ਪਟਿਆਲਾ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਦੇ ਮੈਂਬਰਾਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜਿਸ ਵਿੱਚ ਵਪਾਰੀਆਂ ਦੀਆਂ ਸਾਰੀਆਂ ਸ਼ਿਕਾਇਤਾਂ ਦਾ ਸਮਾਂਬੱਧ ਨਿਪਟਾਰਾ ਯਕੀਨੀ ਬਣਾਉਣ ਲਈ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਇਸ ਮੌਕੇ ਕਮਿਸ਼ਨ ਦੇ ਵਾਈਸ ਚੇਅਰਮੈਨ ਗੁਰਪ੍ਰੀਤ ਸਿੰਘ ਧਮੌਲੀ ਤੇ ਹੋਰ ਮੈਂਬਰ ਵੀ ਹਾਜ਼ਰ ਸਨ। ਡਿਪਟੀ ਕਮਿਸ਼ਨਰ ਨੇ ਸਾਰੇ ਸਬੰਧਤ ਵਿਭਾਗਾਂ ਨੂੰ ਨਿਰਧਾਰਤ ਪੋਰਟਲ 'ਤੇ ਲਗਾਤਾਰ ਨਿਗਰਾਨੀ ਰੱਖਣ ਅਤੇ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਕਿ ਆਉਣ ਵਾਲੀਆਂ ਸ਼ਿਕਾਇਤਾਂ ਦਾ ਸੱਤ ਦਿਨਾਂ ਦੇ ਅੰਦਰ ਪੂਰੀ ਤਰ੍ਹਾਂ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਨੇ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਪਾਰੀਆਂ ਦੀਆਂ ਸ਼ਿਕਾਇਤਾਂ ਦੇ ਸਮਾਂਬੱਧ ਨਿਪਟਾਰੇ ਲਈ ਆਪਸੀ ਤਾਲਮੇਲ ਨਾਲ ਕੰਮ ਕਰਨਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਗੁਰਪ੍ਰੀਤ ਸਿੰਘ ਧਮੌਲੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ 'ਆਪ' ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਗਲੇ ਹਫ਼ਤੇ ਤੋਂ ਵਪਾਰੀਆਂ ਨਾਲ ਹੋਣ ਵਾਲੀਆਂ ਮੀਟਿੰਗਾਂ ਦੀ ਨਿੱਜੀ ਤੌਰ 'ਤੇ ਪ੍ਰਧਾਨਗੀ ਕਰਦਿਆਂ ਸ਼ਿਕਾਇਤ ਨਿਵਾਰਨ ਪ੍ਰਣਾਲੀ ਨੂੰ ਹੋਰ ਤੇਜ਼ ਅਤੇ ਮਜ਼ਬੂਤ ਕਰਨਗੇ। ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਮਨਰੀਤ ਰਾਣਾ, ਡੀ ਐਸ ਪੀ ਨੇਹਾ ਅਗਰਵਾਲ, ਸਹਾਇਕ ਕਮਿਸ਼ਨਰ ਜੀਐਸਟੀ ਗੁਰਸਿਮਰਨ ਕੌਰ, ਡੀਡੀਪੀਓ ਮਹਿੰਦਰਜੀਤ ਸਿੰਘ, ਸਾਰੇ ਕਾਰਜ ਸਾਧਕ ਅਫ਼ਸਰ ਤੇ ਵੱਖ-ਵੱਖ ਵਿਭਾਗਾਂ ਦੇ ਹੋਰ ਅਧਿਕਾਰੀ ਮੌਜੂਦ ਸਨ।