ਮੋਗਾ : ਅਕਾਲੀ ਦਲ 'ਵਾਰਿਸ ਪੰਜਾਬ ਦੇ' ਵੱਲੋਂ ਵਿਧਾਨ ਸਭਾ ਹਲਕਾ ਮੋਗਾ ਵਿੱਚ ਆਮ ਲੋਕਾਂ ਨੂੰ ਨਸ਼ਿਆਂ ਦੇ ਖਿਲਾਫ਼ ਪ੍ਰੇਰਿਤ ਕਰਨ ਲਈ ਜੰਗੀ ਪੱਧਰ 'ਤੇ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਪਾਰਟੀ ਵੱਲੋਂ ਪੰਜਾਬ ਦੇ ਸੁਨਹਿਰੇ ਭਵਿੱਖ ਅਧੀਨ ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ, ਬੇਰੁਜ਼ਗਾਰਾਂ, ਵਪਾਰੀਆਂ ਤੇ ਔਰਤਾਂ ਲਈ ਤਿਆਰ ਕੀਤੇ ਗਏ ਪ੍ਰੋਗਰਾਮ ਬਾਬਤ ਲੋਕਾਂ ਨੂੰ ਜਾਣੂ ਕਰਵਾਉਣ ਲਈ ਮੀਟਿੰਗਾਂ ਦਾ ਸ਼ੁਰੂ ਕੀਤਾ ਗਿਆ ਹੈ। ਇਸ ਤੋਂ ਬਾਅਦ ਪਿੰਡ ਵਿੱਚ ਜੁੜੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਭਾਈ ਰਛਪਾਲ ਸਿੰਘ ਸੋਸਣ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਮਿਲਣ ਤੋਂ ਬਾਅਦ ਪਹਿਲ ਦੇ ਆਧਾਰ :ਤੇ ਨਸ਼ਿਆਂ ਦਾ ਖਾਤਮਾ ਕੀਤਾ ਜਾਵੇਗਾ। ਉਨਾਂ ਨੇ ਦੋਸ਼ ਲਾਇਆ ਕਿ ਦੇਸ਼ ਦੀ ਆਜ਼ਾਦੀ ਤੋਂ ਬਾਅਦ ਪੰਜਾਬ ਵਿੱਚ ਰਾਜ ਕਰਨ ਵਾਲੀਆਂ ਸਰਕਾਰਾਂ ਨੇ ਕਦੇ ਵੀ ਪੰਜਾਬੀਆਂ ਦੀ ਬਿਹਤਰੀ ਲਈ ਕੋਈ ਕਦਮ ਨਹੀਂ ਚੁੱਕਿਆ ਸਗੋਂ ਜ਼ਿਆਦਾਤਰ ਭ੍ਰਿਸ਼ਟ ਆਗੂਆਂ ਨੇ ਭ੍ਰਿਸ਼ਟਾਚਾਰ ਰਾਹੀਂ ਸਿਰਫ਼ ਆਪਣੀਆਂ ਤਜੌਰੀਆਂ ਹੀ ਭਰੀਆਂ ਹਨ। ਭਾਈ ਰਛਪਾਲ ਸਿੰਘ ਸੋਸਣ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਅਕਾਲੀ ਦਲ 'ਵਾਰਿਸ ਪੰਜਾਬ ਦੇ' ਦਾ ਝੰਡਾ ਚੁੱਕ ਕੇ ਭਾਈ ਅਮ੍ਰਿਤਪਾਲ ਸਿੰਘ ਦਾ ਡਟਵਾਂ ਸਾਥ ਦੇਣ ਅਤੇ ਵਿਧਾਨ ਸਭਾ ਚੋਣਾਂ ਤੱਕ ਪਾਰਟੀ ਦੇ ਪ੍ਰਚਾਰ ਲਈ ਦਿਨ-ਰਾਤ ਇੱਕ ਕਰ ਦੇਣ ਤਾਂ ਜੋ ਪੰਜਾਬ ਦੇ ਹਰ ਵਰਗ ਦੀ ਖੁਸ਼ਹਾਲੀ ਦਾ ਰਾਹ ਪੱਧਰਾ ਹੋ ਸਕੇ।