ਬਹਾਦਰਗੜ੍ਹ : ਪਿੰਡ ਦੌਣ ਕਲਾਂ ਵਿਖੇ ਚੱਲ ਰਹੇ ਟਾਇਰ ਫੈਕਟਰੀ ਵਿਰੋਧੀ ਸੰਘਰਸ਼ ਨੂੰ ਉਸ ਵੇਲੇ ਹੋਰ ਮਜ਼ਬੂਤੀ ਮਿਲੀ ਜਦੋਂ ਮਿਸਲ ਸਤਲੁਜ ਦੇ ਮਹਿਲਾ ਵਿੰਗ ਦੀ ਪ੍ਰਧਾਨ ਬੀਬੀ ਜਸਮੀਤ ਕੌਰ ਛੀਨਾ ਦੀ ਅਗਵਾਈ ਹੇਠ ਜਥੇਬੰਦੀ ਦੇ ਕਾਰਕੁਨਾਂ ਨੇ ਧਰਨੇ ਵਿੱਚ ਸ਼ਮੂਲੀਅਤ ਕਰਦਿਆਂ ਪ੍ਰਭਾਵਿਤ ਲੋਕਾਂ ਨਾਲ ਹਰ ਤਰ੍ਹਾਂ ਦੇ ਸਹਿਯੋਗ ਦੇਣ ਦਾ ਵਾਅਦਾ ਕੀਤਾ। ਇਸ ਮੌਕੇ 12 ਪਿੰਡਾਂ ਦੀਆਂ ਪੰਚਾਇਤਾਂ ਨੇ ਸਰਬਸੰਮਤੀ ਨਾਲ ਮਤੇ ਪਾਸ ਕਰਕੇ ਇਹ ਸਪੱਸ਼ਟ ਕੀਤਾ ਕਿ ਲੋਕ ਦੇ ਵਡੇਰੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਇਸ ਟਾਇਰ ਫੈਕਟਰੀ ਨੂੰ ਤੁਰੰਤ ਬੰਦ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਫੈਕਟਰੀ ਤੋਂ ਨਿਕਲਣ ਵਾਲੀ ਕਾਲਖ ਕਾਰਨ ਕਣਕ ਅਤੇ ਹੋਰ ਫਸਲਾਂ ਪ੍ਰਭਾਵਿਤ ਹੋ ਰਹੀਆਂ ਹਨ, ਜਿਸ ਨਾਲ ਕਿਸਾਨਾਂ ਨੂੰ ਆਰਥਿਕ ਨੁਕਸਾਨ ਝੱਲਣਾ ਪੈ ਰਿਹਾ ਹੈ। ਇੱਥੋਂ ਤੱਕ ਕਿ ਪ੍ਰਦੂਸ਼ਿਤ ਚਾਰੇ ਨੂੰ ਖਾਣ ਕਾਰਨ ਪਸ਼ੂ ਵੀ ਬਿਮਾਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਵੱਲੋਂ ਲੋਕਾਂ ਇਸ ਸਮਸਿਆ ਨੂੰ ਅਣਡਿੱਠਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਮਿਸਲ ਸਤਲੁਜ ਹਮੇਸ਼ਾ ਲੋਕਾਂ ਦੇ ਸਿਹਤ, ਵਾਤਾਵਰਣ ਅਤੇ ਜੀਵਨ ਅਧਿਕਾਰਾਂ ਦੀ ਰੱਖਿਆ ਲਈ ਚੱਲ ਰਹੀਆਂ ਜਨ-ਲਹਿਰਾਂ ਦੇ ਨਾਲ ਖੜ੍ਹੀ ਰਹੇਗੀ।