ਚੰਡੀਗੜ੍ਹ : ਨਸ਼ਿਆਂ ਵਿਰੁੱਧ ਵਿੱਢੀ ਜੰਗ ਨੂੰ ਹੋਰ ਤੇਜ਼ ਕਰਦਿਆਂ, ਪੰਜਾਬ ਪੁਲਿਸ ਨੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦਾ ਅਗਲਾ ਪੜਾਅ ਸ਼ੁਰੂ ਕੀਤਾ ਹੈ ਜਿਸ ਤਹਿਤ ਗੈਰ-ਕਾਨੂੰਨੀ ਹਵਾਲਾ ਟ੍ਰੇਡਰਸ ਅਤੇ ਸੰਚਾਲਕਾਂ - ਜੋ ਡਰੱਗ ਮਨੀ ਦੇ ਲੈਣ-ਦੇਣ ਅਤੇ ਨਸ਼ਿਆਂ ਦੇ ਨੈੱਟਵਰਕ ਨੂੰ ਚਲਾਉਣ ਵਿੱਚ ਮਦਦ ਕਰਦੇ ਹਨ - ਵਿਰੁੱਧ ਤਿੰਨ ਰੋਜ਼ਾ ਸੂਬਾ ਪੱਧਰੀ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਦਾ ਉਦੇਸ਼ ਡਰੱਗ ਸਿੰਡੀਕੇਟਾਂ ਦੇ ਆਰਥਿਕ ਢਾਂਚੇ ਨੂੰ ਵੀ ਤਬਾਹ ਕਰਨਾ ਹੈ। ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਹੁਣ ਤੱਕ, ਸਮਰਪਿਤ ਇਨਫੋਰਸਮੈਂਟ ਆਪਰੇਸ਼ਨਾਂ ਤਹਿਤ 73 ਹਵਾਲਾ ਸੰਚਾਲਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ 10 ਕਰੋੜ ਰੁਪਏ ਦੀ ਹਵਾਲਾ ਰਾਸ਼ੀ ਦੀ ਬਰਾਮਦਗੀ ਕੀਤੀ ਗਈ ਹੈ। ਨਸ਼ਾ ਤਸਕਰਾਂ ਦੀ ਗੈਰ-ਕਾਨੂੰਨੀ ਸੰਪਤੀ ਨੂੰ ਜ਼ਬਤ ਕਰਨ ਅਤੇ ਉਹਨਾਂ ਨੂੰ ਕੜਾ ਸਬਕ ਸਿਖਾਉਣ ਦੇ ਮੰਤਵ ਨਾਲ, ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ 2022 ਤੋਂ ਐਨਡੀਪੀਐਸ ਐਕਟ ਦੀ ਧਾਰਾ 68ਐਫ ਤਹਿਤ 830 ਕਰੋੜ ਰੁਪਏ ਤੋਂ ਵੱਧ ਦੀਆਂ ਜਾਇਦਾਦਾਂ ਨੂੰ ਜ਼ਬਤ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸਮਰੱਥ ਅਥਾਰਟੀ ਵੱਲੋਂ 1,727 ਤੋਂ ਵੱਧ ਜਾਇਦਾਦਾਂ ਜ਼ਬਤ ਕਰਨ ਦੇ ਪ੍ਰਸਤਾਵਾਂ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਗੈਰ-ਕਾਨੂੰਨੀ ਵਿੱਤੀ ਸਹੂਲਤ ਦੇਣ ਵਾਲਿਆਂ ਵਿਰੁੱਧ ਇਨ੍ਹਾਂ ਵੱਡੀਆਂ ਕਾਰਵਾਈਆਂ ਤੋਂ ਇਲਾਵਾ ਪੁਲਿਸ ਟੀਮਾਂ ਵੱਲੋਂ 1 ਮਾਰਚ, 2025 ਤੋਂ ਹੁਣ ਤੱਕ ਦੋਸ਼ੀਆਂ ਕੋਲੋਂ ਨਸ਼ੀਲੇ ਪਦਾਰਥਾਂ ਦੇ ਕਾਰੋਬਾਰ ਨਾਲ ਹੋਈ 20 ਕਰੋੜ ਤੋਂ ਵੱਧ ਦੀ ਕਮਾਈ ਵੀ ਬਰਾਮਦ ਕੀਤੀ ਗਈ ਹੈ। ਪੰਜਾਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਜ਼ੀਰੋ-ਟੌਲਰੈਂਸ ਪਹੁੰਚ ਅਪਣਾਈ ਗਈ ਹੈ ਅਤੇ ਨਸ਼ਾ ਤਸਕਰੀ ਦੀ ਵਿੱਤੀ ਰੀੜ੍ਹ ਦੀ ਹੱਡੀ ਨੂੰ ਤੋੜਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।