ਖਨੌਰੀ : ਮਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਦੇ ਸੱਦੇ ’ਤੇ ਬਲਾਕ ਪਾਤੜਾਂ ਦੇ ਨਰੇਗਾ ਕਰਮਚਾਰੀਆਂ ਨੇ ਬਲਾਕ ਪ੍ਰਧਾਨ ਦਰਸ਼ਨ ਸਿੰਘ ਦੀ ਅਗਵਾਈ ਹੇਠ ਕਲਮ ਛੋੜ ਹੜਤਾਲ ਸ਼ੁਰੂ ਕਰ ਦਿੱਤੀ। ਕਰਮਚਾਰੀਆਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਆਪਣੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਤੁਰੰਤ ਪੂਰਾ ਕਰਨ ਦੀ ਮੰਗ ਕੀਤੀ। ਯੂਨੀਅਨ ਆਗੂਆਂ ਨੇ ਦੱਸਿਆ ਕਿ ਉਨ੍ਹਾਂ ਦੀਆਂ ਦੋ ਮੁੱਖ ਮੰਗਾਂ ਹਨ। ਪਹਿਲੀ, ਪਿਛਲੇ ਸੱਤ ਮਹੀਨਿਆਂ ਤੋਂ ਬਕਾਇਆ ਪਈ ਤਨਖਾਹ ਨੂੰ ਤੁਰੰਤ ਜਾਰੀ ਕੀਤਾ ਜਾਵੇ ਅਤੇ ਦੂਜੀ, ਨਰੇਗਾ ਕਰਮਚਾਰੀਆਂ ਨੂੰ ਪੰਚਾਇਤ ਵਿਭਾਗ ਵਿੱਚ ਮਰਜ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਤਨਖਾਹ ਨਾ ਮਿਲਣ ਕਾਰਨ ਕਰਮਚਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਯੂਨੀਅਨ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਜਲਦ ਨਹੀਂ ਮੰਨੀਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਬਲਾਕ ਪ੍ਰਧਾਨ ਦਰਸ਼ਨ ਸਿੰਘ, ਵਰਿੰਦਰ ਕੁਮਾਰ, ਗੁਰਬਖਸ਼ ਸਿੰਘ, ਹਰਪਾਲ ਸਿੰਘ, ਕੁਲਦੀਪ ਸਿੰਘ, ਕਪਿਲ ਸ਼ਰਮਾ, ਮਨਜੀਤ ਸਿੰਘ, ਸੀ.ਏ. ਰਾਕੇਸ਼ ਕੁਮਾਰ, ਜੇ.ਈ. ਪ੍ਰਿੰਸ ਅਤੇ ਹਰਵਿੰਦਰ ਸਿੰਘ ਸਮੇਤ ਹੋਰ ਕਰਮਚਾਰੀ ਹਾਜ਼ਰ ਸਨ।