ਮੋਰਿੰਡਾ : ਸ਼ਹਿਰ ਦੀਆਂ ਭਖਦੀਆਂ ਜਨਤਕ ਸਮੱਸਿਆਵਾਂ ਦੇ ਹੱਲ ਲਈ ਭਾਰਤੀ ਜਨਤਾ ਪਾਰਟੀ ਮੋਰਿੰਡਾ ਦੇ ਮੰਡਲ ਪ੍ਰਧਾਨ ਰਾਜੇਸ਼ ਭਾਟੀਆ ਦੀ ਅਗਵਾਈ ਹੇਠ ਭਾਜਪਾ ਆਗੂਆਂ ਅਤੇ ਕਾਰਕੁਨਾਂ ਦੇ ਇੱਕ ਵਿਸ਼ੇਸ਼ ਵਫ਼ਦ ਵੱਲੋਂ ਐਸ.ਡੀ.ਐਮ. ਮੋਰਿੰਡਾ ਅਤੇ ਨਗਰ ਕੌਂਸਲ ਦੇ ਕਾਰਜਸਾਧਕ ਅਫ਼ਸਰ (ਈ.ਓ.) ਨੂੰ ਇੱਕ ਮੰਗ ਪੱਤਰ ਸੌਂਪਿਆ ਗਿਆ। ਵਫ਼ਦ ਨੇ ਅਧਿਕਾਰੀਆਂ ਨਾਲ ਮੁਲਾਕਾਤ ਦੌਰਾਨ ਮੋਰਿੰਡਾ ਸ਼ਹਿਰ ਵਿੱਚ ਦਿਨੋਂ-ਦਿਨ ਵਧ ਰਹੀ ਆਵਾਰਾ ਕੁੱਤਿਆਂ ਦੀ ਸਮੱਸਿਆ, ਥਾਂ-ਥਾਂ ਲੱਗੇ ਕੂੜੇ ਦੇ ਢੇਰਾਂ, ਸਫ਼ਾਈ ਪ੍ਰਬੰਧਾਂ ਦੀ ਖਸਤਾ ਹਾਲਤ ਅਤੇ ਗੰਦਗੀ ਕਾਰਨ ਨਰਕ ਵਰਗੀ ਜ਼ਿੰਦਗੀ ਜਿਊਣ ਲਈ ਮਜਬੂਰ ਸ਼ਹਿਰ ਵਾਸੀਆਂ ਦੀਆਂ ਮੁਸ਼ਕਲਾਂ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ। ਮੰਡਲ ਪ੍ਰਧਾਨ ਰਾਜੇਸ਼ ਭਾਟੀਆ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ ਕਿ ਸ਼ਹਿਰ ਦੀਆਂ ਗਲੀਆਂ-ਬਾਜ਼ਾਰਾਂ ਵਿੱਚ ਘੁੰਮਦੇ ਆਵਾਰਾ ਕੁੱਤਿਆਂ ਕਾਰਨ ਸਥਾਨਕ ਲੋਕਾਂ, ਖ਼ਾਸ ਕਰਕੇ ਮਾਸੂਮ ਬੱਚਿਆਂ ਜਿਵੇਂ ਕੱਲ ਹੀ ਅਠ ਸਾਲਾਂ ਬੱਚੀ ਦਾ ਅਵਾਰਾ ਕੁੱਤਿਆਂ ਕਾਰਨ ਹੋਈ ਮੌਤ ਦਾ ਹਾਦਸਾ ਅਤੇ ਬਜ਼ੁਰਗਾਂ ਵਿੱਚ ਭਾਰੀ ਡਰ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਆਏ ਦਿਨ ਲੋਕ ਇਨ੍ਹਾਂ ਦਾ ਸ਼ਿਕਾਰ ਹੋ ਰਹੇ ਹਨ। ਇਸ ਦੇ ਨਾਲ ਹੀ ਸ਼ਹਿਰ ਅੰਦਰ ਸਫ਼ਾਈ ਵਿਵਸਥਾ ਪੂਰੀ ਤਰ੍ਹਾਂ ਲੀਹ ਤੋਂ ਉੱਤਰ ਚੁੱਕੀ ਹੈ, ਜਿਸ ਕਾਰਨ ਲੱਗੇ ਕੂੜੇ ਦੇ ਢੇਰ ਭਿਆਨਕ ਬਿਮਾਰੀਆਂ ਨੂੰ ਸੱਦਾ ਦੇ ਰਹੇ ਹਨ। ਇਸ ਮੌਕੇ ਐਸ.ਡੀ.ਐਮ. ਅਤੇ ਈ.ਓ. ਮੋਰਿੰਡਾ ਨੇ ਭਾਜਪਾ ਵਫ਼ਦ ਵੱਲੋਂ ਉਠਾਏ ਗਏ ਮੁੱਦਿਆਂ ਨੂੰ ਬੇਹੱਦ ਗੰਭੀਰਤਾ ਨਾਲ ਸੁਣਿਆ ਅਤੇ ਭਰੋਸਾ ਦਿਵਾਇਆ ਕਿ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਜਲਦ ਦਰੁਸਤ ਕੀਤਾ ਜਾਵੇਗਾ ਅਤੇ ਆਵਾਰਾ ਕੁੱਤਿਆਂ ਦੀ ਸਮੱਸਿਆ ਦੇ ਹੱਲ ਲਈ ਵੀ ਤੁਰੰਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।