ਦੇਵੀਗੜ : ਪਟਿਆਲਾ ਵਿਖੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਮੁੱਖ ਦਫ਼ਤਰ ਅੱਗੇ ਆਪਣੇ ਹੱਕਾਂ ਲਈ ਸ਼ਾਂਤੀਪੂਰਵਕ ਪ੍ਰਦਰਸ਼ਨ ਕਰ ਰਹੇ '2600 ਅਪ੍ਰੈਂਟਿਸ ਲਾਈਨਮੈਨ ਯੂਨੀਅਨ' ਦੇ ਨੌਜਵਾਨਾਂ ’ਤੇ ਪੁਲਿਸ ਵੱਲੋਂ ਕੀਤੇ ਗਏ ਬੇਰਹਿਮੀ ਨਾਲ ਲਾਠੀਚਾਰਜ ਅਤੇ ਤਸੱਦਦ ਦੀ ਚੌਤਰਫ਼ਾ ਨਿੰਦਾ ਹੋ ਰਹੀ ਹੈ। ਇਸ ਮੰਦਭਾਗੀ ਘਟਨਾ ਨੂੰ ਲੈ ਕੇ ਸੂਬੇ ਦੀ ਸਿਆਸਤ ਪੂਰੀ ਤਰ੍ਹਾਂ ਭਖ ਗਈ ਹੈ। ਸੀਨੀਅਰ ਕਾਂਗਰਸੀ ਆਗੂ ਚੌਧਰੀ ਨਿਰਮਲ ਭੱਟੀਆਂ ਨੇ ਇਸ ਸਰਕਾਰੀ ਜਬਰ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਮੌਜੂਦਾ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਨੂੰ ਤਾਨਾਸ਼ਾਹ ਕਰਾਰ ਦਿੱਤਾ। ਦੇਵੀਗੜ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੀਨੀਅਰ ਕਾਂਗਰਸੀ ਆਗੂ ਚੌਧਰੀ ਨਿਰਮਲ ਭੱਟੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਕਰੋੜਾਂ ਰੁਪਏ ਦੇ ਸਰਕਾਰੀ ਇਸ਼ਤਿਹਾਰ ਲਗਾ ਕੇ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਝੂਠੇ ਦਾਅਵੇ ਕਰ ਰਹੇ ਹਨ, ਜਦਕਿ ਹਕੀਕਤ ਇਹ ਹੈ ਕਿ ਜਦੋਂ ਪੜ੍ਹੇ-ਲਿਖੇ ਨੌਜਵਾਨ ਆਪਣਾ ਹੱਕ ਮੰਗਦੇ ਹਨ, ਤਾਂ ਉਨ੍ਹਾਂ ਨੂੰ ਰੁਜ਼ਗਾਰ ਦੀ ਥਾਂ ਪੁਲਿਸ ਦੀਆਂ ਡਾਂਗਾਂ ਸੌਗਾਤ ਵਿੱਚ ਦਿੱਤੀਆਂ ਜਾਂਦੀਆਂ ਹਨ।" ਉਨ੍ਹਾਂ ਜ਼ਖ਼ਮੀ ਨੌਜਵਾਨਾਂ ਲਈ ਮੁਫ਼ਤ ਇਲਾਜ ਅਤੇ ਸਰਕਾਰੀ ਮੁਆਵਜ਼ੇ ਦੀ ਮੰਗ ਵੀ ਕੀਤੀ। ਚੌਧਰੀ ਭੱਟੀਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ 2600 ਅਪ੍ਰੈਂਟਿਸ ਲਾਈਨਮੈਨਾਂ ਦੀਆਂ ਜਾਇਜ਼ ਮੰਗਾਂ ਨੂੰ ਤੁਰੰਤ ਪ੍ਰਵਾਨ ਨਾ ਕੀਤਾ ਅਤੇ ਨੌਜਵਾਨਾਂ ਨਾਲ ਇਨਸਾਫ਼ ਨਾ ਹੋਇਆ, ਤਾਂ ਕਾਂਗਰਸ ਪਾਰਟੀ ਸੂਬਾ ਪੱਧਰ ’ਤੇ ਤਿੱਖਾ ਸੰਘਰਸ਼ ਵਿੱਢਣ ਲਈ ਮਜਬੂਰ ਹੋਵੇਗੀ ਅਤੇ ਸਰਕਾਰ ਦਾ ਘਿਰਾਓ ਕੀਤਾ ਜਾਵੇਗਾ।ਇਸ ਮੌਕੇ ਕੁਲਦੀਪ ਸਿੰਘ ਸਾਬਕਾ ਪ੍ਰਧਾਨ, ਰਿੰਕੂ ਮਿਤਲ ਸਾਬਕਾ ਮੈਬਰ ਬਲਾਕ ਸੰਮਤੀ, ਗੁਰਨਾਮ ਸਿੰਘ ਜਨਰਲ ਸਕੱਤਰ, ਗੁਰਮੀਤ ਬਾਵਾ ਅਤੇ ਤਰਨਜੋਤ ਗਨੌਰ ਹਾਜਰ ਸਨ।