ਚੰਡੀਗੜ੍ਹ : ਪੰਜਾਬ ਪੁਲਿਸ ਦੀ ‘ਯੂਥ ਕਨੈਕਟੀਵਿਟੀ’ ਪਹਿਲ ਤਹਿਤ ਚਲਾਏ ਜਾ ਰਹੇ ‘ਸਟੂਡੈਂਟ ਪੁਲਿਸ ਕੈਡੇਟ (ਐੱਸਪੀਸੀ)’ ਪ੍ਰੋਗਰਾਮ ਨੂੰ ਸੂਬੇ ਭਰ ਦੇ ਵਿੱਦਿਅਕ ਅਦਾਰਿਆਂ ਤੋਂ ਭਾਰੀ ਸਮਰਥਨ ਅਤੇ ਉਤਸ਼ਾਹਜਨਕ ਹੁੰਗਾਰਾ ਮਿਲ ਰਿਹਾ ਹੈ। ਹੁਣ ਤੱਕ ਇਸ ਪ੍ਰੋਗਰਾਮ ਤਹਿਤ ਕੁੱਲ 1,965 ਇਨਡੋਰ ਅਤੇ 698 ਆਊਟਡੋਰ ਕਲਾਸਾਂ ਲਗਾਈਆਂ ਜਾ ਚੁੱਕੀਆਂ ਹਨ। ਜ਼ਿੰਮੇਵਾਰ ਨਾਗਰਿਕ ਤਿਆਰ ਕਰਨ, ਲੀਡਰਸ਼ਿਪ ਗੁਣ ਵਿਕਸਤ ਕਰਨ, ਸਮਾਜਿਕ ਜਾਗਰੂਕਤਾ ਵਧਾਉਣ ਅਤੇ ਵਿਦਿਆਰਥੀਆਂ ਅਤੇ ਪੁਲਿਸ ਵਿਚਕਾਰ ਸੰਵਾਦ ਲਈ ਮੰਚ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੇ ਗਏ ਇਸ ਪ੍ਰੋਗਰਾਮ ਨੂੰ ਸਕੂਲੀ ਵਿਦਿਆਰਥੀਆਂ ਵੱਲੋਂ ਬਹੁਤ ਹੀ ਸਕਾਰਾਤਮਕ ਹੁੰਗਾਰਾ ਮਿਲਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 22 ਅਗਸਤ, 2023 ਨੂੰ ਇਸ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਸੀ। ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ ਗੌਰਵ ਯਾਦਵ ਦੀ ਅਗਵਾਈ ਹੇਠ ਸੂਬੇ ਦੇ ਚੋਣਵੇਂ 280 ਸਕੂਲਾਂ ਦੇ ਲਗਭਗ 11,200 ਵਿਦਿਆਰਥੀ ਇਸ ਪ੍ਰੋਗਰਾਮ ਦਾ ਲਾਭ ਲੈ ਰਹੇ ਹਨ। ਡੀਜੀਪੀ ਗੌਰਵ ਯਾਦਵ ਨੇ ਕਿਹਾ, “ਇਸ ਪ੍ਰੋਗਰਾਮ ਤਹਿਤ ਅੱਠਵੀਂ ਅਤੇ ਨੌਵੀਂ ਜਮਾਤ ਦੇ ਵਿਦਿਆਰਥੀਆਂ ਲਈ ਹਰ ਮਹੀਨੇ ਇੱਕ ਇਨਡੋਰ ਅਤੇ ਦੋ ਆਊਟਡੋਰ ਕਲਾਸਾਂ ਲਗਾਈਆਂ ਜਾਂਦੀਆਂ ਹਨ ਅਜਿਹੇ ਪ੍ਰੋਗਰਾਮ ਨੌਜਵਾਨਾਂ ਦੇ ਬੌਧਿਕ ਵਿਕਾਸ ਵਿੱਚ ਸਹਾਇਕ ਹੁੰਦੇ ਹਨ ਅਤੇ ਉਨ੍ਹਾਂ ਨੂੰ ਸਰਕਾਰ ਅਤੇ ਪੁਲਿਸ ਪ੍ਰਣਾਲੀ ਦੀ ਕਾਰਜਪ੍ਰਣਾਲੀ ਨਾਲ ਜਾਣੂ ਕਰਵਾਉਂਦੇ ਹਨ। ਇਸ ਨਾਲ ਪੁਲਿਸ ਪ੍ਰਤੀ ਡਰ ਖ਼ਤਮ ਹੁੰਦਾ ਹੈ ਅਤੇ ਲੋੜ ਪੈਣ 'ਤੇ ਸਰਕਾਰੀ ਸੰਸਥਾਵਾਂ ਨਾਲ ਸੰਪਰਕ ਕਰਨ ਦਾ ਵਿਸ਼ਵਾਸ ਪੈਦਾ ਹੁੰਦਾ ਹੈ।” ਐੱਸਪੀਸੀ ਵਿਦਿਆਰਥੀਆਂ ਨੇ ਪੰਜਾਬ ਦੇ 11 ਜ਼ਿਲ੍ਹਿਆਂ ਅੰਮ੍ਰਿਤਸਰ, ਬਠਿੰਡਾ, ਐੱਸਏਐੱਸ ਨਗਰ, ਬਰਨਾਲਾ, ਹੁਸ਼ਿਆਰਪੁਰ, ਸੰਗਰੂਰ, ਮਾਲੇਰਕੋਟਲਾ, ਪਟਿਆਲਾ, ਫਾਜ਼ਿਲਕਾ, ਐੱਸਬੀਐੱਸ ਨਗਰ ਅਤੇ ਗੁਰਦਾਸਪੁਰ ਵਿੱਚ ਕਰਵਾਈਆਂ ਗਈਆਂ ਗਣਤੰਤਰ ਦਿਵਸ ਪਰੇਡਾਂ ਵਿੱਚ ਭਾਗ ਲਿਆ। ਹਰ ਜ਼ਿਲ੍ਹੇ ਤੋਂ 40 ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲੈਂਦਿਆਂ ਆਤਮ-ਵਿਸ਼ਵਾਸ, ਟੀਮ ਭਾਵਨਾ ਅਤੇ ਸਮਰਪਣ ਦਾ ਪ੍ਰਦਰਸ਼ਨ ਕੀਤਾ, ਜਿਸ ਨਾਲ ਇਹ ਪਹਿਲ ਉਨ੍ਹਾਂ ਦੇ ਸਰਬਪੱਖੀ ਵਿਕਾਸ ਲਈ ਬਹੁਤ ਲਾਹੇਵੰਦ ਸਾਬਤ ਹੋਈ। ਪਰੇਡ ਵਿੱਚ ਭਾਗ ਲੈਣ ਵਾਲੇ ਕੁੱਲ 440 ਐੱਸਪੀਸੀ ਵਿਦਿਆਰਥੀਆਂ ਨੂੰ ਵਰਦੀਆਂ ਵੀ ਮੁਹੱਈਆ ਕਰਵਾਈਆਂ ਗਈਆਂ। ਗੁਰਪ੍ਰੀਤ ਕੌਰ ਦਿਓ ਨੇ ਕਿਹਾ, “ਨੌਜਵਾਨ ਅਕਸਰ ਆਪਣੇ ਸਾਥੀਆਂ ਦੇ ਦਬਾਅ ਅਤੇ ਮਾਪਿਆਂ ਦੀ ਸਹੀ ਅਗਵਾਈ ਦੀ ਘਾਟ ਕਾਰਨ ਗਲਤ ਗਤੀਵਿਧੀਆਂ ਵੱਲ ਆਕਰਸ਼ਿਤ ਹੋ ਜਾਂਦੇ ਹਨ। ਉਨ੍ਹਾਂ ਨੂੰ ਗਲਤ ਰਾਹ 'ਤੇ ਜਾਣ ਤੋਂ ਰੋਕਣ ਅਤੇ ਸਮਾਜਿਕ ਜ਼ਿੰਮੇਵਾਰੀ ਪ੍ਰਤੀ ਪ੍ਰੇਰਿਤ ਕਰਨ ਲਈ ਸਕੂਲੀ ਵਿਦਿਆਰਥੀਆਂ ਨੂੰ ਸਮਾਜ ਦੇ ਵਾਂਝੇ ਅਤੇ ਲੋੜਵੰਦ ਵਰਗਾਂ ਨਾਲ ਜੁੜੇ ਸਮਾਜਿਕ ਪ੍ਰੋਗਰਾਮਾਂ ਵਿੱਚ ਭਾਗ ਲੈਣ ਦਾ ਮੌਕਾ ਦਿੱਤਾ ਜਾਂਦਾ ਹੈ। ਇਹ ਪਹਿਲ ਪੰਜਾਬ ਸਰਕਾਰ ਦੀ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਨੂੰ ਵੀ ਮਜ਼ਬੂਤੀ ਪ੍ਰਦਾਨ ਕਰ ਰਹੀ ਹੈ ਕਿਉਂਕਿ ਇਸ ਰਾਹੀਂ ਨੌਜਵਾਨਾਂ ਨੂੰ ਸਕਾਰਾਤਮਕ ਗਤੀਵਿਧੀਆਂ ਨਾਲ ਜੋੜਿਆ ਜਾ ਰਿਹਾ ਹੈ ਅਤੇ ਉਨ੍ਹਾਂ ਵਿੱਚ ਜ਼ਿੰਮੇਵਾਰ ਨਾਗਰਿਕਤਾ ਦੀ ਭਾਵਨਾ ਵਿਕਸਿਤ ਕੀਤੀ ਜਾ ਰਹੀ ਹੈ।