ਨਵਾਂਸ਼ਹਿਰ : ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਕਰਵਾਈ ਜਾ ਰਹੀ ਨਸ਼ਾ ਅਤੇ ਸਮਾਜਿਕ-ਆਰਥਿਕ ਜਨਗਣਨਾ ਦੀ ਪ੍ਰਗਤੀ ਜਾਇਜ਼ਾ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਔਲਖ ਵਲੋਂ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਲਿਆ ਗਿਆ। ਇਸ ਮੌਕੇ ਤੇ ਵਧੀਕ ਡਿਪਟੀ ਕਮਿਸ਼ਨਰ (ਪੇ. ਵਿਕਾਸ) ਅਵਨੀਤ ਕੌਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਭਲਾਈ ਯੋਜਨਾਬੰਦੀ ਨੂੰ ਬਿਹਤਰ ਬਣਾਉਣ ਲਈ ਇਹ ਜਨਗਣਨਾ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਗਿਣਤੀਕਾਰ ਘਰ ਘਰ ਜਾ ਕੇ ਡਾਟਾ ਇਕੱਠਾ ਕਰਨਗੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਜਨਗਣਨਾ ਦੌਰਾਨ ਜ਼ਿਲ੍ਹਾ ਵਾਸੀਆਂ ਵਲੋਂ ਦਿੱਤੀ ਗਈ ਜਾਣਕਾਰੀ ਨੂੰ ਪੂਰਨ ਤੌਰ ’ਤੇ ਗੁਪਤ ਅਤੇ ਸੁਰੱਖਿਅਤ ਰੱਖਿਆ ਜਾਵੇਗਾ ਤੇ ਇਕੱਤਰ ਡਾਟਾ ਸਿਰ਼ਫ ਨੀਤੀ ਯੋਜਨਾਬੰਦੀ ਅਤੇ ਭਲਾਈ ਕਾਰਜਾਂ ਲਈ ਹੀ ਵਰਤਿਆ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਕੋਈ ਵੀ ਜਾਣਕਾਰੀ ਕਿਸੇ ਵੀ ਸ਼ਜਾ ਵਾਲੀ ਕਾਰਵਾਈ ਲਈ ਨਹੀਂ ਵਰਤੀ ਜਾਵੇਗੀ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਮਜ਼ਬੂਤ ਅਤੇ ਨਸ਼ਾ ਮੁਕਤ ਪੰਜਾਬ ਦੇ ਨਿਰਮਾਣ ਲਈ ਨਸ਼ਾ ਅਤੇ ਸਮਾਜਿਕ-ਆਰਥਿਕ ਜਨਗਣਨਾ ਨੂੰ ਸਫ਼ਲਤਾ ਪੂਰਵਕ ਮੁਕੰਮਲ ਕਰਨ ਵਿੱਚ ਵੱਡਮੁੱਲਾ ਸਹਿਯੋਗ ਦੇਣ ਅਤੇ ਸਹੀ ਜਾਣਕਾਰੀ ਸਾਂਝੀ ਕਰਨ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਰਗਰਮ ਭਾਗੀਦਾਰੀ ਬਿਹਤਰ ਭਲਾਈ ਯੋਜਨਾਵਾਂ ਅਤੇ ਭਵਿੱਖ ਨਿਰਮਾਣ ਵਿੱਚ ਅਹਿਮ ਭੂਮਿਕਾ ਨਿਭਾਏਗੀ। ਇਸ ਉਪਰੰਤ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਔਲਖ ਵਲੋਂ ਰੰਗਲਾ ਪੰਜਾਬ ਅਤੇ ਮਾਵਾਂ-ਧੀਆਂ ਸਤਿਕਾਰ ਯੋਜਾਨਾ ਤਹਿਤ ਮੀਟਿੰਗ ਕਰਕੇ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ।