ਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨੀਤੀ ਆਯੋਗ (ਨੈਸ਼ਨਲ ਇੰਸਟੀਚਿਊਸ਼ਨਜ਼ ਫਾਰ ਟਰਾਂਸਫਾਰਮਿੰਗ ਇੰਡੀਆ) ਅੱਗੇ ਪੰਜਾਬ ਦੇ ਲੰਮੇ ਸਮੇਂ ਤੋਂ ਲਟਕਦੇ ਆ ਰਹੇ ਮਸਲੇ ਜ਼ੋਰਦਾਰ ਢੰਗ ਨਾਲ ਪੇਸ਼ ਕੀਤੇ। ਮੁੱਖ ਮੰਤਰੀ ਨੇ ਪੰਜਾਬ ਦੇ ਸਰਹੱਦੀ ਇਲਾਕਿਆਂ ਦੀ ਮੁੜ ਸੁਰਜੀਤੀ ਲਈ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਨੀਤੀ ਆਯੋਗ ਪਾਸੋਂ ਪਹਾੜੀ ਸੂਬਿਆਂ, ਉੱਤਰੀ ਪੂਰਬੀ ਸੂਬਿਆਂ ਅਤੇ ਜੰਮੂ ਕਸ਼ਮੀਰ ਦੀ ਤਰਜ਼ ’ਤੇ 90:10 ਫੰਡਿੰਗ ਨਾਲ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ (ਸਪੈਸ਼ਲ ਕੈਟਾਗਿਰੀ ਸਟੇਟਸ) ਦੇਣ ਦੀ ਮੰਗ ਵੀ ਰੱਖੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਹੱਦੀ ਸੂਬਾ ਹੋਣ ਦੇ ਨਾਤੇ ਪੰਜਾਬ ਨੂੰ ਦਰਪੇਸ਼ ਅਸਧਾਰਣ ਸੁਰੱਖਿਆ, ਆਰਥਿਕ ਤੇ ਸਮਾਜਿਕ ਚੁਣੌਤੀਆਂ ਬਾਰੇ ਸੂਬੇ ਦਾ ਪੱਖ ਪੇਸ਼ ਕਰਦਿਆਂ ਕਿਹਾ ਕਿ ਸੂਬੇ ਦੀ ਖਾਹਿਸ਼ਾਂ ਤੇ ਉਮੀਦਾਂ ‘ਵਿਕਸਤ ਭਾਰਤ-2047’ ਦੇ ਕੌਮੀ ਟੀਚੇ ਨਾਲ ਮੇਲ ਖਾਂਦੀਆਂ ਹਨ।
ਮੋਹਰੀ ਸਰਹੱਦੀ ਸੂਬਾ ਹੋਣ ਦੇ ਨਾਤੇ ਪੰਜਾਬ ਵਿਸ਼ੇਸ਼ ਇਮਦਾਦ ਦਾ ਹੱਕਦਾਰਪੰਜਾਬ ਨੂੰ ਦਰਪੇਸ਼ ਵਿਲੱਖਣ ਚੁਣੌਤੀਆਂ 'ਤੇ ਪੱਖ ਪੇਸ਼ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਇੱਕ ਮੋਹਰੀ ਸੂਬਾ ਹੈ ਜਿਸ ਦੀ ਪਾਕਿਸਤਾਨ ਨਾਲ 553 ਕਿਲੋਮੀਟਰ ਲੰਬੀ ਸਾਂਝੀ ਸਰਹੱਦ ਹੈ। ਸੂਬਾ ਗੰਭੀਰ ਅਤੇ ਬਹੁ-ਪੱਖੀ ਸੰਕਟ ਦਾ ਸਾਹਮਣਾ ਕਰ ਰਿਹਾ ਹੈ ਜਿਸ ਵਿੱਚ ਲਗਾਤਾਰ ਸਰਹੱਦ ਪਾਰੋਂ ਅੱਤਵਾਦ, ਡਰੋਨ ਰਾਹੀਂ ਹੈਰੋਇਨ ਅਤੇ ਹਥਿਆਰਾਂ ਦੀ ਤਸਕਰੀ ਵਰਗੀਆਂ ਚੁਣੌਤੀਆਂ ਸ਼ਾਮਲ ਹੈ। ਇਸ ਦੇ ਨਤੀਜੇ ਵਜੋਂ ਹੀ ਨੌਜਵਾਨਾਂ ਵਿੱਚ ਨਸ਼ਿਆਂ ਦੀ ਗੰਭੀਰ ਸਮੱਸਿਆ, ਸੰਗਠਿਤ ਅਪਰਾਧ ਅਤੇ ਬੀ.ਐਸ.ਐਫ. ਦੀ ਨਿਗਰਾਨੀ ਹੇਠ ਕੰਡਿਆਲੀ ਤਾਰ ਅਤੇ ਅੰਤਰਰਾਸ਼ਟਰੀ ਸਰਹੱਦ ਦੇ ਵਿਚਕਾਰਲੀ ਜ਼ਮੀਨ 'ਤੇ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਰੋਜ਼ਾਨਾ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।”
ਕੁਦਰਤੀ ਆਫ਼ਤਾਂ ਅਤੇ ਸੁਰੱਖਿਆ ਨਾਲ ਸਬੰਧਤ ਸਮੱਸਿਆਵਾਂ ਬਾਰੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਨੇ ਕਿਹਾ, “ਪੰਜਾਬ ਨੇ ਸਾਲ 2025 ਵਿੱਚ ਆਏ ਹੜ੍ਹਾਂ ਵਰਗੀਆਂ ਕੁਦਰਤੀ ਆਫ਼ਤਾਂ ਦੀ ਮਾਰ ਨੂੰ ਬੁਰੀ ਤਰ੍ਹਾਂ ਝੱਲਿਆ ਹੈ, ਜਿਸ ਨਾਲ 2,300 ਤੋਂ ਵੱਧ ਪਿੰਡਾਂ ਨੂੰ ਨੁਕਸਾਨ ਪਹੁੰਚਿਆ ਅਤੇ ਲਗਭਗ 12,905 ਕਰੋੜ ਰੁਪਏ ਦਾ ਨੁਕਸਾਨ ਹੋਇਆ। 'ਆਪ੍ਰੇਸ਼ਨ ਸਿੰਦੂਰ' (Operation Sindoor) ਤੋਂ ਬਾਅਦ ਪੰਜਾਬ ਦੇ ਵਸਨੀਕਾਂ ਨੂੰ ਜਿਸ ਮਾਰ ਦਾ ਸਾਹਮਣਾ ਕਰਨਾ ਪਿਆ, ਉਸ ਦਾ ਮੰਜ਼ਰ ਪੂਰੇ ਦੇਸ਼ ਨੇ ਦੇਖਿਆ ਹੈ।”
ਵਿਕਸਿਤ ਭਾਰਤ ਲਈ ਸੁਰੱਖਿਅਤ ਤੇ ਖੁਸ਼ਹਾਲ ਪੰਜਾਬ ਜ਼ਰੂਰੀਪ੍ਰਧਾਨ ਮੰਤਰੀ ਨੂੰ ਪੰਜਾਬ ਨੂੰ ਹੋਰ ਵੱਧ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਅਤੇ ਇਸ ਦੇ ਲੋਕ ਆਪਣੇ ਨੁਕਸਾਨ ਦੀ ਕੀਮਤ 'ਤੇ ਵੀ ਦੇਸ਼ ਅਤੇ ਇਸ ਦੀਆਂ ਸਰਹੱਦਾਂ ਨੂੰ ਦੁਸ਼ਮਣ ਗੁਆਂਢੀ ਤੋਂ ਬਚਾਉਣ ਦੀ ਆਪਣੀ ਵਚਨਬੱਧਤਾ 'ਤੇ ਦ੍ਰਿੜ ਹਨ।” ਪੰਜਾਬ 'ਵਿਕਸਿਤ ਭਾਰਤ-2047' ਦੇ ਵਿਜ਼ਨ ਨੂੰ ਹਾਸਲ ਕਰਨ ਲਈ ਕੇਂਦਰ ਸਰਕਾਰ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਨਾ ਜਾਰੀ ਰੱਖੇਗਾ। ਉਨ੍ਹਾਂ ਕਿਹਾ, “ਪੰਜਾਬ ਅਤੇ ਇਸ ਦੇ ਲੋਕ ਭਾਰਤ ਨੂੰ 2047 ਤੱਕ 'ਵਿਕਸਿਤ ਭਾਰਤ' ਬਣਾਉਣ ਲਈ ਭਾਰਤ ਸਰਕਾਰ ਨਾਲ ਮਿਲ ਕੇ ਕੰਮ ਕਰਨਗੇ। ਇੱਕ ਸੁਰੱਖਿਅਤ, ਮਹਿਫੂਜ਼ ਅਤੇ ਖੁਸ਼ਹਾਲ ਪੰਜਾਬ ਹੀ 'ਵਿਕਸਿਤ ਭਾਰਤ @ 2047' ਦੀ ਗਾਰੰਟੀ ਦੇ ਸਕਦਾ ਹੈ।”
'ਰੰਗਲਾ ਪੰਜਾਬ' ਦਾ ਸੁਪਨਾ ਕੌਮੀ ਤਰਜੀਹਾਂ ਨਾਲ ਮੇਲ ਖਾਂਦਾਪੰਜਾਬ ਦੇ ਵਿਕਾਸ ਦੀ ਰੂਪ-ਰੇਖਾ ਪੇਸ਼ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਹਿੰਮਤ, ਉਮੀਦ ਅਤੇ ਸਮਰੱਥਾ ਦੀ ਧਰਤੀ, ਪੰਜਾਬ ਦੇ ਮੁੱਖ ਮੰਤਰੀ ਵਜੋਂ ਮੈਨੂੰ 'ਰੰਗਲਾ ਪੰਜਾਬ' ਲਈ ਸਾਡਾ ਸਮੂਹਿਕ ਵਿਜ਼ਨ ਪੇਸ਼ ਕਰਦਿਆਂ ਮਾਣ ਮਹਿਸੂਸ ਹੋ ਰਿਹਾ ਹੈ, ਜੋ 2047 ਤੱਕ 'ਵਿਕਸਿਤ ਭਾਰਤ' ਦੇ ਸਫਰ ਵਿੱਚ ਅਹਿਮ ਭੂਮਿਕਾ ਨਿਭਾਉਣ ਲਈ ਦ੍ਰਿੜ ਹੈ।
ਭਾਰਤ ਦੇ ਸੈਮੀਕੰਡਕਟਰ ਵਿਕਾਸ ਵਿੱਚ ਮੋਹਰੀ ਬਣ ਸਕਦਾ ਮੋਹਾਲੀਮੁੱਖ ਮੰਤਰੀ ਨੇ ਕਿਹਾ ਕਿ ਮੋਹਾਲੀ ਦੇ ਕਈ ਰਣਨੀਤਕ ਅਤੇ ਲੌਜਿਸਟਿਕ ਲਾਭ ਹਨ ਜੋ ਇਸ ਨੂੰ ਏਕੀਕ੍ਰਿਤ ਸੈਮੀਕੰਡਕਟਰ ਮੈਗਾ-ਕਲੱਸਟਰ ਲਈ ਆਦਰਸ਼ ਸਥਾਨ ਬਣਾਉਂਦੇ ਹਨ। ਉਨ੍ਹਾਂ ਕਿਹਾ, "ਮੋਹਾਲੀ ਵਿੱਚ ਸਿਖਿਅਤ ਮਨੁੱਖੀ ਸ਼ਕਤੀ, ਰੱਖਿਆ ਅਤੇ ਰਣਨੀਤਕ ਖਪਤਕਾਰਾਂ ਨਾਲ ਨੇੜਤਾ, ਲੋੜੀਂਦਾ ਬੁਨਿਆਦੀ ਢਾਂਚਾ ਅਤੇ ਪ੍ਰਾਈਵੇਟ ਪਹਿਲਾਂ ਹੀ ਉਪਲਬਧ ਹਨ।" ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਲੱਸਟਰ ਦੀ ਸਥਾਪਨਾ ਨਾਲ ਪੰਜਾਬ ਦੁਨੀਆ ਦੇ ਸਭ ਤੋਂ ਰਣਨੀਤਕ ਅਤੇ ਉੱਚ-ਵਿਕਾਸ ਵਾਲੇ ਖੇਤਰਾਂ ਵਿੱਚ ਸ਼ੁਮਾਰ ਹੋ ਜਾਵੇਗਾ ਅਤੇ ਸੂਬੇ ਵਿੱਚ ਆਰਥਿਕ ਵਿਕਾਸ ਅਤੇ ਨਵੀਨਤਾ ਨੂੰ ਗਤੀ ਮਿਲੇਗੀ।