਾਂ ਕਿਹਾ, “ਕਿਸਾਨਾਂ 'ਤੇ ਲਾਗੂ ਵਿਆਜ ਦਰਾਂ ਘੱਟ ਹੋਣਗੀਆਂ ਅਤੇ ਸਾਰੇ ਲਾਭ ਕੇ.ਆਰ.ਪੀ. ਪੋਰਟਲ ਨਾਲ ਜੁੜੇ ਸੁਚਾਰੂ ਕੇ.ਸੀ.ਸੀ. ਖਾਤੇ ਰਾਹੀਂ ਟ੍ਰਾਂਸਫਰ ਕੀਤੇ ਜਾਣਗੇ। ਅਸਲ ਕਾਸ਼ਤ ਲਾਗਤਾਂ ਮੁਤਾਬਕ ਕਰਜ਼ਾ ਸੀਮਾਵਾਂ ਨਿਰਧਾਰਤ ਕਰਕੇ ਅਸੀਂ ਕਿਸਾਨਾਂ ਨੂੰ ਸ਼ਾਹੂਕਾਰਾਂ ਦੇ ਕਰਜ਼ੇ ਦੇ ਜਾਲ ਤੋਂ ਮੁਕਤ ਕਰ ਰਹੇ ਹਾਂ।” ਸੋਧੀ ਗਈ ਨੀਤੀ 'ਆਪ' ਸਰਕਾਰ ਦੀ ਫਸਲੀ ਵਿਭਿੰਨਤਾ ਅਤੇ ਟਿਕਾਊ ਖੇਤੀਬਾੜੀ ਵੱਲ ਦਿੱਤੀ ਜਾ ਰਹੀ ਤਰਜੀਹ ਨੂੰ ਵੀ ਦਰਸਾਉਂਦੀ ਹੈ। ਪਹਿਲੀ ਵਾਰ, ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ, ਖੇਤੀਬਾੜੀ-ਜੰਗਲਾਤ, ਬਾਗਬਾਨੀ, ਮੱਛੀ ਪਾਲਣ ਅਤੇ ਕਈ ਉੱਚ-ਮੁੱਲ ਵਾਲੀਆਂ ਫਸਲਾਂ, ਜਿਨ੍ਹਾਂ ਵਿੱਚ ਡਰੈਗਨ ਫਰੂਟ, ਲੈਮਨਗ੍ਰਾਸ ਅਤੇ ਬਾਂਸ ਸ਼ਾਮਲ ਹਨ, ਨੂੰ ਵਿੱਤੀ ਸਹਾਇਤਾ ਦਾ ਦਾਇਰੇ ਵਿੱਚ ਲਿਆਂਦਾ ਗਿਆ ਹੈ। ਰਵਾਇਤੀ ਕਣਕ-ਝੋਨੇ ਦੀਆਂ ਫਸਲਾਂ ਤੋਂ ਇਲਾਵਾ ਹੋਰਨਾਂ ਫਸਲਾਂ ਨੂੰ ਕਰਜ਼ੇ ਦੇ ਦਾਇਰੇ ਵਿੱਚ ਸ਼ਾਮਲ ਕਰਕੇ ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੀ ਖੇਤੀਬਾੜੀ ਆਰਥਿਕਤਾ ਨੂੰ ਮਜ਼ਬੂਤ ਕਰਦੇ ਹੋਏ ਕਿਸਾਨਾਂ ਲਈ ਆਮਦਨ ਦੇ ਨਵੇਂ ਮੌਕੇ ਪੈਦਾ ਕੀਤੇ ਜਾ ਰਹੇ ਹਨ।
-------

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ