ਮੋਹਾਲੀ : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦੀ ਰਹਿਨੁਮਾਈ ਹੇਠ 'ਆਲ ਇੰਡੀਆ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ ਟੀ-20 ਕ੍ਰਿਕਟ ਟੂਰਨਾਮੈਂਟ 2026 ਸੀਜ਼ਨ – 2 ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਵਿੱਚ ਦੇਸ਼ ਭਰ ਦੇ ਵੱਖ-ਵੱਖ ਰਾਜਾਂ ਦੇ ਐਗਰੀਕਲਚਰਲ ਮਾਰਕੀਟਿੰਗ ਬੋਰਡਾਂ ਦੀਆਂ ਟੀਮਾਂ ਵੱਲੋਂ ਭਾਗ ਲਿਆ ਜਾ ਰਿਹਾ ਹੈ। ਇਸ ਟੂਰਨਾਮੈਂਟ ਵਿੱਚ ਪੰਜਾਬ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ, ਹਰਿਆਣਾ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ, ਹਿਮਾਚਲ ਪ੍ਰਦੇਸ਼ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ, ਉਤਰਾਖੰਡ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ, ਦਿੱਲੀ ਐਗਰੀਕਲਚਰਲ ਮਾਰਕੀਟਿੰਗ ਬੋਰਡ ਦੀਆਂ ਟੀਮਾਂ ਭਾਗ ਲੈਣ ਪਹੁੰਚੀਆਂ ਹਨ। 7 ਜੂਨ ਤੋਂ 12 ਜੂਨ ਤੱਕ ਚੱਲਣ ਵਾਲੇ ਇਸ ਟੂਰਨਾਮੈਂਟ ਦੀ ਰਸਮੀ ਸ਼ੁਰੂਆਤ ਤੋਂ ਪਹਿਲਾਂ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਕਿਸਾਨ ਭਵਨ, ਚੰਡੀਗੜ੍ਹ ਵਿਖੇ ਸਾਰੀਆਂ ਟੀਮਾਂ ਦੇ ਖਿਡਾਰੀਆਂ ਨਾਲ ਵਿਸ਼ੇਸ਼ ਡਿਨਰ ਦਾ ਆਯੋਜਨ ਕੀਤਾ ਗਿਆ। ਸ. ਬਰਸਟ ਨੇ ਖੁਸ਼ੀ ਪ੍ਰਗਟਾਈ ਕਿ ਅਜਿਹੇ ਰਾਸ਼ਟਰੀ ਪੱਧਰ ਦੇ ਟੂਰਨਾਮੈਂਟਾਂ ਨਾਲ ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਆਏ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਇੱਕ-ਦੂਜੇ ਦੇ ਸੱਭਿਆਚਾਰ ਨੂੰ ਸਮਝਣ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਦਾ ਮੌਕਾ ਮਿਲਦਾ ਹੈ। ਉਨ੍ਹਾਂ ਕਿਹਾ ਕਿ ਇਹ ਟੀ-20 ਕ੍ਰਿਕਟ ਟੂਰਨਾਮੈਂਟ 12 ਜੂਨ ਤੱਕ ਚੱਲੇਗਾ। ਪੰਜਾਬ ਮੰਡੀ ਬੋਰਡ ਵੱਲੋਂ ਟੂਰਨਾਮੈਂਟ ਨੂੰ ਸਫ਼ਲ ਬਣਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਕਿਸਾਨ ਭਵਨ ਵਿਖੇ ਹੋਏ ਇਸ ਸਮਾਗਮ ਦੌਰਾਨ ਪੰਜਾਬ ਮੰਡੀ ਬੋਰਡ ਦੇ ਉੱਚ ਅਧਿਕਾਰੀ ਤੇ ਕਰਮਚਾਰੀ ਵੀ ਮੌਜੂਦ ਰਹੇ।