ਫਰੀਦਕੋਟ : ਸਰਕਾਰ ਵੱਲੋਂ ਅੰਨੇਪਣ ਅਤੇ ਨਜ਼ਰ ਦੀ ਕਮਜ਼ੋਰੀ ਨੂੰ ਰੋਕਣ ਲਈ ਚਲਾਏ ਜਾ ਰਹੇ ਅੰਨੇਪਣ ਦੀ ਰੋਕਥਾਮ ਅਤੇ ਨਿਯੰਤਰਣ ਲਈ ਚਲਾਏ ਜਾ ਰਹੇ ਰਾਸ਼ਟਰੀ ਪ੍ਰੋਗਰਾਮ ਤਹਿਤ ਸਿਵਲ ਸਰਜਨ ਫਰੀਦਕੋਟ ਡਾ. ਰਮਨਦੀਪ ਸਿੰਗਲਾ ਦੀ ਅਗਵਾਈ ਹੇਠ ਲੋੜਵੰਦ ਵਿਅਕਤੀਆਂ ਦੀਆਂ ਅੱਖਾਂ ਦੀ ਜਾਂਚ ਕਰਕੇ ਉਨ੍ਹਾਂ ਨੂੰ ਮੁਫ਼ਤ ਐਨਕਾਂ ਵੰਡਣ ਦੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਉਹਨਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪ੍ਰੋਗਰਾਮ ਅਧੀਨ 45 ਸਾਲ ਤੋਂ ਉੱਪਰ ਉਮਰ ਦੇ ਲੋੜਵੰਦ ਲਾਭਪਾਤਰੀਆਂ ਦੀਆਂ ਅੱਖਾਂ ਦੀ ਜਾਂਚ ਕਰਕੇ ਮੁਫਤ ਐਨਕਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਹਨਾਂ ਦੱਸਿਆ ਕਿ ਇਸਦੇ ਸ਼ੁਰੂਆਤੀ ਪੜਾਅ ਵਿੱਚ ਜਿਲ੍ਹੇ ਦੀਆਂ ਸਮੂਹ ਸਿਹਤ ਸੰਸਥਾਵਾਂ ਨੂੰ 668 ਐਨਕਾਂ ਦੀ ਸਪਲਾਈ ਜਾਰੀ ਕਰ ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਅੱਖਾਂ ਮਨੁੱਖੀ ਸਰੀਰ ਦਾ ਬਹੁਤ ਹੀ ਅਹਿਮ ਅੰਗ ਹਨ ਅਤੇ ਉਨ੍ਹਾਂ ਦੀ ਸਿਹਤ ਪ੍ਰਤੀ ਸਚੇਤ ਰਹਿਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਨਜ਼ਰ ਦੀ ਕਮਜ਼ੋਰੀ ਦਾ ਸਮੇਂ ਸਿਰ ਪਤਾ ਲੱਗਣ ਅਤੇ ਸਹੀ ਇਲਾਜ ਨਾਲ ਅੰਨੇਪਣ ਦੇ ਕਈ ਮਾਮਲਿਆਂ ਨੂੰ ਰੋਕਿਆ ਜਾ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਅੱਖਾਂ ਦੀ ਨਿਯਮਿਤ ਜਾਂਚ ਕਰਵਾਉਣ ਅਤੇ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਹੋਣ ’ਤੇ ਤੁਰੰਤ ਮਾਹਿਰ ਡਾਕਟਰ ਦੀ ਸਲਾਹ ਲੈਣ। ਇਸ ਮੌਕੇ ਅੱਖਾਂ ਦੇ ਮਾਹਰ ਡਾ. ਪਰਮਿੰਦਰ ਕੌਰ ਵੱਲੋਂ ਆਏ ਹੋਏ ਲੋਕਾਂ ਦੀ ਨਜ਼ਰ ਦੀ ਜਾਂਚ ਕੀਤੀ ਗਈ। ਜਾਂਚ ਉਪਰੰਤ ਲੋੜਵੰਦ ਵਿਅਕਤੀਆਂ ਨੂੰ ਸਿਵਲ ਸਰਜਨ ਪਾਸੋਂ ਐਨਕਾਂ ਮੁਹੱਈਆ ਕਰਵਾਈਆਂ ਗਈਆਂ। ਇਸ ਦੇ ਨਾਲ ਹੀ ਲੋਕਾਂ ਨੂੰ ਅੱਖਾਂ ਦੀ ਸਫ਼ਾਈ, ਸੰਤੁਲਿਤ ਖੁਰਾਕ ਅਤੇ ਅੱਖਾਂ ਦੀਆਂ ਬਿਮਾਰੀਆਂ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ।