ਸੰਦੌੜ : ਸਿਵਲ ਸਰਜਨ ਮਲੇਰਕੋਟਲਾ ਡਾ. ਪ੍ਰਦੀਪ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਇ ਪੀ.ਐਚ.ਸੀ. ਫਤਿਹਗੜ੍ਹ ਪੰਜਗਰਾਈਆਂ ਡਾ ਗੁਰਪ੍ਰਕਾਸ਼ ਸਿੰਘ ਭਿੰਡਰ ਦੀ ਅਗਵਾਈ ਹੇਠ ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਮੁਹਿੰਮ ਤਹਿਤ ਬਲਾਕ ਭਰ ਵਿੱਚ ਡੇਂਗੂ ਰੋਕਥਾਮ ਸਬੰਧੀ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ ਅਤੇ ਡੇਂਗੂ ਬਿਮਾਰੀ ਤੋਂ ਬਚਾਅ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਬਲਾਕ ਐਜੂਕੇਟਰ ਜਗਸੀਰ ਸਿੰਘ ਟਿੱਬਾ ਅਤੇ ਹੈਲਥ ਇੰਸਪੈਕਟਰ ਗੁਲਜਾਰ ਖਾਂ ਨੇ ਦੱਸਿਆ ਕਿ ਡੇਂਗੂ ਇੱਕ ਵਾਇਰਲ ਬਿਮਾਰੀ ਹੈ ਜੋ ਏਡੀਜ਼ ਮੱਛਰ ਦੇ ਕੱਟਣ ਨਾਲ ਫੈਲਦੀ ਹੈ। ਇਹ ਮੱਛਰ ਸਾਫ ਅਤੇ ਖੜ੍ਹੇ ਪਾਣੀ ਵਿੱਚ ਪੈਦਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਲੋਕ ਆਪਣੇ ਘਰਾਂ ਅਤੇ ਆਸ-ਪਾਸ ਪਾਣੀ ਖੜ੍ਹਾ ਨਾ ਹੋਣ ਦੇਣ ਅਤੇ ਹਰ ਹਫ਼ਤੇ ਕੂਲਰ, ਗਮਲੇ, ਟਾਇਰਾਂ, ਫ੍ਰਿਜ ਟਰੇ ਅਤੇ ਹੋਰ ਪਾਣੀ ਵਾਲੀਆਂ ਥਾਵਾਂ ਨੂੰ ਖਾਲੀ ਕਰਕੇ ਸਾਫ ਕਰਨ। ਉਹਨਾਂ ਕਿਹਾ ਕਿ ਇਸ ਸਬੰਧੀ ਸਰਕਾਰ ਵੱਲੋਂ ਹਰ ਸ਼ੁਕਰਵਾਰ ਡੇਂਗੂ ਤੇ ਵਾਰ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਤੇਜ਼ ਬੁਖਾਰ, ਸਿਰ ਦਰਦ, ਅੱਖਾਂ ਦੇ ਪਿੱਛੇ ਦਰਦ, ਸਰੀਰ ਅਤੇ ਜੋੜਾਂ ਵਿੱਚ ਦਰਦ, ਉਲਟੀ ਆਉਣਾ ਅਤੇ ਚਮੜੀ ‘ਤੇ ਦਾਣੇ ਡੇਂਗੂ ਦੇ ਮੁੱਖ ਲੱਛਣ ਹਨ। ਅਜਿਹੇ ਲੱਛਣ ਦਿਖਾਈ ਦੇਣ ‘ਤੇ ਤੁਰੰਤ ਸਰਕਾਰੀ ਸਿਹਤ ਸੰਸਥਾ ਨਾਲ ਸੰਪਰਕ ਕਰਨਾ ਚਾਹੀਦਾ ਹੈ।ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਪੂਰੀ ਬਾਂਹਾਂ ਵਾਲੇ ਕੱਪੜੇ ਪਹਿਨਣ, ਮੱਛਰਦਾਨੀ ਦੀ ਵਰਤੋਂ ਕਰਨ ਅਤੇ ਮੱਛਰ ਭਜਾਉਣ ਵਾਲੀਆਂ ਕ੍ਰੀਮਾਂ ਜਾਂ ਸਪਰੇ ਦੀ ਵਰਤੋਂ ਕਰਨ ਲਈ ਵੀ ਪ੍ਰੇਰਿਤ ਕੀਤਾ ਗਿਆ। ਸਿਹਤ ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਡੇਂਗੂ ਤੋਂ ਬਚਾਅ ਲਈ ਸਾਵਧਾਨੀਆਂ ਅਪਣਾਈਆਂ ਜਾਣ ਤਾਂ ਜੋ ਸਮਾਜ ਨੂੰ ਇਸ ਬਿਮਾਰੀ ਤੋਂ ਸੁਰੱਖਿਅਤ ਰੱਖਿਆ ਜਾ ਸਕੇ।