ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੂਹ ਦੇ ਅੰਦਰ ਸਥਿਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪਿਛਲੇ ਪਾਸੇ ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਸਿੰਘ ਵਿਖੇ ਬੇਅਦਬੀ ਦੀ ਇੱਕ ਮੰਦਭਾਗੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ, ਇੱਕ ਨੌਜਵਾਨ ਵੱਲੋਂ ਉੱਥੇ ਚੱਲ ਰਹੇ ਸ੍ਰੀ ਅਖੰਡ ਪਾਠ ਸਾਹਿਬ ਦੇ ਅੱਗੋਂ 'ਸ੍ਰੀ ਸਾਹਿਬ' ਉਠਾਉਣ ਦੀ ਕੋਸ਼ਿਸ਼ ਕੀਤੀ ਗਈ। ਹਾਲਾਂਕਿ, ਮੌਕੇ 'ਤੇ ਮੌਜੂਦ ਸੰਗਤ ਅਤੇ ਮੁਸਤੈਦ ਸੇਵਾਦਾਰਾਂ ਨੇ ਤੁਰੰਤ ਹਰਕਤ ਵਿੱਚ ਆਉਂਦਿਆਂ ਉਸ ਨੌਜਵਾਨ ਨੂੰ ਕਾਬੂ ਕਰ ਲਿਆ ਅਤੇ ਪੁਲਿਸ ਦੇ ਹਵਾਲੇ ਕਰ ਦਿੱਤਾ। ਫਿਲਹਾਲ ਪੁਲਿਸ ਵੱਲੋਂ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਮੰਦਭਾਗੀ ਘਟਨਾ 'ਤੇ ਡੂੰਘੇ ਦੁੱਖ ਅਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਸਿੱਖ ਆਗੂ ਗੁਰਪ੍ਰੀਤ ਸਿੰਘ ਮਹਿਤਾ ਨੇ ਇਸ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰਾਂ ਵਿੱਚ ਬੇਅਦਬੀ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ, ਜੋ ਕਿ ਬੇਹੱਦ ਚਿੰਤਾਜਨਕ ਹੈ। ਉਨ੍ਹਾਂ ਮੰਗ ਕੀਤੀ ਕਿ ਫੜੇ ਗਏ ਦੋਸ਼ੀ ਖ਼ਿਲਾਫ਼ ਕਾਨੂੰਨ ਮੁਤਾਬਕ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਅਜਿਹੇ ਗਲਤ ਅਨਸਰਾਂ ਨੂੰ ਨੱਥ ਪਾਈ ਜਾ ਸਕੇ। ਮਹਿਤਾ ਨੇ ਡਿਊਟੀ 'ਤੇ ਤਾਇਨਾਤ ਸੇਵਾਦਾਰਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੇਵਾਦਾਰ ਹਮੇਸ਼ਾ ਚੌਕਸ ਹੋ ਕੇ ਆਪਣੀ ਡਿਊਟੀ ਨਿਭਾਉਂਦੇ ਹਨ, ਜਿਸ ਸਦਕਾ ਇਹ ਵੱਡੀ ਘਟਨਾ ਟਲ ਗਈ। ਉਨ੍ਹਾਂ ਸਮੂਹ ਸੰਗਤ ਨੂੰ ਵੀ ਅਪੀਲ ਕੀਤੀ ਕਿ ਗੁਰੂ ਘਰਾਂ ਅੰਦਰ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਉਹ ਖੁਦ ਵੀ ਉਪਰਾਲੇ ਕਰਨ ਅਤੇ ਥਾਂ-ਥਾਂ 'ਤੇ ਪਹਿਰੇਦਾਰੀ ਮਜ਼ਬੂਤ ਕਰਨ।