ਮੋਰਿੰਡਾ : ਸਥਾਨਕ ਵਾਰਡ ਨੰਬਰ ਇਕ ਗ੍ਰੀਨ ਇਨਕਲੇਵ ਕਲੋਨੀ ਵਿੱਚ ਅਵਾਰਾ ਕੁੱਤਿਆਂ ਦੇ ਹਮਲੇ ਕਾਰਨ 8 ਸਾਲਾ ਮਾਸੂਮ ਬੱਚੀ ਕੀਰਤੀ ਦੀ ਹੋਈ ਦਰਦਨਾਕ ਮੌਤ ਤੋਂ ਬਾਅਦ ਸ਼ਹਿਰ ਭਰ ਵਿੱਚ ਰੋਸ ਦੀ ਲਹਿਰ ਫੈਲ ਗਈ ਹੈ। ਇਸ ਘਟਨਾ ਦੇ ਮੱਦੇਨਜ਼ਰ ਅੱਜ ਨਗਰ ਕੌਂਸਲ ਮੋਰਿੰਡਾ ਵਿਖੇ ਵੱਖ ਵੱਖ ਸਿਆਸੀ ਤੇ ਸਮਾਜਿਕ ਜਥੇਬੰਦੀਆਂ ਅਤੇ ਕੌਂਸਲਰਾਂ ਸਮੇਤ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀਆਂ ਨੇ ਸ਼ਮੂਲੀਅਤ ਕੀਤੀ। ਇਸ ਸਮੇਂ ਸਮੂਹ ਹਾਜ਼ਰ ਲੋਕਾਂ ਨੇ ਇਸ ਦਰਦਨਾਕ ਘਟਨਾ ਤੇ ਗਹਿਰਾ ਦੁਖ ਪ੍ਰਗਟ ਕਰਦਿਆਂ ਪੀੜਤ ਪਰਿਵਾਰ ਨੂੰ ਮੁਆਵਜ਼ੇ ਦੀ ਮੰਗ ਕੀਤੀ ਅਤੇ ਅਵਾਰਾ ਕੁੱਤਿਆਂ ਖਿਲਾਫ ਪ੍ਰਸ਼ਾਸਨ ਤੋਂ ਸਖ਼ਤ ਅਤੇ ਤੁਰੰਤ ਕਾਰਵਾਈ ਦੀ ਮੰਗ ਕੀਤੀ। ਪ੍ਰੰਤੂ ਪ੍ਰਸਾਸ਼ਨ ਇਸ ਵੱਡੀ ਦਰਦਨਾਕ ਘਟਨਾ ਦੀ ਇੰਤਜ਼ਾਰ ਕਰ ਰਿਹਾ ਸੀ। ਇਸ ਕਾਰਨ ਅੱਜ ਤੱਕ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਮੰਗ ਕੀਤੀ ਕਿ ਖਤਰਨਾਕ ਅਵਾਰਾ ਕੁੱਤਿਆਂ ਨੂੰ ਤੁਰੰਤ ਫੜ ਕੇ ਡੋਗ ਸ਼ੈਲਟਰਾਂ ਵਿੱਚ ਭੇਜਿਆ ਜਾਵੇ, ਨਸਬੰਦੀ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਸ਼ਹਿਰ ਵਾਸੀਆਂ ਨੂੰ ਇਸ ਗੰਭੀਰ ਸਮੱਸਿਆ ਤੋਂ ਰਾਹਤ ਦਿਵਾਈ ਜਾਵੇ।ਐਸ.ਡੀ.ਐਮ. ਚੇਤਨ ਬੰਗੜ ਨੇ ਮੰਗ ਪੱਤਰ ਪ੍ਰਾਪਤ ਕਰਨ ਉਪਰੰਤ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਪ੍ਰਸ਼ਾਸਨ ਵੱਲੋਂ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ ਅਤੇ ਨਗਰ ਕੌਂਸਲ ਮੋਰਿੰਡਾ ਦੇ ਅਧਿਕਾਰੀਆਂ ਨੂੰ ਸਖਤ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ ਕਿ ਇਸ ਮਾਮਲੇ ਵਿੱਚ ਕਾਰਵਾਈ ਤੁਰੰਤ ਅਮਲ ਵਿੱਚ ਲਿਆਂਦੀ ਜਾਵੇ।