ਧਨੌਲਾ : ਕਸਬਾ ਧਨੌਲਾ ਵਿੱਚ ਇੱਕ ਨੌਜਵਾਨ ਦੀ ਭੇਦਭਰੇ ਹਾਲਾਤਾਂ ਵਿੱਚ ਹੋਈ ਮੌਤ ਨੂੰ ਲੈ ਕੇ ਸ਼ਨੀਵਾਰ ਨੂੰ ਤਣਾਅਪੂਰਨ ਮਾਹੌਲ ਬਣ ਗਿਆ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਅਤੇ ਸਥਾਨਕ ਵਪਾਰੀਆਂ ਨੇ ਇਨਸਾਫ਼ ਦੀ ਮੰਗ ਨੂੰ ਲੈ ਕੇ ਬਾਜ਼ਾਰ ਬੰਦ ਰੱਖਿਆ ਅਤੇ ਥਾਣਾ ਧਨੌਲਾ ਅੱਗੇ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਮਾਮਲੇ ਦੀ ਨਿਰਪੱਖ ਜਾਂਚ ਅਤੇ ਕਥਿਤ ਦੋਸ਼ੀਆਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਨ ਦੀ ਮੰਗ ਕੀਤੀ। ਪ੍ਰਾਪਤ ਜਾਣਕਾਰੀ ਅਨੁਸਾਰ ਤੇਜਿੰਦਰ ਦਾਸ (38) ਸ਼ੁੱਕਰਵਾਰ ਦੀ ਰਾਤ ਆਪਣੇ ਖੇਤ ਵਿੱਚ ਟਰੈਕਟਰ ਨਾਲ ਬਾਹੀ ਕਰ ਰਿਹਾ ਸੀ। ਸ਼ਨੀਵਾਰ ਸਵੇਰੇ ਜਦੋਂ ਕੁਝ ਪਿੰਡ ਵਾਸੀ ਖੇਤਾਂ ਵੱਲ ਗਏ ਤਾਂ ਉਨ੍ਹਾਂ ਨੇ ਤੇਜਿੰਦਰ ਦਾਸ ਨੂੰ ਟਰੈਕਟਰ ਦੇ ਹਲਾਂ ਕੋਲ ਮ੍ਰਿਤ ਹਾਲਤ ਵਿੱਚ ਪਿਆ ਦੇਖਿਆ। ਇਸ ਦੀ ਸੂਚਨਾ ਤੁਰੰਤ ਪਰਿਵਾਰਕ ਮੈਂਬਰਾਂ ਅਤੇ ਪੁਲਿਸ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਇਲਾਕੇ ਵਿੱਚ ਸਨਸਨੀ ਫੈਲ ਗਈ। ਉਨ੍ਹਾਂ ਕਿਹਾ ਕਿ ਪੋਸਟਮਾਰਟਮ ਰਿਪੋਰਟ ਅਤੇ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ’ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਖ਼ਬਰ ਲਿਖੇ ਜਾਣ ਤੱਕ ਪਰਿਵਾਰਕ ਮੈਂਬਰ ਅਤੇ ਵਪਾਰੀ ਥਾਣੇ ਦੇ ਬਾਹਰ ਧਰਨੇ ’ਤੇ ਬੈਠੇ ਹੋਏ ਸਨ। ਪਰਿਵਾਰ ਨੇ ਸਪੱਸ਼ਟ ਕੀਤਾ ਕਿ ਇਨਸਾਫ਼ ਮਿਲਣ ਤੱਕ ਉਹ ਮ੍ਰਿਤਕ ਦਾ ਅੰਤਿਮ ਸੰਸਕਾਰ ਨਹੀਂ ਕਰਨਗੇ। ਉੱਧਰ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਸਾਰੇ ਪੱਖਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਨਿਰਪੱਖ ਜਾਂਚ ਕੀਤੀ ਜਾ ਰਹੀ ਹੈ।