ਪਟਿਆਲਾ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਹੈ ਕਿ ਪੰਜਾਬ ਸਰਕਾਰ ਦੇ ਟੀਚਿਆਂ ਅਨੁਸਾਰ ਜ਼ਿਲ੍ਹਾ ਵਾਸੀਆਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਕੋਈ ਢਿੱਲ ਨਾ ਵਰਤੀ ਜਾਵੇ। ਅੱਜ ਜ਼ਿਲ੍ਹਾ ਹੈਲਥ ਸੋਸਾਇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹੇ ਅੰਦਰ ਡੇਂਗੂ ਅਤੇ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਫਾਗਿੰਗ ਦੀ ਗਤੀ ਤੇਜ਼ ਕਰਨ, ਘਰ-ਘਰ ਲਾਰਵਾ ਚੈਕਿੰਗ ਕਰਨ ਅਤੇ ਡੇਂਗੂ ਮੱਛਰ ਦਾ ਲਾਰਵਾ ਮਿਲਣ ’ਤੇ ਨਿਯਮਾਂ ਅਨੁਸਾਰ ਚਲਾਨ ਕਰਕੇ ਜੁਰਮਾਨੇ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਨੇ 14 ਸਾਲ ਤੱਕ ਦੀ ਉਮਰ ਦੀਆਂ ਬਾਲਿਕਾਵਾਂ ਨੂੰ ਸਰਵਾਈਕਲ ਕੈਂਸਰ ਤੋਂ ਬਚਾਅ ਲਈ ਟੀਕਾਕਰਨ ਯਕੀਨੀ ਬਣਾਉਣ ਅਤੇ ਗਰਮੀ ਦੀ ਲੂ ਤੋਂ ਬਚਾਅ ਲਈ ਜਾਗਰੂਕਤਾ ਵਧਾਉਣ ਦੀ ਵੀ ਹਦਾਇਤ ਕੀਤੀ। ਡਾ. ਹਿਮਾਂਸ਼ੂ ਅਗਰਵਾਲ ਨੇ ਘੱਟ ਓ.ਪੀ.ਡੀ. ਵਾਲੇ ਆਮ ਆਦਮੀ ਕਲੀਨਿਕਾਂ ਵਿੱਚ ਮਰੀਜ਼ਾਂ ਦੀ ਗਿਣਤੀ ਵਧਾਉਣ ਲਈ ਲੋਕ ਜਾਗਰੂਕਤਾ ਵਧਾਉਣ ਅਤੇ ਮਰੀਜ਼ਾਂ ਦਾ ਵਿਸ਼ਵਾਸ ਜਿੱਤਣ ਲਈ ਡਾਕਟਰਾਂ ਨੂੰ ਲੋਕਾਂ ਨਾਲ ਹੋਰ ਨੇੜਤਾ ਬਣਾਉਣ ਦੀ ਹਦਾਇਤ ਕੀਤੀ। ਡਾ. ਹਿਮਾਂਸ਼ੂ ਅਗਰਵਾਲ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਪ੍ਰਭਾਵਿਤ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਸੇਵਾਵਾਂ ਨਾਲ ਜੋੜਨ ਲਈ ਸਿਹਤ ਵਿਭਾਗ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਨੇ ਪੀ.ਸੀ.ਪੀ.ਐਨ.ਡੀ.ਟੀ. ਐਕਟ, ਜੱਚਾ-ਬੱਚਾ ਮੌਤ ਦਰ, ਮੁੱਖ ਮੰਤਰੀ ਕੈਂਸਰ ਰਾਹਤ ਕੋਸ਼ ਯੋਜਨਾ ਅਤੇ ਹੋਰ ਸਿਹਤ ਸਕੀਮਾਂ ਦੀ ਵੀ ਸਮੀਖਿਆ ਕੀਤੀ।