ਲੁਧਿਆਣਾ : ਆਮ ਆਦਮੀ ਪਾਰਟੀ ਦੀ ਸਰਕਾਰ ਦੀ ਸਹਿ ਤੇ ਪੰਜਾਬ ਪੁਲੀਸ ਵੱਲੋਂ ਹੁਸ਼ਿਆਰਪੁਰ ਦੇ ਟਾਂਡਾ ਵਿਖੇ ਕਾਂਗਰਸੀ ਆਗੂ ਅਰਸ਼ਦੀਪ ਸਿੰਘ ਵੱਲੋਂ ਝਾੜੂ ਖਿਲਾਰਨ ’ਤੇ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰਨ ਵਿਰੁੱਧ ਸਮੁੱਚੀ ਕਾਂਗਰਸ ਪਾਰਟੀ ਨਿੱਤਰ ਆਈ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਦਿਸ਼ਾ ਨਿਰਦੇਸ਼ਾਂ ’ਤੇ ਹਲਕਾ ਗਿੱਲ ਤੋਂ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਦੀ ਅਗਵਾਈ ਹੇਠ ਹਲਕਾ ਗਿੱਲ ਦੇ ਕਾਂਗਰਸੀ ਵਰਕਰਾਂ ਵੱਲੋਂ ਆਮ ਆਦਮੀ ਪਾਰਟੀ ਦੇ ਹਲਕਾ ਗਿੱਲ ਦੇ ਮੌਜੂਦਾ ਵਿਧਾਇਕ ਜੀਵਨ ਸਿੰਘ ਸੰਗੋਵਾਲ ਦੇ ਗ੍ਰਹਿ ਪਿੰਡ ਸੰਗੋਵਾਲ ਵਿਖੇ ਮੁਜ਼ਾਹਰਾ ਕੀਤਾਂ । ਇਸ ਦੌਰਾਨ ਵੱਡੀ ਗਿਣਤੀ ਕਾਂਗਰਸੀਆਂ ਨੇ ਝਾੜੂ ਖਿਲਾਰੇ ਅਤੇ ਸੂਬਾ ਸਰਕਾਰ ਤੋਂ ਉਨ੍ਹਾਂ ਵਿਰੁੱਧ ਵੀ ਕੇਸ ਦਰਜ ਕਰਨ ਦੀ ਮੰਗ ਕੀਤੀ। ‘ਆਪ’ ਨੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲਿਆਂ ਵਿੱਚ 24 ਘੰਟਿਆਂ ਅੰਦਰ ਇਨਸਾਫ਼ ਦੇਣ ਦਾ ਵਾਅਦਾ ਕੀਤਾ ਸੀ ਪਰ ਚਾਰ ਸਾਲ ਤੋਂ ਵੱਧ ਸਮੇਂ ਤੋਂ ਸੱਤਾ ਵਿੱਚ ਹੋਣ ਦੇ ਬਾਵਜੂਦ ਕੋਈ ਢੁੱਕਵੀਂ ਕਾਰਵਾਈ ਨਹੀਂ ਹੋਈ ਹੈ। ਕਾਂਗਰਸ ਪਾਰਟੀ ਵੱਲੋਂ ਲੋਕਾਂ ਦੀਆਂ ਮੁੱਖ ਮੰਗਾਂ ਨੂੂੰ ਲੈ ਕੇ ਭਵਿੱਖ ਵਿੱਚ ਵੀ ਮੁਜ਼ਾਹਰੇ ਕੀਤੇ ਜਾਣਗੇ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ ਵਿਰੋਧੀ ਨੀਤੀਆਂ ਵਿਰੁੱਧ ਹਮੇਸ਼ਾ ਆਵਾਜ਼ ਬੁਲੰਦ ਰੱਖਣਗੇ।