ਪਟਿਆਲਾ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਖੇਤਰ ਵਿੱਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਬਿਹਤਰ ਜੀਵਨ ਸਹੂਲਤਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਵਿਕਾਸ ਕਾਰਜ ਲਗਾਤਾਰ ਜਾਰੀ ਹਨ। ਇਸੇ ਲੜੀ ਤਹਿਤ ਅੱਜ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ .ਬਲਬੀਰ ਸਿੰਘ ਨੇ ਪਟਿਆਲਾ ਦਿਹਾਤੀ ਦੇ ਵੱਖ-ਵੱਖ ਇਲਾਕਿਆਂ ਵਿੱਚ ਕਰੋੜਾਂ ਰੁਪਏ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਹਨਾਂ ਦੇ ਨਾਲ ਇੰਪਰੁਵਮੇਂਟ ਟਰੱਸਟ ਦੇ ਚੇਅਰਮੈਨ ਹਰਪਾਲ ਸਿੰਘ ਵਿਰਕ ਅਤੇ ਡਿਪਟੀ ਮੇਅਰ ਹਰਿੰਦਰ ਕੋਹਲੀ ਵੀ ਮੌਜੂਦ ਸਨ। ਸਿਹਤ ਮੰਤਰੀ ਨੇ ਐਸ.ਐਸ.ਟੀ. ਨਗਰ ਛੋਟੀ ਮਸਜਿਦ ਨੇੜੇ 20 ਲੱਖ ਰੁਪਏ ਦੀ ਲਾਗਤ ਨਾਲ ਪੀਣ ਵਾਲੇ ਸਾਫ਼ ਪਾਣੀ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਇੱਕ ਮਹੱਤਵਪੂਰਨ ਪ੍ਰੋਜੈਕਟ ਦੀ ਸ਼ੁਰੂਆਤ ਕਰਵਾਈ। ਓਹਨਾ ਕਿਹਾ ਕਿ ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਇਲਾਕਾ ਵਾਸੀਆਂ ਨੂੰ ਸਾਫ਼ ਅਤੇ ਸ਼ੁੱਧ ਪੀਣ ਵਾਲਾ ਪਾਣੀ ਉਪਲਬਧ ਹੋਵੇਗਾ, ਜਿਸ ਨਾਲ ਉਨ੍ਹਾਂ ਦੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਮੁਸ਼ਕਲਾਂ ਦਾ ਹੱਲ ਹੋਵੇਗਾ।ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਅਤੇ ਹਰ ਇਲਾਕੇ ਨੂੰ ਵਿਕਾਸ ਦੀ ਮੁੱਖ ਧਾਰਾ ਨਾਲ ਜੋੜਨਾ ਹੈ। ਇਸੇ ਲਈ ਪੀਣ ਵਾਲੇ ਪਾਣੀ, ਸੜਕਾਂ, ਸੀਵਰੇਜ, ਗਲੀਆਂ ਅਤੇ ਹੋਰ ਜਨਤਕ ਸਹੂਲਤਾਂ ਨਾਲ ਸਬੰਧਤ ਕੰਮ ਲਗਾਤਾਰ ਜਾਰੀ ਹਨ। ਸਥਾਨਕ ਵਸਨੀਕਾਂ ਨੇ ਪੰਜਾਬ ਸਰਕਾਰ ਅਤੇ ਸਿਹਤ ਮੰਤਰੀ ਦੁਆਰਾ ਸ਼ੁਰੂ ਕੀਤੇ ਗਏ ਵਿਕਾਸ ਕਾਰਜਾਂ ਦਾ ਸਵਾਗਤ ਕਰਦਿਆਂ ਪੰਜਾਬ ਸਰਕਾਰ ਦੇ ਉਪਰਾਲਿਆਂ ਦੀ ਸ਼ਲਾਘਾ ਕੀਤੀ ਅਤੇ ਆਸ ਪ੍ਰਗਟਾਈ ਕਿ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਲੋਕ ਭਲਾਈ ਦੇ ਕੰਮ ਜਾਰੀ ਰਹਿਣਗੇ।