ਕੋਟਕਪੂਰਾ : ਫੇਸਬੁੱਕ ਅਤੇ ਵਟਸਐਪ ਸਮੇਤ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਸਿਵਲ ਹਸਪਤਾਲ ਕੋਟਕਪੂਰਾ ਨਾਲ ਜੋੜ ਕੇ ਇੱਕ ਫੋਟੋ ਅਤੇ ਗਲਤ ਸੁਨੇਹਾ ਵਾਇਰਲ ਕੀਤਾ ਜਾ ਰਿਹਾ ਹੈ, ਜਿਸ ਵਿੱਚ ਸਟਾਫ ਨਰਸ ਨੂੰ ਮਰੀਜ਼ ਦੇ ਰਿਸ਼ਤੇਦਾਰ ਨਾਲ ਇਤਰਾਜ਼ਯੋਗ ਹਾਲਤ ਵਿੱਚ ਫੜੇ ਜਾਣ ਦਾ ਦਾਅਵਾ ਕੀਤਾ ਗਿਆ ਹੈ। ਇਸ ਸਬੰਧੀ ਸੀਨੀਅਰ ਮੈਡੀਕਲ ਅਫਸਰ, ਸਿਵਲ ਹਸਪਤਾਲ ਕੋਟਕਪੂਰਾ ਡਾ. ਹਰਿੰਦਰ ਗਾਂਧੀ ਨੇ ਸਪੱਸ਼ਟ ਕੀਤਾ ਹੈ ਕਿ ਇਹ ਜਾਣਕਾਰੀ ਪੂਰੀ ਤਰ੍ਹਾਂ ਝੂਠੀ, ਬੇਬੁਨਿਆਦ ਅਤੇ ਤੱਥਾਂ ਤੋਂ ਰਹਿਤ ਹੈ। ਸੀਨੀਅਰ ਮੈਡੀਕਲ ਅਫਸਰ ਨੇ ਦੱਸਿਆ ਕਿ ਵਾਇਰਲ ਕੀਤੀ ਗਈ ਫੋਟੋ ਦਾ ਸਿਵਲ ਹਸਪਤਾਲ ਕੋਟਕਪੂਰਾ ਨਾਲ ਕੋਈ ਸਬੰਧ ਨਹੀਂ ਹੈ। ਉਨ੍ਹਾਂ ਕਿਹਾ ਕਿ ਵਾਇਰਲ ਸੁਨੇਹੇ ਵਿੱਚ, ਜਿਸ ਸਟਾਫ ਨਰਸ ਦਾ ਜ਼ਿਕਰ ਕੀਤਾ ਗਿਆ ਹੈ, ਉਸ ਨਾਮ ਦੀ ਕੋਈ ਵੀ ਸਟਾਫ ਨਰਸ ਸਿਵਲ ਹਸਪਤਾਲ ਕੋਟਕਪੂਰਾ ਵਿੱਚ ਤਾਇਨਾਤ ਨਹੀਂ ਹੈ। ਇਸ ਤੋਂ ਇਲਾਵਾ ਹਸਪਤਾਲ ਵਿੱਚ ਇਸ ਤਰ੍ਹਾਂ ਦੀ ਕੋਈ ਘਟਨਾ ਵੀ ਨਹੀਂ ਵਾਪਰੀ ਹੈ। ਉਨ੍ਹਾਂ ਕਿਹਾ ਕਿ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਸੋਸ਼ਲ ਮੀਡੀਆ ਰਾਹੀਂ ਝੂਠੀ ਅਤੇ ਮਨਘੜਤ ਜਾਣਕਾਰੀ ਫੈਲਾ ਕੇ ਸਿਹਤ ਵਿਭਾਗ ਅਤੇ ਸਿਵਲ ਹਸਪਤਾਲ ਕੋਟਕਪੂਰਾ ਦੀ ਛਵੀ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਜਾਂਦੀ ਹੈ। ਸੀਨੀਅਰ ਮੈਡੀਕਲ ਅਫਸਰ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਲਈ ਸਬੰਧਤ ਵਾਇਰਲ ਪੋਸਟ ਅਤੇ ਫੋਟੋ ਬਾਰੇ ਸਾਈਬਰ ਸੈੱਲ/ਕ੍ਰਾਈਮ ਬ੍ਰਾਂਚ ਐਸ.ਐਸ.ਪੀ. ਦਫਤਰ ਫਰੀਦਕੋਟ ਨੂੰ ਵੀ ਪੱਤਰ ਭੇਜਿਆ ਗਿਆ ਹੈ, ਤਾਂ ਜੋ ਫਰਜ਼ੀ ਜਾਣਕਾਰੀ ਫੈਲਾਉਣ ਵਾਲੇ ਵਿਅਕਤੀਆਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਗਲਤ ਅਤੇ ਬੇਬੁਨਿਆਦ ਜਾਣਕਾਰੀ ਨੂੰ ਸਾਂਝਾ ਕਰਨ ਤੋਂ ਪਹਿਲਾਂ ਉਸ ਦੀ ਸੱਚਾਈ ਦੀ ਪੁਸ਼ਟੀ ਜ਼ਰੂਰ ਕਰਨ ਅਤੇ ਅਫਵਾਹਾਂ ਤੋਂ ਸੁਚੇਤ ਰਹਿਣ।