ਅੰਮ੍ਰਿਤਸਰ : ਜੂਨ 1984 ਦੇ ਫੌਜੀ ਹਮਲੇ ਦੀ ਯਾਦ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਮੰਜੀ ਸਾਹਿਬ ਦੇ ਬਾਹਰ ਇੱਕ ਵਿਸ਼ੇਸ਼ ਤਸਵੀਰ ਪ੍ਰਦਰਸ਼ਨੀ ਲਗਾਈ ਗਈ। ਇਸ ਮੌਕੇ ਸਿੱਖ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜੂਨ ਦਾ ਮਹੀਨਾ ਸਿੱਖ ਪੰਥ ਲਈ ਹਮੇਸ਼ਾ ਭਾਰੀ ਤਪਸ਼ ਅਤੇ ਅਸਹਿ ਦਰਦ ਵਾਲਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਕੋਈ ਸਿੱਖ ਉਸ ਦੌਰਾਨ ਸ਼ਹੀਦ ਹੋਏ ਸਿੰਘਾਂ, ਸਿੰਘਣੀਆਂ ਅਤੇ ਭੁਝੰਗੀਆਂ ਦੀਆਂ ਤਸਵੀਰਾਂ ਦੇਖਦਾ ਹੈ, ਤਾਂ ਅੰਦਰ ਰੋਸ ਅਤੇ ਗਾਜ਼ ਭਰ ਜਾਂਦਾ ਹੈ। ਜ਼ਾਲਮ ਸਰਕਾਰ ਨੇ ਨਿਹੱਥਿਆਂ ਦਾ ਕਤਲੇਆਮ ਕੀਤਾ, ਪਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁਖ ਪ੍ਰਣ ਕਰਨ ਵਾਲੇ ਮਰਜੀਵੜਿਆਂ ਅਤੇ ਮਹਾਨ ਜਰਨੈਲ ਸੰਤ ਬਾਬਾ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਨੇ ਮੁੱਠੀ ਭਰ ਹੋਣ ਦੇ ਬਾਵਜੂਦ ਸਰਕਾਰੀ ਫੌਜ ਦਾ ਡੱਟ ਕੇ ਮੁਕਾਬਲਾ ਕੀਤਾ ਅਤੇ ਨਵਾਂ ਇਤਿਹਾਸ ਸਿਰਜਿਆ। ਐਡਵੋਕੇਟ ਧਾਮੀ ਨੇ ਨਵੀਂ ਪੀੜ੍ਹੀ ਨੂੰ ਇਤਿਹਾਸ ਨਾਲ ਜੋੜਨ ਦੀ ਲੋੜ 'ਤੇ ਜ਼ੋਰ ਦਿੰਦਿਆਂ ਕੌਮ ਨੂੰ ਆਪਸੀ ਮਤਭੇਦ ਭੁਲਾ ਕੇ ਏਕੇ ਦੇ ਸੂਤਰ ਵਿੱਚ ਪਰੋਣ ਦੀ ਅਪੀਲ ਕੀਤੀ। ਉਨ੍ਹਾਂ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ 'ਬੰਦੀ ਸਿੰਘਾਂ' ਦੀ ਰਿਹਾਈ ਦਾ ਮੁੱਦਾ ਜ਼ੋਰ-ਸ਼ੋਰ ਨਾਲ ਚੁੱਕਿਆ। ਉਨ੍ਹਾਂ ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਜੇਲ੍ਹ ਵਿੱਚੋਂ ਭੇਜੇ ਦਰਦ ਭਰੇ ਸੰਦੇਸ਼ ਦਾ ਹਵਾਲਾ ਦਿੰਦਿਆਂ ਕਿਹਾ ਕਿ ਅਜਿਹੇ ਹਾਲਾਤ ਮਨ ਨੂੰ ਬਹੁਤ ਪ੍ਰੇਸ਼ਾਨ ਕਰਦੇ ਹਨ। ਉਨ੍ਹਾਂ ਮੌਕੇ ਦੀਆਂ ਸਰਕਾਰਾਂ ਨੂੰ ਤਾੜਨਾ ਕਰਦਿਆਂ ਕਿਹਾ ਕਿ ਭਾਈ ਰਾਜੋਆਣਾ, ਭਾਈ ਜਗਤਾਰ ਸਿੰਘ ਹਵਾਰਾ, ਭਾਈ ਦਵਿੰਦਰਪਾਲ ਸਿੰਘ ਭੁੱਲਰ, ਭਾਈ ਗੁਰਦੀਪ ਸਿੰਘ ਖਹਿੜਾ ਅਤੇ ਭਾਈ ਜਗਤਾਰ ਸਿੰਘ ਤਾਰਾ ਵਰਗੇ ਸਿੰਘਾਂ ਨੇ ਕੌਮ ਦੇ ਦਰਦ ਨੂੰ ਮਹਿਸੂਸ ਕਰਕੇ ਕਦਮ ਚੁੱਕੇ ਸਨ। ਹੁਣ ਜਦੋਂ ਉਨ੍ਹਾਂ ਨੂੰ ਜੇਲ੍ਹਾਂ ਵਿੱਚ ਬਹੁਤ ਲੰਮਾ ਸਮਾਂ ਹੋ ਚੁੱਕਾ ਹੈ, ਤਾਂ ਸਰਕਾਰਾਂ ਨੂੰ ਉਨ੍ਹਾਂ ਦੀ ਹੋਰ ਪ੍ਰੀਖਿਆ ਨਹੀਂ ਲੈਣੀ ਚਾਹੀਦੀ ਅਤੇ ਤੁਰੰਤ ਰਿਹਾਅ ਕਰਨਾ ਚਾਹੀਦਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ 1984 ਦਾ ਜ਼ਖ਼ਮ ਕਦੇ ਭਰਨ ਵਾਲਾ ਨਹੀਂ, ਪਰ ਸਰਕਾਰਾਂ ਬੰਦੀ ਸਿੰਘਾਂ ਨੂੰ ਰਿਹਾਅ ਕਰਕੇ ਇਸ 'ਤੇ ਮਲ੍ਹਮ ਜ਼ਰੂਰ ਲਾ ਸਕਦੀਆਂ ਹਨ। ਇਸ ਮੌਕੇ ਤੇ ਉਹਨਾਂ ਦੇ ਨਾਲ ਤਖਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਜੀ ਧਨੋਲਾ ਐਸਜੀਪੀਸੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੇਜਰ ਸਿੰਘ ਮੈਨੇਜਰ ਨਰਿੰਦਰਪਾਲ ਸਿੰਘ ਮਥਰੇਵਾਲ ਭਾਟੀਆ ਜੀ ਅਤੇ ਹੋਰ ਵੀ ਅਧਿਕਾਰੀ ਮੌਜੂਦ ਸਨ।