ਅੰਮ੍ਰਿਤਸਰ : ਮਕਬੂਲਪੁਰਾ ਇਲਾਕੇ ਵਿੱਚ ਇੱਕ ਮਹਿਲਾ ਨਾਲ ਕੁੱਟਮਾਰ ਅਤੇ ਇੱਜ਼ਤ ਭੰਗ ਦੀ ਕੋਸ਼ਿਸ਼ ਦੇ ਦੋਸ਼ਾਂ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਸਰਬਜੀਤ ਕੌਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਸ ਦਾ ਪਤੀ ਕਰੀਬ ਇੱਕ ਮਹੀਨੇ ਤੋਂ ਜੇਲ੍ਹ ਵਿੱਚ ਬੰਦ ਹੈ ਅਤੇ ਇਸ ਦੌਰਾਨ ਉਸ ਦਾ ਦਿਓਰ ਲੰਬੇ ਸਮੇਂ ਤੋਂ ਉਸ ਉੱਪਰ ਗਲਤ ਨਿਗਾਹ ਰੱਖਦਾ ਆ ਰਿਹਾ ਸੀ। ਉਸ ਨੇ ਦੱਸਿਆ ਕਿ ਇਸ ਸਬੰਧੀ ਪਹਿਲਾਂ ਵੀ ਪੁਲਿਸ ਨੂੰ ਸ਼ਿਕਾਇਤ ਦਿੱਤੀ ਜਾ ਚੁੱਕੀ ਹੈ। ਪੀੜਤਾ ਨੇ ਕਿਹਾ ਕਿ ਤਿੰਨ ਦਿਨ ਪਹਿਲਾਂ ਉਸ ਦੇ ਦਿਓਰ ਨੇ ਉਸ ਨਾਲ ਜਬਰਦਸਤੀ ਕਰਨ ਅਤੇ ਉਸ ਦੀ ਇੱਜ਼ਤ ਨੂੰ ਹੱਥ ਪਾਉਣ ਦੀ ਕੋਸ਼ਿਸ਼ ਕੀਤੀ। ਵਿਰੋਧ ਕਰਨ 'ਤੇ ਉਸ ਨਾਲ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ, ਜਿਸ ਕਾਰਨ ਉਸ ਦੇ ਸਿਰ ਅਤੇ ਪੇਟ 'ਤੇ ਗੰਭੀਰ ਸੱਟਾਂ ਲੱਗੀਆਂ। ਘਟਨਾ ਤੋਂ ਬਾਅਦ ਉਸ ਨੂੰ ਪਹਿਲਾਂ ਸਿਵਲ ਹਸਪਤਾਲ ਅੰਮ੍ਰਿਤਸਰ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਹਾਲਤ ਨਾਜ਼ੁਕ ਦੇਖਦੇ ਹੋਏ ਉਸ ਨੂੰ ਗੁਰੂ ਨਾਨਕ ਦੇਵ ਹਸਪਤਾਲ ਰੈਫਰ ਕਰ ਦਿੱਤਾ। ਇਲਾਜ ਤੋਂ ਬਾਅਦ ਹੁਣ ਉਸ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਪੀੜਤਾ ਨੇ ਇਹ ਵੀ ਕਿਹਾ ਕਿ ਪੁਲਿਸ ਵੱਲੋਂ ਅਜੇ ਤੱਕ ਉਸ ਦੇ ਬਿਆਨ ਕਲਮਬੰਦ ਨਹੀਂ ਕੀਤੇ ਗਏ, ਜਿਸ ਕਾਰਨ ਉਸ ਨੂੰ ਇਨਸਾਫ਼ ਨਹੀਂ ਮਿਲ ਰਿਹਾ। ਉਸ ਨੇ ਪ੍ਰਸ਼ਾਸਨ ਤੋਂ ਮਾਮਲੇ ਦੀ ਨਿਰਪੱਖ ਜਾਂਚ ਅਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਐਸ.ਐਚ.ਓ. ਅਮਨਦੀਪ ਕੌਰ ਨੇ ਪੀੜਤ ਪੱਖ ਵੱਲੋਂ ਲਗਾਏ ਗਏ ਇਸ ਦੋਸ਼ ਨੂੰ ਵੀ ਰੱਦ ਕੀਤਾ ਕਿ ਪੁਲਿਸ ਨੇ ਉਨ੍ਹਾਂ ਦੇ ਬਿਆਨ ਦਰਜ ਨਹੀਂ ਕੀਤੇ। ਉਨ੍ਹਾਂ ਕਿਹਾ ਕਿ ਪੁਲਿਸ ਅਧਿਕਾਰੀ ਕਈ ਵਾਰ ਹਸਪਤਾਲ ਗਏ ਸਨ, ਪਰ ਡਾਕਟਰਾਂ ਵੱਲੋਂ ਪੀੜਤਾ ਨੂੰ ਬਿਆਨ ਦੇਣ ਲਈ ਅਨਫਿੱਟ ਕਰਾਰ ਦਿੱਤਾ ਗਿਆ ਸੀ। ਜਿਵੇਂ ਹੀ ਪੀੜਤਾ ਬਿਆਨ ਦੇਣ ਦੇ ਯੋਗ ਹੋਵੇਗੀ, ਉਸ ਦੇ ਬਿਆਨਾਂ ਦੇ ਆਧਾਰ 'ਤੇ ਬਣਦੀਆਂ ਧਾਰਾਵਾਂ ਤਹਿਤ ਤੁਰੰਤ ਮਾਮਲਾ ਦਰਜ ਕੀਤਾ ਜਾਵੇਗਾ। ਜਿਸ ਦੌਰਾਨ ਹਰਪ੍ਰੀਤ ਸਿੰਘ ਨੇ ਦਖ਼ਲ ਦਿੰਦਿਆਂ ਸਰਬਜੀਤ ਕੌਰ ਦੇ ਸਿਰ 'ਤੇ ਸੱਟ ਮਾਰੀ ਸੀ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਨਿਰਪੱਖ ਜਾਂਚ ਕੀਤੀ ਜਾ ਰਹੀ ਹੈ ਅਤੇ ਮੈਡੀਕਲ ਰਿਪੋਰਟ ਅਤੇ ਪੀੜਤਾ ਦੇ ਬਿਆਨਾਂ ਦੇ ਆਧਾਰ 'ਤੇ ਅਗਲੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।