ਲੁਧਿਆਣਾ : ਐਸ ਕੇ ਐੱਮ (ਸੰਯੁਕਤ ਕਿਸਾਨ ਮੋਰਚਾ) ਦੇ ਸੱਦੇ ’ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਲੁਧਿਆਣਾ ਬਲਾਕ ਦਾ ਕਾਫ਼ਲਾ ਬਲਾਕ ਸਕੱਤਰ ਅਜੀਤ ਸਿੰਘ ਧਾਂਦਰਾ ਅਗਵਾਈ ਹੇਠ ਡੀਸੀ ਦਫ਼ਤਰ ਵਿਖੇ ਰੱਖੇ ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਇਆ। ਇਸ ਮੌਕੇ ਬਲਾਕ ਸਕੱਤਰ ਅਜੀਤ ਸਿੰਘ ਧਾਂਦਰਾ ਨੇ ਕਿਹਾ ਕਿ ਅੱਜ ਸੰਯੁਕਤ ਕਿਸਾਨ ਮੋਰਚਾ (SKM) ਵੱਲੋਂ ਪੰਜਾਬ ਦੇ ਸਮੂਹ ਡੀਸੀ ਦਫਤਰਾਂ ਅੱਗੇ ਦਿੱਤੇ ਜਾ ਰਹੇ ਧਰਨਿਆਂ ਅਤੇ ਮੰਗ ਪੱਤਰ ਮੁਹਿੰਮ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਦਾ ਐਲਾਨ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਸਾਰੀਆਂ ਹੀ ਜਥੇਬੰਦੀਆਂ ਨੂੰ ਸਵੇਰੇ 11 ਵਜੇ ਤੋਂ 2 ਵਜੇ ਤੱਕ ਕਿਸਾਨਾਂ ਵੱਲੋਂ ਪ੍ਰਦਰਸ਼ਨ ਕੀਤਾ ਜਾਣ ਦਾ ਸੁਨੇਹਾ ਲੱਗਿਆ ਸੀ। ਇਸ ਮੌਕੇ ਅਜੀਤ ਸਿੰਘ ਧਾਂਦਰਾ ਨੇ ਕਿਹਾ ਕਿ ਇਸ ਪ੍ਰਦਰਸ਼ਨ ਦੇ ਮੁੱਖ ਮੁੱਦੇ ਯੂਰੀਆ ਅਤੇ ਡੀਏਪੀ ਖਾਦ ਦੀ ਘਾਟ, ਡੀਜ਼ਲ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ, ਐੱਮ ਐਸ ਪੀ ’ਤੇ ਕਾਨੂੰਨੀ ਗਾਰੰਟੀ ਨਾ ਹੋਣਾ, ਸਹਿਕਾਰੀ ਕਰਜ਼ੇ ਦੀਆਂ ਸੀਮਾਵਾਂ ਵਿੱਚ ਵਾਧਾ ਨਾ ਕਰਨਾ ਅਤੇ ਬੈਂਕਾਂ ਵੱਲੋਂ ਨਕਦੀ ਕੱਢਣ ’ਤੇ ਲਾਈਆਂ ਰੁਕਾਵਟਾਂ ਸਨ ਜਿਨਾ ਨੇ ਕਿਸਾਨਾਂ ਆਮ ਲੋਕਾਂ ਦੀਆਂ ਮੁਸ਼ਕਲਾਂ ਹੋਰ ਵਧਾ ਦਿੱਤੀਆਂ ਹਨ।