ਅੰਮ੍ਰਿਤਸਰ : ਵਿਸ਼ਵ ਬਾਲ ਮਜ਼ਦੂਰੀ ਵਿਰੋਧੀ ਦਿਵਸ ਦੇ ਮੌਕੇ 'ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਵੱਲੋਂ ਕੰਪਨੀ ਬਾਗ ਅਤੇ ਗੋਲ ਬਾਗ ਵਿਖੇ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਹ ਪ੍ਰੋਗਰਾਮ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਅਤੇ ਮਾਨਯੋਗ ਸੀ.ਜੇ.ਐਮ.-ਕਮ-ਸਕੱਤਰ ਸਰਦਾਰ ਅਮਰਦੀਪ ਸਿੰਘ ਬੈਂਸ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਰਵਾਇਆ ਗਿਆ। ਇਸ ਮੌਕੇ ਵਕੀਲ ਅਨੀਤਾ ਰਾਣੀ ਅਤੇ ਪੈਰਾਲੀਗਲ ਵਲੰਟੀਅਰ ਕੁਲਦੀਪ ਕੌਰ ਵੱਲੋਂ ਆਮ ਲੋਕਾਂ ਨੂੰ ਬਾਲ ਮਜ਼ਦੂਰੀ ਦੇ ਮਾੜੇ ਪ੍ਰਭਾਵਾਂ ਅਤੇ ਇਸ ਨੂੰ ਰੋਕਣ ਲਈ ਬਣਾਏ ਗਏ ਕਾਨੂੰਨਾਂ ਬਾਰੇ ਜਾਣੂ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਬਚਪਨ ਹਰ ਬੱਚੇ ਦਾ ਅਧਿਕਾਰ ਹੈ ਅਤੇ ਇਹ ਸਮਾਂ ਖੇਡਣ, ਪੜ੍ਹਨ, ਸਿੱਖਣ ਅਤੇ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਹੁੰਦਾ ਹੈ। ਬੱਚਿਆਂ ਨੂੰ ਮਜ਼ਦੂਰੀ ਵਿੱਚ ਧੱਕਣਾ ਉਨ੍ਹਾਂ ਦੇ ਭਵਿੱਖ ਨਾਲ ਖਿਲਵਾੜ ਕਰਨ ਦੇ ਬਰਾਬਰ ਹੈ। ਇਸ ਲਈ ਸਮਾਜ ਦੇ ਹਰ ਵਰਗ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਬਾਲ ਮਜ਼ਦੂਰੀ ਨੂੰ ਰੋਕਣ ਲਈ ਆਪਣਾ ਯੋਗਦਾਨ ਪਾਵੇ। ਪ੍ਰੋਗਰਾਮ ਦੌਰਾਨ ਲੋਕਾਂ ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਦਿੱਤੀਆਂ ਜਾਣ ਵਾਲੀਆਂ ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਅਥਾਰਟੀ ਦੇ ਟੋਲ-ਫ੍ਰੀ ਨੰਬਰ 15100 ਬਾਰੇ ਦੱਸਦਿਆਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਕਿਸੇ ਵੀ ਕਾਨੂੰਨੀ ਸਹਾਇਤਾ ਜਾਂ ਸਲਾਹ ਲਈ ਇਸ ਨੰਬਰ 'ਤੇ ਸੰਪਰਕ ਕੀਤਾ ਜਾ ਸਕਦਾ ਹੈ। ਜਾਗਰੂਕਤਾ ਮੁਹਿੰਮ ਦੌਰਾਨ ਵੱਡੀ ਗਿਣਤੀ ਵਿੱਚ ਲੋਕਾਂ ਨੇ ਹਿੱਸਾ ਲਿਆ ਅਤੇ ਬਾਲ ਮਜ਼ਦੂਰੀ ਦੇ ਖਾਤਮੇ ਲਈ ਸਹਿਯੋਗ ਦੇਣ ਦਾ ਭਰੋਸਾ ਦਿੱਤਾ।